ਜੰਮੂ – ਸਾਬਕਾ ਕੇਂਦਰੀ ਮੰਤਰੀ ਅਤੇ ਜੰਮੂ ਕਸ਼ਮੀਰ ਦੇ ਰਾਜਪਾਲ ਰਹੇ ਜਗਨਮੋਹਨ (93) ਦਾ ਦਿਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਦਿੱਗਜ ਲੋਕਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ਜਗਨਮੋਹਨ ਦਾ ਦਿਹਾਂਤ ਸਾਡੇ ਰਾਸ਼ਟਰ ਲਈ ਇਕ ਬਹੁਤ ਵੱਡਾ ਨੁਕਸਾਨ ਹੈ। ਉਹ ਇਕ ਕੁਸ਼ਲ ਪ੍ਰਸ਼ਾਸਕ ਅਤੇ ਪ੍ਰਮੁੱਖ ਵਿਦਵਾਨ ਸਨ। ਉਨ੍ਹਾਂ ਨੇ ਦੇਸ਼ ਦੀ ਬਿਹਤਰੀ ਲਈ ਹਮੇਸ਼ਾ ਕੰਮ ਕੀਤਾ। ਬਤੌਰ ਮੰਤਰੀ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਕਈ ਨੀਤੀਆਂ ਬਣਾਈਆਂ। ਪਰਿਵਾਰ ਦੇ ਮੈਂਬਰਾਂ ਅਤੇ ਪ੍ਰਸ਼ੰਸਕਾਂ ਨਾਲ ਉਨ੍ਹਾਂ ਦੀ ਹਮਦਰਦੀ ਹੈ।ਉਨ੍ਹਾਂ ਨੇ ਬਤੌਰ ਨੌਕਰਸ਼ਾਹ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਉਨ੍ਹਾਂ ਨੂੰ ਸਖ਼ਤ ਅਤੇ ਕੁਸ਼ਲ ਪ੍ਰਸ਼ਾਸਕ ਦੇ ਰੂਪ ਵਿੱਚ ਦੇਖਿਆ ਜਾਂਦਾ ਸੀ। ਉਨ੍ਹਾਂ ਨੇ ਦਿੱਲੀ ਦੇ ਉੱਪ ਰਾਜਪਾਲ ਦੇ ਰੂਪ ਵਿੱਚ ਵੀ ਕੰਮ ਕੀਤਾ। ਸਾਲ 1984 ਵਿੱਚ ਉਨ੍ਹਾਂ ਨੂੰ ਜੰਮੂ ਕਸ਼ਮੀਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਉਨ੍ਹਾਂ ਦੇ ਦਿਹਾਂਤ ਤੇ ਸੋਗ ਜਤਾਇਆ ਅਤੇ ਕਿਹਾ ਕਿ ਜੰਮੂ ਕਸ਼ਮੀਰ ਦੇ ਰਾਜਪਾਲ ਦੇ ਰੂਪ ਵਿੱਚ ਉਨ੍ਹਾਂ ਦੇ ਕਾਰਜਕਾਲ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।