ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਹਿਜ ਪਾਠਾਂ ਦੇ ਭੋਗ ਸਬੰਧੀ ਸਮਾਗਮ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਰਵਾਇਤਾਂ ਅਨੁਸਾਰ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧ ਵਿਚ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਸ ਮਗਰੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਹੋਈ। ਪਹਿਲੇ ਦਿਨ ਦੇ ਸਮਾਗਮਾਂ ਤਹਿਤ ਸੰਗਤਾਂ ਵੱਲੋਂ ਕੀਤੇ ਗਏ 20 ਹਜ਼ਾਰ ਸਹਿਜ ਪਾਠਾਂ ਦੇ ਭੋਗ ਪਾਏ ਗਏ। ਕੋਰੋਨਾ ਦੇ ਚੱਲਦਿਆਂ ਸਮਾਗਮ ਸੰਕੇਤਕ ਰੂਪ ਵਿਚ ਹੀ ਸਜਾਏ ਗਏ। ਕੁਝ ਸੰਗਤਾਂ ਨੇ ਸਹਿਜਪਾਠਾਂ ਦੇ ਭੋਗ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਮੂਲੀਅਤ ਕੀਤੀ, ਜਦਕਿ ਬਾਕੀ ਸੰਗਤਾਂ ਵੱਖ-ਵੱਖ ਚੈਨਲਾਂ ਦੇ ਮਾਧਿਅਮ ਰਾਹੀਂ ਸਹਿਜ ਪਾਠਾਂ ਦੇ ਭੋਗ ਨਾਲ ਜੁੜੀਆਂ। ਸਹਿਜ ਪਾਠ ਕਰਨ ਵਾਲੀਆਂ ਇਹ 20 ਹਜ਼ਾਰ ਦੇ ਕਰੀਬ ਸੰਗਤਾਂ ਵੱਖ-ਵੱਖ ਦੇਸ਼ਾਂ ਨਾਲ ਸਬੰਧਤ ਹਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਸਹਿਜ ਪਾਠ ਸੇਵਾ ਲਹਿਰ ਸੰਸਥਾ ਦੇ ਸਹਿਯੋਗ ਨਾਲ ਪ੍ਰੇਰਿਤ ਕੀਤਾ ਗਿਆ ਸੀ। ਸਹਿਜ ਪਾਠਾਂ ਦੇ ਭੋਗ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ਸ਼ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ’ਤੇ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨਾਲ ਜੁੜਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸ਼ਤਾਬਦੀ ਦਿਹਾੜੇ ਆਪਣੇ ਇਤਿਹਾਸ ਨਾਲ ਜੁੜਨ ਅਤੇ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਅਪਨਾਉਣ ਲਈ ਸੁਨਹਿਰਾ ਮੌਕਾ ਹੁੰਦੇ ਹਨ। ਇਸ ਲਈ ਸਾਡਾ ਸਭ ਦਾ ਫ਼ਰਜ਼ ਹੈ ਕਿ ਗੁਰਮਤਿ ਵਿਚਾਰਧਾਰਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਈਏ। ਬੀਬੀ ਜਗੀਰ ਕੌਰ ਨੇ ਕਿਹਾ ਕਿ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਵੱਡੀ ਗਿਣਤੀ ਸੰਗਤਾਂ ਨੇ ਸਹਿਜ ਪਾਠ ਕਰਕੇ ਨੌਵੇਂ ਪਾਤਸ਼ਾਹ ਜੀ ਨੂੰ ਸ਼ਰਧਾ ਅਰਪਿਤ ਕੀਤੀ ਹੈ ਅਤੇ ਇਹ ਲਹਿਰ ਘਰ-ਘਰ ਤੱਕ ਪਹੁੰਚਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਸਹਿਜ ਪਾਠ ਦੀ ਪ੍ਰੰਪਰਾ ਸਿੱਖ ਧਰਮ ਅੰਦਰ ਪੁਰਾਣੀ ਅਤੇ ਇਸ ਨਾਲ ਗੁਰਬਾਣੀ ਨੂੰ ਵਿਚਾਰਦਿਆਂ ਡੂੰਘੇ ਤੇ ਜੀਵਨ ਨੂੰ ਸੁਖਾਵਾਂ ਬਣਾਉਣ ਵਾਲੇ ਅਰਥਾਂ ਦੀ ਸਮਝ ਪੈਂਦੀ ਹੈ। ਉਨ੍ਹਾਂ ਸਹਿਜ ਪਾਠ ਲਹਿਰ ਲਈ ਸਹਿਯੋਗ ਕਰਨ ਵਾਲੀ ਸੁਸਾਇਟੀ ਦੇ ਮੈਂਬਰਾਂ ਦਾ ਧੰਨਵਾਦ ਵੀ ਕੀਤਾ। ਇਸ ਤੋਂ ਪਹਿਲਾਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਪੰਜ ਨਗਾਰਿਆਂ ਦੀ ਚੋਟ ਨਾਲ ਹੋਈ। ਇਸ ਮੌਕੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ, ਜਦਕਿ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਰਤਨ ਸਿੰਘ ਜੱਫਰਵਾਲ, ਸ. ਗੁਰਮੀਤ ਸਿੰਘ ਬੂਹ, ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਬਾਬਾ ਸਤਨਾਮ ਸਿੰਘ, ਬਾਬਾ ਸੁੱਚਾ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸੁਖਬੀਰ ਸਿੰਘ, ਸ. ਗੁਰਦਿਆਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਆਨਰੇਰੀ ਸਕੱਤਰ, ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ, ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਜਗਦੇਵ ਸਿੰਘ ਆਦਿ ਹਾਜ਼ਰ ਸਨ।