ਲਾਭਪਾਤਰੀਆਂ ਨੂੰ 27,314 ਆਂਗਣਵਾੜੀ ਕੇਂਦਰਾਂ ਦੇ ਸੂਬਾ ਪੱਧਰੀ ਨੈਟਵਰਕ ਰਾਹੀਂ ਕੀਤਾ ਜਾਵੇਗਾ ਕਵਰ
ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ, ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ‘ਵਿਸ਼ਵ ਮਾਸਿਕ ਧਰਮ ਸਵੱਛਤਾ ਦਿਵਸ’ ਮੌਕੇ ਸੂਬੇ ਵਿੱਚ ਮਹਿਲਾ-ਸ਼ਕਤੀਕਰਣ ਲਈ ‘‘ਉਡਾਣ ਯੋਜਨਾ” ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੀਆਂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਅਤੇ ਲੜਕੀਆਂ ਨੂੰ ਹਰ ਮਹੀਨੇ ਮੁਫ਼ਤ ਸੈਨੇਟਰੀ ਪੈਡ ਵੰਡੇ ਜਾਣਗੇ।ਸੂਬੇ ਭਰ ਵਿੱਚ 1500 ਥਾਵਾਂ ਤੇ ਲਾਈਵ ਪ੍ਰਸਾਰਿਤ ਕੀਤੀ ਗਈ ਵੀਡੀਓ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾਵਾਂ/ ਲੜਕੀਆਂ ਨੂੰ ਮਾਸਿਕ ਧਰਮ ਸਬੰਧੀ ਬਿਮਾਰੀਆਂ ਤੋਂ ਬਚਾਉਣਾ, ਮਾਸਿਕ ਧਰਮ ਦੌਰਾਨ ਸਫ਼ਾਈ ਪ੍ਰਤੀ ਜਾਗਰੂਕ ਕਰਨਾ, ਮੁੱਢਲੇ ਸਫ਼ਾਈ ਉਤਪਾਦਾਂ ਤੱਕ ਪਹੁੰਚ ਵਧਾਉਣਾ, ਮਹਿਲਾਵਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਹੈ, ਔਰਤਾਂ ਦੇ ਸਵੈ-ਮਾਣ ਨੂੰ ਵਧਾਉਣਾ ਅਤੇ ਸੈਨੇਟਰੀ ਪੈਡਾਂ ਦਾ ਸੁਰੱਖਿਅਤ ਨਿਬੇੜਾ ਯਕੀਨੀ ਬਣਾਉਣਾ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਨਵੀਂ ਯੋਜਨਾ ਤਹਿਤ ਸਕੂਲ ਛੱਡ ਚੁੱਕੀਆਂ ਲੜਕੀਆਂ/ਸਕੂਲ ਤੋਂ ਬਾਹਰ ਦੀਆਂ ਲੜਕੀਆਂ, ਕਾਲਜ ਨਾ ਜਾਣ ਵਾਲੀਆਂ ਲੜਕੀਆਂ, ਬੀਪੀਐਲ ਪਰਿਵਾਰਾਂ ਦੀਆਂ ਮਹਿਲਾਵਾਂ, ਝੁੱਗੀ-ਝੌਂਪੜੀ ਵਿੱਚ ਰਹਿਣ ਵਾਲੀਆਂ ਅਤੇ ਬੇਘਰ ਮਹਿਲਾਵਾਂ, ਟੱਪਰੀਵਾਸ ਪਰਿਵਾਰਾਂ ਦੀਆਂ ਔਰਤਾਂ ਅਤੇ ਨੀਲੇ ਕਾਰਡ ਧਾਰਕ ਤੇ ਦੂਜੇ ਵਿਭਾਗਾਂ ਦੀ ਕਿਸੇ ਵੀ ਸਕੀਮ ਤਹਿਤ ਮੁਫ਼ਤ/ਸਬਸਿਡੀ ਵਾਲੇ ਸੈਨੇਟਰੀ ਪੈਡਾਂ ਦਾ ਲਾਭ ਨਹੀਂ ਲੈ ਰਹੀਆਂ ਔਰਤਾਂ ਨੂੰ ਇਸ ਸਕੀਮ ਤਹਿਤ ਕਵਰ ਕੀਤਾ ਜਾਵੇਗਾ, ਜਿਸ ਉਤੇ 40.55 ਕਰੋੜ ਰੁਪਏ ਸਾਲਾਨਾ ਦਾ ਖਰਚ ਆਵੇਗਾ।