ਅੰਮ੍ਰਿਤਸਰ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਭੋਰਾ ਸਾਹਿਬ ਦੀ ਕਾਰ ਸੇਵਾ ਮੁਕੰਮਲ ਹੋਣ ’ਤੇ ਆਰੰਭੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਰਾ ਸਾਹਿਬ ਦੀ ਕਾਰ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਕਾਰ ਸੇਵਾ ਸੰਪਰਦਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਨੂੰ ਦਿੱਤੀ ਗਈ ਸੀ। ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਹਜ਼ੂਰੀ ਰਾਗੀ ਭਾਈ ਕਰਮਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਇਸ ਇਤਿਹਾਸਕ ਪੁਰਬ ਮੌਕੇ ਗੁਰੂ ਸਾਹਿਬ ਵੱਲੋਂ ਦਿੱਤੇ ਉਪਦੇਸ਼ਾਂ ’ਤੇ ਚੱਲਣ ਲਈ ਪ੍ਰੇਰਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਸਾਡੇ ਸਮਿਆਂ ਅੰਦਰ ਆਉਣਾ ਸਾਡੀ ਖੁਸ਼ਕਿਸਮਤੀ ਹੈ। ਸਿੰਘ ਸਾਹਿਬ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਵਿਖੇ ਭੋਰਾ ਸਾਹਿਬ ਦੀ ਸੇਵਾ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਮਹਾਂਪੁਰਖਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਕਾਰਸੇਵਾ ਵਾਲੇ ਬਾਬਾ ਸਤਨਾਮ ਸਿੰਘ, ਬਾਬਾ ਸੁੱਚਾ ਸਿੰਘ, ਬਾਬਾ ਵਾਹਿਗੁਰੂ ਸਿੰਘ ਅਤੇ ਸੇਵਾ ਵਿਚ ਹਿੱਸਾ ਪਾਉਣ ਵਾਲੇ ਸ. ਸਤਵਿੰਦਰ ਸਿੰਘ ਬਬਲੂ ਸਮੇਤ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਐਡੀ. ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਨਿਰਵੈਰ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਬਘੇਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਜਸਪਾਲ ਸਿੰਘ ਢੱਡੇ, ਬੀਬੀ ਸਵਿੰਦਰ ਕੌਰ ਵੇਰਕਾ, ਸ. ਜਰਨੈਲ ਸਿੰਘ, ਭਾਈ ਗੁਰਸੇਵਕ ਸਿੰਘ ਤੇ ਭਾਈ ਸ਼ਰਨਜੀਤ ਸਿੰਘ ਗ੍ਰੰਥੀ ਸਿੰਘ ਆਦਿ ਹਾਜ਼ਰ ਸਨ।