ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਚੇਅਰਮੈਨ ਪ੍ਰਿੰਸੀਪਲ ਹਰਭਜਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪ੍ਰਿੰਸੀਪਲ ਹਰਭਜਨ ਸਿੰਘ ਨੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਆਪਣੀ ਜ਼ਿੰਦਗੀ ਦਾ ਹਰ ਪਲ ਪ੍ਰਚਾਰ ਦੇ ਲੇਖੇ ਲਗਾਉਂਦਿਆਂ ਸਿੱਖ ਇਤਿਹਾਸ ਤੇ ਗੁਰਬਾਣੀ ਦੇ ਸਿਧਾਂਤਾਂ ਨੂੰ ਸੰਗਤਾਂ ਤੱਕ ਪਹੁੰਚਾਉਣ ਦਾ ਕਾਰਜ ਕੀਤਾ ਅਤੇ ਬਹੁਤ ਸਾਰੇ ਨੌਜੁਆਨਾਂ ਨੂੰ ਸਿੱਖੀ ਦੀ ਖੁਸ਼ਬੂ ਦੇ ਕੇ ਪੰਥ ਪ੍ਰਸਤੀ ਦਾ ਪਾਠ ਪੜ੍ਹਾਇਆ। ਉਨ੍ਹਾਂ ਦੁਆਰਾ ਸਿੱਖ ਮਿਸ਼ਨਰੀ ਕਾਲਜ ਸ਼ੁਰੂ ਕਰ ਕੇ ਲੱਖਾਂ ਬੱਚਿਆਂ ਨੂੰ ਗੁਰਮਤਿ ਨਾਲ ਜੋੜਿਆ ਗਿਆ। ਸਰਲ ਢੰਗ ਨਾਲ ਸਿੱਖੀ ਬਾਰੇ ਜਾਣਕਾਰੀ ਦੇਣ ਦਾ ਉੱਦਮ ਕਰਕੇ ਪ੍ਰਿੰਸੀਪਲ ਹਰਭਜਨ ਸਿੰਘ ਨੇ ਸਿੱਖੀ ਪ੍ਰਚਾਰ ਲਈ ਵੱਡਾ ਵਰਗ ਤਿਆਰ ਕੀਤਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪ੍ਰਿੰਸੀਪਲ ਹਰਭਜਨ ਸਿੰਘ ਦਾ ਅਕਾਲ ਚਲਾਣਾ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਬੀਬੀ ਜਗੀਰ ਕੌਰ ਨੇ ਪ੍ਰਿੰਸੀਪਲ ਹਰਭਜਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।