ਇਸ ਵਰਚੂਅਲ ਮੀਟਿੰਗ ਦੌਰਾਨ ਸ੍ਰੀਮਤੀ ਚੌਧਰੀ ਦੇ ਨਾਲ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਪੁਲ ਉੱਜਵਲ ਵੀ ਮੌਜੂਦ ਸਨ। ਇਸ ਉਦਘਾਟਨੀ ਸਮਾਰੋਹ ਮੌਕੇ ਸੂਬੇ ਦੀਆਂ ਸਾਰੀਆਂ 1500 ਵਰਚੂਅਲ ਮੀਟਿੰਗ ਵਾਲੀਆਂ ਥਾਵਾਂ ਦੇ ਨਾਲ-ਨਾਲ ਆਂਗਣਵਾੜੀ ਸੈਂਟਰਾਂ ਵਿੱਚ ਸੈਨੇਟਰੀ ਪੈਡਾਂ ਦੇ ਕੁਲ ਇਕ ਲੱਖ ਪੈਕੇਟ ਵੰਡੇ ਗਏ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸ ਸਾਲ ਜਨਵਰੀ ਵਿੱਚ ਕਰਵਾਈ ਸੂਬਾ ਪੱਧਰੀ ‘‘ਧੀਆਂ ਦੀ ਲੋਹੜੀ" ਸਮਾਰੋਹ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿਲਾਵਾਂ ਦੀ ਸੁਰੱਖਿਆ, ਸਿੱਖਿਆ ਅਤੇ ਸਿਹਤ ਨਾਲ ਸਬੰਧਤ ਹੋਰ ਵੱਖ-ਵੱਖ ਮੁੱਦਿਆਂ ਬਾਰੇ ਗੱਲ ਕਰਦਿਆਂ ਮਹਿਲਾ ਸ਼ਕਤੀਕਰਨ ਦੀ ਜ਼ਰੂਰਤ ਨੂੰ ਦੁਹਰਾਉਂਦਿਆਂ ਸਾਰੀਆਂ ਲੋੜਵੰਦ ਲੜਕੀਆਂ/ਮਹਿਲਾਵਾਂ ਵਿਸ਼ੇਸ਼ ਤੌਰ
ਤੇ ਝੁੱਗੀ ਝੌਂਪੜੀਆਂ ਦੇ ਇਲਾਕਿਆਂ ਵਿੱਚ ਰਹਿਣ ਵਾਲਿਆਂ ਲੜਕੀਆਂ/ਮਹਿਲਾਵਾਂ ਨੂੰ ਮੁਫ਼ਤ ਸੈਨੇਟਰੀ ਪੈਡ ਵੰਡਣ ਦਾ ਐਲਾਨ ਕੀਤਾ ਸੀ, ਜਿਸ ਨੂੰ ਅਸੀਂ ਅੱਜ ਪੂਰਾ ਕਰ ਰਹੇ ਹਾਂ।ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਲਾਭਪਾਤਰੀਆਂ ਨੂੰ 27,314 ਆਂਗਣਵਾੜੀ ਕੇਂਦਰਾਂ ਦੇ ਸੂਬਾ ਪੱਧਰੀ ਨੈੱਟਵਰਕ ਰਾਹੀਂ ਕਵਰ ਕੀਤਾ ਜਾਵੇਗਾ। ਹਰੇਕ ਆਂਗਣਵਾੜੀ ਕੇਂਦਰ ਰਾਹੀਂ ਲਗਭਗ 50 ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇਗਾ, ਕਿਉਂਕਿ ਹਰੇਕ ਆਂਗਣਵਾੜੀ ਕੇਂਦਰ ਅਧੀਨ 400 ਪਰਿਵਾਰ ਆਉਂਦੇ ਹਨ। ਜੇ ਮੁਫ਼ਤ ਸੈਨੇਟਰੀ ਪੈਡਾਂ ਦਾ ਲਾਭ ਲੈਣ ਲਈ 50 ਤੋਂ ਵੱਧ ਲਾਭਪਾਤਰੀ ਆਂਗਣਵਾੜੀ ਕੇਂਦਰਾਂ ਵਿਖੇ ਆਉਂਦੇ ਹਨ ਤਾਂ ਉਨ੍ਹਾਂ ਨੂੰ ਉਸੇ ਅਨੁਸਾਰ ਸੈਨੇਟਰੀ ਪੈਡ ਮੁਹੱਈਆ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਲਾਭਪਾਤਰੀ ਨੂੰ ਹਰ ਮਹੀਨੇ ਵੱਧ ਤੋਂ ਵੱਧ 9 ਸੈਨੇਟਰੀ ਪੈਡ ਦਿੱਤੇ ਜਾਣਗੇ।”ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ 27,314 ਆਂਗਣਵਾੜੀ ਕੇਂਦਰਾਂ ਦੇ ਵਰਕਰਾਂ ਅਤੇ ਹੈਲਪਰਾਂ ਰਾਹੀਂ 13,65,700 ਲਾਭਪਾਤਰੀਆਂ ਨੂੰ ਕੁੱਲ 1,22,91,300 ਸੈਨੇਟਰੀ ਪੈਡ ਵੰਡੇ ਜਾਣਗੇ। ਉਹਨਾਂ ਸਪੱਸ਼ਟ ਤੌਰ ਤੇ ਕਿਹਾ ਕਿ ਲੋੜ ਪੈਣ
