ਸ਼੍ਰੀਨਗਰ, 10 ਜੂਨ ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿੱਚ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਦੌਰਾਨ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ਵਿੱਚ 3 ਅੱਤਵਾਦੀ ਮਾਰੇ ਗਏ| ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਮਿਲੀ ਖੁਫੀਆ ਸੂਚਨਾ ਦੇ ਆਧਾਰ ਤੇ ਜੰਮੂ-ਕਸ਼ਮੀਰ ਪੁਲੀਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਕੇਂਦਰੀ ਰਿਜ਼ਰਵ ਪੁਲੀਸ ਫੋਰਸ ਅਤੇ ਰਾਸ਼ਟਰੀ ਰਾਈਫਲਜ਼ ਦੇ ਜਵਾਨਾਂ ਨੇ ਅੱਜ ਤੜਕੇ ਸ਼ੋਪੀਆਂ ਦੇ ਸੁਗੂ ਹੰਦਾਮਾਹ ਪਿੰਡ ਵਿੱਚ ਸਾਂਝੀ ਮੁਹਿੰਮ ਸ਼ੁਰੂ ਕੀਤੀ| ਉਨ੍ਹਾਂ ਦੱਸਿਆ ਕਿ ਸੁਰੱਖਿਆ ਫੋਰਸਾਂ ਨੇ ਸਾਰੇ ਮਾਰਗਾਂ ਨੂੰ ਸੀਲ ਕਰ ਕੇ ਘਰ-ਘਰ ਵਿੱਚ ਤਲਾਸ਼ੀ ਲਈ| ਸੁਰੱਖਿਆ ਦਸਤਿਆਂ ਦੇ ਜਵਾਨ ਤੜਕੇ ਕਰੀਬ 5.30 ਵਜੇ ਜਦੋਂ ਪਿੰਡ ਦੇ ਇਕ ਖੇਤਰ ਵੱਧ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ|
ਉਹਨਾਂ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ| ਮੁਕਾਬਲੇ ਵਿੱਚ 3 ਅੱਤਵਾਦੀ ਮਾਰੇ ਗਏ| ਇਸ ਦੇ ਨਾਲ ਹੀ 2 ਹਫਤਿਆਂ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿੱਚ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ 25 ਹੋ ਗਈ ਹੈ| ਇਸ ਵਿਚ ਕਿਸੇ ਵੀ ਕਿਸਮ ਦੇ ਵਿਰੋਧ-ਪ੍ਰਦਰਸ਼ਨ ਨੂੰ ਰੋਕਣ ਲਈ ਨਜ਼ਦੀਕੀ ਇਲਾਕਿਆਂ ਵਿੱਚ ਸੁਰੱਖਿਆ ਦਸਤਿਆਂ ਨੂੰ ਤਾਇਨਾਤ ਕੀਤਾ ਗਿਆ ਹੈ| ਕਿਸੇ ਤਰ੍ਹਾਂ ਦੀ ਅਫਵਾਹ ਨੂੰ ਫੈਲਣ ਤੋਂ ਰੋਕਣ ਲਈ ਮੋਬਾਇਲ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ|