ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ-ਬੀਬੀ ਜਗੀਰ ਕੌਰ
ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਮਿਤ ਅੰਤਮ ਅਰਦਾਸ ਸਮਾਗਮ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਜਥੇਦਾਰ ਵੇਦਾਂਤੀ ਨੂੰ ਸ਼ਰਧਾਂਜਲੀ ਭੇਟ ਕੀਤੀ। ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਅਰਦਾਸ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥਕ ਸਨਮਾਨ ਦੇਣ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰ ਕਰਨ ਦਾ ਪ੍ਰਗਟਾਵਾ ਕੀਤਾ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਥੇਦਾਰ ਵੇਦਾਂਤੀ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਲਗਾਉਣ ਦਾ ਐਲਾਨ ਕੀਤਾ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੀ ਸ਼ਖ਼ਸੀਅਤ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਸਿੱਖ ਸਿਧਾਂਤਾਂ ਨੂੰ ਪ੍ਰਨਾਏ ਹੋਏ ਸਿੱਖ ਰਹਿਤ ਮਰਯਾਦਾ ਦੇ ਪਹਿਰੇਦਾਰ ਸਨ। ਉਨ੍ਹਾਂ ਨੂੰ ਹੱਥ ਲਿਖਤ ਬੀੜਾਂ ਪ੍ਰਤੀ ਡੂੰਘੀ ਸਮਝ ਸੀ ਅਤੇ ਉਨ੍ਹਾਂ ਵੱਲੋਂ ਗੁਰਬਾਣੀ ਵਿਆਕਰਣ ਪ੍ਰਤੀ ਪਾਇਆ ਯੋਗਦਾਨ ਵੀ ਸਦਾ ਯਾਦ ਰੱਖਿਆ ਜਾਵੇਗਾ।ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਜਥੇਦਾਰ ਵੇਦਾਂਤੀ ਦੇ ਚਲਾਣੇ ਨਾਲ ਸਿੱਖ ਪੰਥ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਵੇਦਾਂਤੀ ਨੇ ਹਮੇਸ਼ਾ ਹੀ ਪੰਥਕ ਰਵਾਇਤਾਂ ਅਤੇ ਗੁਰਮਤਿ ਸਿਧਾਂਤਾਂ ਅਨੁਸਾਰ ਜੀਵਨ ਜੀਵਿਆ ਅਤੇ ਉਨ੍ਹਾਂ ਵੱਲੋਂ ਬਤੌਰ ਜਥੇਦਾਰ ਲਏ ਗਏ ਕਈ ਵੱਡੇ ਫੈਸਲੇ ਹਮੇਸ਼ਾਂ ਕੌਮ ਦੀ ਅਗਵਾਈ ਕਰਦੇ ਰਹਿਣਗੇ। ਜਥੇਦਾਰ ਵੇਦਾਂਤੀ ਦੇ ਚਲਾਣੇ ਨਾਲ ਇਕ ਗੁਣਵਾਨ ਸਿੱਖ ਵਿਦਵਾਨ ਤੋਂ ਕੌਮ ਵਾਂਝੀ ਹੋ ਗਈ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜਥੇਦਾਰ ਵੇਦਾਂਤੀ ਦੇ ਸਤਿਕਾਰ ਵੱਜੋਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਣਾ ਮਿਲਦੀ ਰਹੇ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ, ਨਿਹੰਗ ਜਥੇਬੰਦੀਆਂ ਵੱਲੋਂ ਬਾਬਾ ਅਵਤਾਰ ਸਿੰਘ ਸੁਰਸਿੰਘ, ਨਿਰਮਲੇ ਸੰਪ੍ਰਦਾ ਵੱਲੋਂ ਬਾਬਾ ਤੇਜਾ ਸਿੰਘ ਐਮ.ਏ., ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ, ਦਮਦਮੀ ਟਕਸਾਲ ਜਥਾ ਭਿੰਡਰਾਂ ਸੰਗਰਾਵਾਂ ਦੇ ਮੁੱਖੀ ਗਿਆਨੀ ਰਾਮ ਸਿੰਘ ਨੇ ਵੀ ਜਥੇਦਾਰ ਵੇਦਾਂਤੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਪਰਿਵਾਰ ਵੱਲੋਂ ਸ. ਅਮਰੀਕ ਸਿੰਘ ਨੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਸਟੇਜ ਦੀ ਸੇਵਾ ਡਾ. ਅਮਰੀਕ ਸਿੰਘ ਲਤੀਫਪੁਰ ਅਤੇ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਨਿਭਾਈ।ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਥੇਦਾਰ ਵੇਦਾਂਤੀ ਦੀ ਧਰਮਪਤਨੀ ਬੀਬੀ ਹਰਭਜਨ ਕੌਰ ਨੂੰ 10 ਲੱਖ ਰੁਪਏ ਦਾ ਚੈੱਕ ਸਤਿਕਾਰ ਵਜੋਂ ਭੇਟ ਕੀਤਾ, ਜਿਸ ਨੂੰ ਪ੍ਰਵਾਨ ਕਰਨ ਮਗਰੋਂ ਜਥੇਦਾਰ ਵੇਦਾਂਤੀ ਦੇ ਪਰਿਵਾਰਕ ਮੈਂਬਰਾਂ ਨੇ ਇਹ ਰਾਸ਼ੀ ਕੋਵਿਡ-19 ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਭੇਟ ਕਰਨ ਦਾ ਐਲਾਨ ਕੀਤਾ। ਸ਼ਰਧਾਂਜਲੀ ਸਮਾਗਮ ਦੌਰਾਨ ਜਥੇਦਾਰ ਵੇਦਾਂਤੀ ਦੀ ਧਰਮਪਤਨੀ ਬੀਬੀ ਹਰਭਜਨ ਕੌਰ, ਬੇਟੀ ਬੀਬੀ ਅਮਨਦੀਪ ਕੌਰ, ਜਵਾਈ ਸ. ਜਰਨੈਲ ਸਿੰਘ ਅਤੇ ਪਰਿਵਾਰਕ ਮੈਂਬਰ ਭਾਈ ਜਗਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵੱਖ-ਵੱਖ ਤਖ਼ਤਾਂ ਅਤੇ ਸਿੱਖ ਜਥੇਬੰਦੀਆਂ ਤੇ ਸੰਪ੍ਰਦਾਵਾਂ ਵੱਲੋਂ ਸਿਰੋਪਾਓ ਅਤੇ ਦਸਤਾਰਾਂ ਭੇਟ ਕੀਤੀਆਂ ਗਈਆਂ। ਜਥੇਦਾਰ ਵੇਦਾਂਤੀ ਦੀ ਅੰਤਮ ਅਰਦਾਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ, ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ, ਬਾਬਾ ਬਲਬੀਰ ਸਿੰਘ ਸੀਚੇਵਾਲ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਬਾਬਾ ਜੀਤ ਸਿੰਘ ਜੌਲਾਂ, ਸ੍ਰੀ ਸੁਨੀਲ ਜਾਖੜ, ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ਼ੋਕ ਸੰਦੇਸ਼ ਭੇਜੇ ਗਏ।ਸ਼ਰਧਾਂਜਲੀ ਸਮਾਗਮ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ. ਭੁਪਿੰਦਰ ਸਿੰਘ ਭਲਵਾਨ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸ. ਸਤਪਾਲ ਸਿੰਘ ਤਲਵੰਡੀ ਭਾਈ, ਬਾਬਾ ਭਗਤ ਸਿੰਘ ਬੁੱਢਾ ਦਲ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਇਕਬਾਲ ਸਿੰਘ ਸਾਬਕਾ ਜਥੇਦਾਰ, ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਬਾਬਾ ਸੁੱਚਾ ਸਿੰਘ ਸਰਹਾਲੀ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਭਾਈ ਗੁਰਇਕਬਾਲ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਮਹੰਤ ਪਰਮਜੀਤ ਸਿੰਘ, ਪ੍ਰੋ. ਨਿਰਮਲ ਸਿੰਘ ਗੁਰੂ ਕੀ ਵਡਾਲੀ, ਡਾ. ਅਮਰਜੀਤ ਸਿੰਘ, ਸ. ਤਲਬੀਰ ਸਿੰਘ ਗਿੱਲ, ਸ. ਸੁਖਵਿੰਦਰ ਸਿੰਘ ਭੂਰੀ ਵਾਲੇ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ. ਅਮਰਬੀਰ ਸਿੰਘ ਢੋਟ, ਸ. ਅਮਰਜੀਤ ਸਿੰਘ ਟਿੱਕਾ, ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਬਾਠ, ਬਾਬਾ ਦਿਲਬਾਗ ਸਿੰਘ ਅਨੰਦਪੁਰ ਸਾਹਿਬ, ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਭਾਈ ਹਰਪਾਲ ਸਿੰਘ ਸ੍ਰੀ ਫ਼ਤਹਿਗੜ੍ਹ ਸਾਹਿਬ, ਪ੍ਰੋ. ਬਲਜਿੰਦਰ ਸਿੰਘ, ਬਾਬਾ ਦਰਸ਼ਨ ਸਿੰਘ ਗੁਰਦੁਆਰਾ ਟਾਹਲਾ ਸਾਹਿਬ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸਿਮਰਜੀਤ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ, ਚੀਫ ਖਾਲਸਾ ਦੀਵਾਨ ਵੱਲੋਂ ਭਾਈ ਸੁਖਵਿੰਦਰ ਸਿੰਘ ਪ੍ਰਿੰਸ, ਸ. ਜਗਜੀਤ ਸਿੰਘ ਜੱਗੀ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਰਘਬੀਰ ਸਿੰਘ ਰਾਜਾਸਾਂਸੀ, ਸੇਵਾਪੰਥੀ ਭਾਈ ਕਰਮਜੀਤ ਸਿੰਘ, ਡੀਸੀਪੀ ਸ. ਪ੍ਰਮਿੰਦਰਪਾਲ ਸਿੰਘ, ਬਾਬਾ ਦਵਿੰਦਰ ਸਿੰਘ ਹੁਸ਼ਿਆਰਪੁਰ, ਸ. ਪ੍ਰਿਥੀਪਾਲ ਸਿੰਘ, ਪ੍ਰਿੰਸੀਪਲ ਸੂਬਾ ਸਿੰਘ, ਪ੍ਰਿੰ. ਬਲਦੇਵ ਸਿੰਘ, ਪ੍ਰਿੰ: ਮਨਜੀਤ ਕੌਰ ਆਦਿ ਮੌਜੂਦ ਸਨ।