ਤੇ ਆਸ਼ਾ, ਏ.ਐੱਨ.ਐੱਮ., ਸਥਾਨਕ ਸਰਕਾਰਾਂ ਵਿਭਾਗ ਅਧੀਨ ਕੰਮ ਕਰਨ ਵਾਲੇ ਕਰਮਚਾਰੀਆਂ ਅਤੇ ਸਥਾਨਕ ਵਲੰਟੀਅਰਾਂ ਆਦਿ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ ਜਾਂ ਜਿੱਥੇ ਆਂਗਣਵਾੜੀ ਕੇਂਦਰ ਮੌਜੂਦ ਨਹੀਂ ਹਨ, ਉਥੇ ਲਗਾਇਆ ਜਾ ਸਕਦਾ ਹੈ।ਸ੍ਰੀਮਤੀ ਚੌਧਰੀ ਨੇ ਕਿਹਾ ਕਿ ਵਰਤੇ ਗਏ ਪੈਡਾਂ ਦੇ ਸੁਚੱਜੇ ਪ੍ਰਬੰਧਨ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀਪੀਸੀਬੀ) ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਨਾਲ ਸਲਾਹ ਮਸ਼ਵਰਾ ਕਰਕੇ ਸੂਬੇ ਭਰ ਵਿੱਚ ਸੈਨੇਟਰੀ ਪੈਡਾਂ ਦੇ ਕੁਸ਼ਲ ਅਤੇ ਵਿਗਿਆਨਕ ਨਿਪਟਾਰੇ ਲਈ ਢੁਕਵੀਂ ਯੋਜਨਾ ਤਿਆਰ ਕੀਤੀ ਜਾਵੇਗੀ। “ਸੂਬੇ ਭਰ ਦੇ ਸ਼ਹਿਰੀ ਇਲਾਕਿਆਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰਣਾਲੀ ਨਾਲ ਸਥਾਨਕ ਸਰਕਾਰਾਂ ਵਿਭਾਗ ਸ਼ਹਿਰੀ ਖੇਤਰਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਨਿਯਮਾਂ ਤਹਿਤ ਸੈਨੇਟਰੀ ਪੈਡਾਂ ਦੇ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਕਰੇਗਾ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੈਨੇਟਰੀ ਪੈਡਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਸ਼ਹਿਰੀ ਸਥਾਨਕ ਇਕਾਈਆਂ ਅਧੀਨ ਕੂੜੇ ਵਾਲੀਆਂ ਥਾਵਾਂ ਉਤੇ ਇਨਸੀਨੇਟਰ ਲਾਏ ਜਾਣਗੇ। ਇਸੇ ਤਰ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੇਂਡੂ ਖੇਤਰਾਂ ਵਿੱਚੋਂ ਸੈਨੇਟਰੀ ਪੈਡਾਂ ਦੀ ਰਹਿੰਦ ਖੂੰਹਦ ਨੂੰ ਇਕੱਤਰ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ ਅਤੇ ਕੂੜਾ ਵੱਖ ਕਰਨ ਤੋਂ ਬਾਅਦ ਸੈਨੇਟਰੀ ਪੈਡਾਂ ਦੀ ਰਹਿੰਦ-ਖੂੰਹਦ ਨੂੰ ਸਹੀ ਨਿਪਟਾਰੇ ਲਈ ਸ਼ਹਿਰੀ ਖੇਤਰ ਦੇ ਨਜ਼ਦੀਕੀ ਇਨਸੀਨੇਟਰਾਂ ਵਿਖੇ ਭੇਜਿਆ ਜਾਵੇਗਾ।