ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਡਣੇ ਸਿੱਖ ਵਜੋਂ ਜਾਣੇ ਜਾਂਦੇ ਦੌੜਾਕ ਸ. ਮਿਲਖਾ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ. ਮਿਲਖਾ ਸਿੰਘ ਨੇ ਸਖ਼ਤ ਮਿਹਨਤ ਨਾਲ ਵਿਸ਼ਵ ਵਿਚ ਆਪਣੀ ਵੱਖਰੀ ਪਛਾਣ ਬਣਾਈ ਅਤੇ ਸਿੱਖ ਦੌੜਾਕ ਵਜੋਂ ਵੱਡੀਆਂ ਪ੍ਰਾਪਤੀਆਂ ਕੀਤੀਆਂ। ਉਨ੍ਹਾਂ ਆਖਿਆ ਕਿ ਸ. ਮਿਲਖਾ ਸਿੰਘ ਦੇ ਚਲਾਣੇ ਨਾਲ ਖੇਡ ਜਗਤ ਦਾ ਇਕ ਪ੍ਰੇਰਣਾ ਸ੍ਰੋਤ ਸਦਾ ਲਈ ਰੁਖਸਤ ਹੋ ਗਿਆ ਹੈ। ਸ. ਮਿਲਖਾ ਸਿੰਘ ਦੀਆਂ ਪ੍ਰਾਪਤੀਆਂ ਭਵਿੱਖ ਦੇ ਖਿਡਾਰੀਆਂ ਲਈ ਮਾਰਗ-ਦਰਸ਼ਨ ਹਨ, ਜੋ ਉਨ੍ਹਾਂ ਨੂੰ ਆਪਣੇ ਟੀਚੇ ਦੀ ਪ੍ਰਾਪਤੀ ਲਈ ਹਮੇਸ਼ਾ ਪ੍ਰੇਰਣਾ ਦਿੰਦੀਆਂ ਰਹਿਣਗੀਆਂ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅਫ਼ਸੋਸ ਪ੍ਰਗਟ ਕੀਤਾ ਹੈ।