ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਧਰਮ ਅਧਿਐਨ ਵਿਚ ਐਮਏ ਕਰਨ ਵਾਲੇ ਵਿਦਿਆਰਥੀਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਾਲਾਨਾ ਵਜ਼ੀਫ਼ਾ ਰਾਸ਼ੀ ਦੇ ਚੈੱਕ ਦਿੱਤੇ ਗਏ। ਇਹ ਚੈੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਦਾਨ ਕੀਤੇ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਬੀਬੀ ਕਿਰਨਜੋਤ ਕੌਰ, ਭਾਈ ਰਾਮ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਐਮਏ ਧਰਮ ਅਧਿਐਨ ਦੇ ਵਿਦਿਆਰਥੀਆਂ ਨੂੰ ਪ੍ਰਤੀ ਸਾਲਾਨਾ 24 ਹਜ਼ਾਰ ਰੁਪਏ ਵਜ਼ੀਫ਼ਾ ਦੇਣ ਦਾ ਫੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 10 ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦਿੱਤੀ ਗਈ।ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਧਰਮ ਦੇ ਖੇਤਰ ਵਿਚ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਮੱਦਦਗਾਰ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਯੂਨੀਵਰਸਿਟੀਆਂ ਵਿਚ ਧਰਮ ਅਧਿਐਨ ਦੀ ਐਮਏ ਕਰਨ ਵਾਲੇ ਵਿਦਿਆਰਥੀਆਂ ਨੂੰ ਸਾਲਾਨਾ 24 ਹਜ਼ਾਰ ਰੁਪਏ ਦਾ ਵਜ਼ੀਫ਼ਾ ਦਿੱਤਾ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਧਾਰਮਿਕ ਪ੍ਰੀਖਿਆ ਰਾਹੀਂ ਵੀ ਹਜ਼ਾਰਾਂ ਵਿਦਿਆਰਥੀਆਂ ਨੂੰ ਹਰ ਸਾਲ ਵਜ਼ੀਫ਼ੇ ਅਤੇ ਸਨਮਾਨ ਪੱਤਰ ਦਿੱਤੇ ਜਾਂਦੇ ਹਨ। ਇਸ ਮੌਕੇ ਬੀਬੀ ਜਗੀਰ ਕੌਰ ਨੇ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਧਰਮ ਦੇ ਖੇਤਰ ਵਿਚ ਉੱਚ ਵਿਦਿਆ ਪ੍ਰਾਪਤ ਕਰਨ ਲਈ ਹੋਰਨਾਂ ਨੂੰ ਵੀ ਪ੍ਰੇਰਿਤ ਕਰਨ। ਇਸ ਮੌਕੇ ਮੀਤ ਸਕੱਤਰ ਸ. ਸਿਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਆਨਰੇਰੀ ਸਕੱਤਰ ਸ. ਗੁਰਮੀਤ ਸਿੰਘ, ਇੰਚਾਰਜ ਡਾ. ਅਮਰਜੀਤ ਕੌਰ ਤੇ ਹੋਰ ਹਾਜ਼ਰ ਸਨ।