ਸ਼੍ਰੋਮਣੀ ਕਮੇਟੀ ਕੋਰੋਨਾ ਤੇ ਕਿਸਾਨੀ ਸੰਘਰਸ਼ ’ਚ ਚਲਾਣਾ ਕਰਨ ਵਾਲਿਆਂ ਦੇ ਬੱਚਿਆਂ ਨੂੰ ਦੇਵੇਗੀ ਮੁਫ਼ਤ ਸਿੱਖਿਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਮੌਕੇ ਸ਼ਹੀਦ ਹੋਏ ਸਿੰਘ, ਸਿੰਘਣੀਆਂ ਅਤੇ ਬੱਚੇ ਸਿੱਖ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਨੇ ਕੌਮੀ ਜਜ਼ਬੇ ਦੀ ਰੌਸ਼ਨੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਨੂੰ ਬਹਾਲ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਘੱਲੂਘਾਰੇ ਦੇ ਸ਼ਹੀਦਾਂ ਦੀ ਸਾਲਾਨਾ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਸ਼ਹੀਦੀ ਸਮਾਗਮ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਆਖਿਆ ਕਿ ਗੁਰਦੁਆਰਾ ਸਾਹਿਬਾਨ ਸਿੱਖਾਂ ਲਈ ਭਗਤੀ ਅਤੇ ਸ਼ਕਤੀ ਦਾ ਸੋਮਾ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਜੂਨ ਚੌਰਾਸੀ ’ਚ ਸਮੇਂ ਦੀ ਕਾਂਗਰਸ ਹਕੂਮਤ ਨੇ ਸ੍ਰੀ ਦਰਬਾਰ ਸਾਹਿਬ ਸਮੇਤ 37 ਗੁਰਦੁਆਰਿਆਂ ਨੂੰ ਆਪਣਾ ਨਿਸ਼ਾਨਾ ਬਣਾ ਕੇ ਸਿੱਖ ਜਗਤ ਨੂੰ ਮਾਨਸਿਕ ਤੌਰ ’ਤੇ ਅਸਹਿ ਅਤੇ ਅਕਹਿ ਜ਼ਖ਼ਮ ਦਿੱਤੇ। ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਘੱਲੂਘਾਰਾ ਦਿਵਸ ਮੌਕੇ ਪੁੱਜੀਆਂ ਸੰਗਤਾਂ ਅਤੇ ਜਥੇਬੰਦੀਆਂ ਦੇ ਨੁਮਾਇਦਿਆਂ ਦਾ ਧੰਨਵਾਦ ਕੀਤਾ ਅਤੇ ਕੌਮ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਦੀ ਸੇਧ ਵਿਚ ਕੌਮੀ ਕਾਰਜਾਂ ਵਿਚ ਸਹਿਯੋਗੀ ਬਣਨ ਲਈ ਕਿਹਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਚੌਰਾਸੀ ਦੇ ਸ਼ਹੀਦਾਂ ਦੀ ਯਾਦ ਵਿਚ ਬਣਾਈ ਜਾਣ ਵਾਲੀ ਗੈਲਰੀ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇਗਾ ਅਤੇ ਘੱਲੂਘਾਰੇ ਦੀਆਂ ਨਿਸ਼ਾਨੀਆਂ ਨੂੰ ਸੰਗਤ ਸਨਮੁਖ ਕਰਨ ਲਈ ਵੀ ਵਿਉਂਤਬੰਦੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੋਲੀ ਲੱਗੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨ ਸੰਗਤ ਦੀ ਮੰਗ ਅਨੁਸਾਰ ਸਮੇਂ-ਸਮੇਂ ਕਰਵਾਏ ਜਾਂਦੇ ਰਹਿਣਗੇ। ਇਸ ਸਵਾਲ ਦੇ ਜਵਾਬ ਵਿਚ ਬੀਬੀ ਜਗੀਰ ਕੌਰ ਨੇ ਆਖਿਆ ਕਿ 1984 ਦੇ ਫ਼ੌਜੀ ਹਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਛਾਪਿਆ ਗਿਆ ਵਾਈਟ ਪੇਪਰ ਮੁੜ ਪ੍ਰਕਾਸ਼ਤ ਕੀਤਾ ਜਾਵੇਗਾ, ਜਿਸ ਬਾਰੇ ਆਦੇਸ਼ ਦੇ ਦਿੱਤੇ ਗਏ ਹਨ।ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਕੋਰੋਨਾ ਮਹਾਂਮਾਰੀ ’ਚ ਜਾਨਾਂ ਗਵਾ ਚੁੱਕੇ ਲੋਕਾਂ ਦੇ ਬੱਚਿਆਂ ਦੀ ਮੱਦਦ ਲਈ ਅਹਿਮ ਐਲਾਨ ਕਰਦਿਆਂ ਕਿਹਾ ਕਿ ਜਿਹੜੇ ਲੋਕ ਕੋਰੋਨਾ ਕਾਰਨ ਸੰਸਾਰ ਤੋਂ ਚਲੇ ਗਏ ਹਨ, ਉਨ੍ਹਾਂ ਦੇ ਬੱਚਿਆਂ ਦੀ ਵਿੱਦਿਆ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਦੌਰਾਨ ਬਹੁਤ ਸਾਰੇ ਅਜਿਹੇ ਲੋਕ ਵੀ ਸੰਸਾਰ ਤੋਂ ਤੁਰ ਗਏ ਹਨ, ਜਿਨ੍ਹਾਂ ਦੇ ਕਮਾਈ ਦੇ ਸਾਧਨ ਸੀਮਤ ਸਨ। ਅਜਿਹੇ ਪਰਿਵਾਰਾਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਕਾਲਜਾਂ ਵਿਚ ਮੁਫ਼ਤ ਵਿਦਿਆ ਦਿੱਤੀ ਜਾਵੇਗੀ, ਤਾਂ ਜੋ ਉਹ ਭਵਿੱਖ ਵਿਚ ਸਵੈ-ਨਿਰਭਰ ਹੋ ਸਕਣ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕਿਸਾਨ ਸੰਘਰਸ਼ ਦੌਰਾਨ ਚਲਾਣਾ ਕਰਨ ਵਾਲੇ ਕਿਸਾਨਾਂ ਦੇ ਬੱਚਿਆਂ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਪੜਾਇਆ ਜਾਵੇਗਾ। ਬੀਬੀ ਜਗੀਰ ਕੌਰ ਨੇੇ ਕਿਹਾ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੇ ਚਲਾਣਾ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਸਹਾਇਤਾ ਵੀ ਦਿੱਤੀ ਹੈ। ਉਨ੍ਹਾਂ ਜੂਨ ਚੌਰਾਸੀ ਦੌਰਾਨ ਬੈਰਕਾਂ ਛੱਡਣ ਵਾਲੇ ਧਰਮੀ ਫ਼ੌਜੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਨੂੰ ਸਹਾਇਤਾ ਦਿੱਤੀ ਗਈ ਹੈ ਅਤੇ ਜੇਕਰ ਕੋਈ ਧਰਮੀ ਫ਼ੌਜੀ ਸਹਾਇਤਾ ਤੋਂ ਰਹਿ ਗਿਆ ਹੈ, ਤਾਂ ਉਹ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕਰੇ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ. ਭੁਪਿੰਦਰ ਸਿੰਘ ਭਲਵਾਨ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਸ. ਸੁਖਬੀਰ ਸਿੰਘ ਆਦਿ ਮੌਜੂਦ ਸਨ।