ਨਵੀਂ ਦਿੱਲੀ, 15 ਮਈ-ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਅਦਾਲਤਾਂ ਲਈ ਦੇਸ਼ ਭਰ ਵਿਚ ਪਰਵਾਸੀ ਮਜ਼ਦੂਰਾਂ ਦੀ ਹਿਜਰਤ ਨੂੰ ਰੋਕਣਾ ਜਾਂ ਉਨ੍ਹਾਂ ’ਤੇ ਨਿਗਰਾਨੀ ਰੱਖਣਾ ਸੰਭਵ ਨਹੀਂ ਹੈ। ਇਸ ਲਈ ਸਰਕਾਰ ਨੂੰ ਇਸ ਸਬੰਧ ਵਿਚ ਲੋੜੀਂਦੀ ਕਾਰਵਾਈ ਕਰਨੀ ਚਾਹੀਦਾ ਹੈ। ਕੇਂਦਰ ਨੇ ਸਿਖਰਲੀ ਅਦਾਲਤ ਨੂੰ ਦੱਸਿਆ ਕਿ ਦੇਸ਼ ਭਰ ਵਿੱਚ ਪਰਵਾਸੀ ਮਜ਼ਦੂਰਾਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਜ਼ਿਲਾਂ ’ਤੇ ਪੁੱਜਦਾ ਕੀਤਾ ਜਾ ਰਿਹਾ ਹੈ। ਇਸ ਲਈ ਉਨ੍ਹਾਂ ਨੂੰ ਸੜਕਾਂ ਜਾਂ ਰੇਲਵੇ ਲਾਈਨਾਂ ’ਤੇ ਪੈਦਲ ਚੱਲਣ ਦੀ ਬਜਾਏ ਇਨ੍ਹਾਂ ਸਾਧਨਾਂ ਰਾਹੀਂ ਜਾਣ ਲਈ ਆਪਣੀ ਵਾਰੀ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਜਸਟਿਸ ਐੱਲ. ਨਾਗੇਸ਼ਵਰਾ ਰਾਓ ਦੀ ਅਗਵਾਈ ਵਾਲੇ ਬੈਂਚ ਨੇ ਉਸ ਅਰਜ਼ੀ ਨੂੰ ਰੱਦ ਕਰ ਦਿੱਤਾ, ਜਿਸ ਵਿੱਚ ਕੇਂਦਰ ਨੂੰ ਇਹ ਨਿਰਦੇਸ਼ ਜਾਰੀ ਕਰਨ ਦੀ ਮੰਗ ਕਰਨ ਲਈ ਕਿਹਾ ਗਿਆ ਸੀ ਕਿ ਉਹ ਸਾਰੇ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਹਿਜਰਤੀ ਪਰਵਾਸੀ ਮਜ਼ਦੂਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਠਹਿਰਣ ਤੇ ਖਾਣਾ ਮੁਹੱਈਆ ਕਰਾਉਣ ਲਈ ਆਖੇ। ਬੈਂਚ, ਜਿਸ ਵਿਚ ਜਸਟਿਸ ਐੱਸਕੇ ਕੌਲ ਅਤੇ ਬੀਆਰ ਗਾਵਈ ਸ਼ਾਮਲ ਸਨ, ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਪੁੱਛਿਆ ਕਿ ਕੀ ਇਨ੍ਹਾਂ ਪਰਵਾਸੀ ਮਜ਼ਦੂਰਾਂ ਨੂੰ ਸੜਕਾਂ ‘ਤੇ ਚੱਲਣ ਤੋਂ ਰੋਕਣ ਦਾ ਕੋਈ ਤਰੀਕਾ ਹੈ? ਤਾਂ ਸ੍ਰੀ ਮਹਿਤਾ ਨੇ ਕਿਹਾ ਰਾਜ ਪਰਵਾਸੀ ਮਜ਼ਦੂਰਾਂ ਨੂੰ ਪੈਦਲ ਜਾਣ ਦੀ ਥਾਂ ਰੇਲਵੇ ਜਾਂ ਬੱਸਾਂ ਲਈ ਆਪਣੀ ਵਾਰੀ ਦੀ ਉਡੀਕ ਕਰਨੀ ਚਾਹੀਦੀ ਹੈ।