ਬੀਬੀ ਜਗੀਰ ਕੌਰ ਵੱਲੋਂ ਗਿਆਨੀ ਭਗਵਾਨ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਤੇ ਬੱਚਿਆਂ ਦੀ ਪੜ੍ਹਾਈ ਫਰੀ ਕਰਵਾਉਣ ਦਾ ਕੀਤਾ ਐਲਾਨ
ਅੰਮ੍ਰਿਤਸਰ – ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਕੀਤਾ ਗਿਆ। ਅਰਦਾਸ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਤੋਂ ਪਹਿਲਾਂ ਗਿਆਨੀ ਭਗਵਾਨ ਸਿੰਘ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ। ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਅੰਤਿਮ ਅਰਦਾਸ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗਿਆਨੀ ਭਗਵਾਨ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗਿਆਨੀ ਭਗਵਾਨ ਸਿੰਘ ਦਾ ਜੀਵਨ ਬੇਹੱਦ ਸਾਦਾ ਸੀ ਅਤੇ ਉਨ੍ਹਾਂ ਨੇ ਗੁਰੂ ਦੀ ਭੈ-ਭਾਵਨੀ ਵਿਚ ਰਹਿੰਦਿਆਂ ਆਪਣੀ ਸਾਰੀ ਜ਼ਿੰਦਗੀ ਬਤੀਤ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ।ਅੰਤਿਮ ਅਰਦਾਸ ਸਮਾਗਮ ਵਿਚ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪਿਛਲੇ ਥੋੜ੍ਹੇ ਸਮੇਂ ਵਿਚ ਹੀ ਦੋ ਵਿਦਵਾਨ ਸ਼ਖ਼ਸੀਅਤਾਂ ਦਾ ਸੰਸਾਰ ਤੋਂ ਚਲੇ ਜਾਣਾ ਕੌਮ ਲਈ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਗਿਆਨੀ ਭਗਵਾਨ ਸਿੰਘ ਨੇ ਆਪਣੇ ਜ਼ੁੰਮੇ ਲੱਗੀ ਸੇਵਾ ਨੂੰ ਬਾਖੂਬੀ ਨਿਭਾਇਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਭਗਵਾਨ ਸਿੰਘ ਦੇ ਪੋਤਰੇ ਤੇ ਪੋਤਰੀਆਂ ਦੀ ਪੜ੍ਹਾਈ ਮੁਫ਼ਤ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਪਰਿਵਾਰ ਨੂੰ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਵੀ ਦਿੱਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਪੰਥਕ ਸ਼ਖ਼ਸੀਅਤਾਂ ਨੇ ਗਿਆਨੀ ਭਗਵਾਨ ਸਿੰਘ ਦੇ ਸਪੁੱਤਰ ਭਾਈ ਪ੍ਰਮਿੰਦਰ ਸਿੰਘ ਨੂੰ ਦਸਤਾਰਾਂ ਭੇਟ ਕੀਤੀਆਂ।ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਾਬਕਾ ਗ੍ਰੰਥੀ ਗਿਆਨੀ ਚਰਨ ਸਿੰਘ, ਗਿਆਨੀ ਰਵੇਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਤੇ ਡਾ. ਸੁਖਬੀਰ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ, ਸ. ਪਰਮਜੀਤ ਸਿੰਘ, ਸ. ਜਸਪਾਲ ਸਿੰਘ ਢੱਡੇ, ਭਾਈ ਸਰਬਜੀਤ ਸਿੰਘ ਢੋਟੀਆਂ, ਦਮਦਮੀ ਟਕਸਾਲ ਸੰਗਰਾਵਾਂ ਤੋਂ ਗਿਆਨੀ ਰਾਜਨਦੀਪ ਸਿੰਘ, ਬਾਬਾ ਸ਼ਿੰਦਾ ਸਿੰਘ ਹਜ਼ੂਰ ਸਾਹਿਬ ਅਤੇ ਸੰਗਤਾਂ ਹਾਜ਼ਰ ਸਨ।