ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਣੇ ਹੋਰ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਕੀਤੀ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ।ਇਸ ਮਹੀਨੇ ਦੇ ਸ਼ੁਰੂ ਵਿਚ ਸ੍ਰੀ ਮੋਦੀ ਨੇ ਕੇਂਦਰੀ ਮੰਤਰੀਆਂ ਨਾਲ ਵੱਖ-ਵੱਖ ਸਮੂਹਾਂ ਵਿਚ ਪੰਜ ਮੀਟਿੰਗਾਂ ਕਰ ਕੇ ਉਨ੍ਹਾਂ ਦੇ ਮੰਤਰਾਲਿਆਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀ ਸਮੀਖਿਆ ਕੀਤੀ ਸੀ।ਸੂਤਰਾਂ ਅਨੁਸਾਰ ਅੱਜ ਦੀ ਮੀਟਿੰਗ ਵਿਚ ਅਮਿਤ ਸ਼ਾਹ ਤੇ ਰਾਜਨਾਥ ਸਿੰਘ ਤੋਂ ਇਲਾਵਾ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਤੇ ਪਿਯੂਸ਼ ਗੋਇਲ ਵੀ ਸ਼ਾਮਲ ਸਨ। ਹਾਲਾਂਕਿ ਮੀਟਿੰਗ ਸਬੰਧੀ ਵਿਸਥਾਰ ਵਿਚ ਜਾਣਕਾਰੀ ਅਜੇ ਨਹੀਂ ਮਿਲ ਸਕੀ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਕਾਰਵਾਈ ਮੰਤਰੀ ਮੰਡਲ ਵਿਚ ਵਾਧੇ ਅਤੇ ਫੇਰਬਦਲ ਤੋਂ ਪਹਿਲਾਂ ਦੀ ਹੋ ਸਕਦੀ ਹੈ।ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਰਾਨ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਇਬਰਾਹਿਮ ਰਈਸੀ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਉਹ ਭਾਰਤ ਤੇ ਇਰਾਨ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਰਈਸੀ ਨਾਲ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਹਨ।ਇਸੇ ਦੌਰਾਨ ਸ੍ਰੀ ਮੋਦੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਰ ਬੋਲਸੋਨਾਰੋ ਤੇ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਾਪਕਸਾ ਨੂੰ ਪੱਤਰ ਲਿਖ ਕੇ ਪਿਛਲੇ ਮਹੀਨੇ ਮਨਾਏ ਗਏ ਕੌਮਾਂਤਰੀ ਯੋਗ ਦਿਵਸ ਵਿਚ ਸਹਿਯੋਗ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।