ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਜਲੌ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ। ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਗਰੋਂ ਸਿੱਖ ਕੌਮ ਦੀ ਵਿਲੱਖਣ ਹੋਂਦ ਹਸਤੀ ਤੇ ਪਹਿਚਾਣ ਲਈ ਸੁਤੰਤਰ ਸਿੱਖ ਸੋਚ ਦੀ ਪ੍ਰਤੀਨਿਧਤਾ ਕਰਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ। ਗੁਰੂ ਸਾਹਿਬ ਨੇ ਜਬਰ ਜ਼ੁਲਮ ਵਿਰੁੱਧ ਚਾਰ ਜੰਗਾਂ ਲੜੀਆਂ ਅਤੇ ਹੱਕ ਸੱਚ ਲਈ ਲੜਨ ਦਾ ਮਨੁੱਖਤਾ ਅੰਦਰ ਜ਼ਜਬਾ ਭਰਿਆ। ਇਹ ਜਜ਼ਬਾ ਅੱਜ ਦੀ ਨੌਜੁਆਨੀ ਅੰਦਰ ਪ੍ਰਚੰਡ ਕਰਨ ਦੀ ਲੋੜ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਸਿੱਖ ਕੌਮ ਨੂੰ ਲਾਸਾਨੀ ਦੇਣ ਹੈ ਅਤੇ ਅੱਜ ਕੌਮ ਨੂੰ ਆਪਣੇ ਇਤਿਹਾਸ ਤੋਂ ਸੇਧ ਲੈਂਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ। ਇਸੇ ਦੌਰਾਨ ਛੇਵੇਂ ਪਾਤਸ਼ਾਹ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਵੀ ਸਜਾਏ ਗਏ।ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ, ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਜਗਤਾਰ ਸਿੰਘ ਸ਼ਹੂਰਾ, ਸ. ਯੁਵਰਾਜ ਭੁਪਿੰਦਰ ਸਿੰਘ, ਭਾਈ ਹਰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਸ. ਇਕਬਾਲ ਸਿੰਘ ਸੰਧੂ ਆਦਿ ਮੌਜੂਦ ਸਨ।