ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਸਿੱਧ ਸਿੱਖ ਵਿਦਵਾਨ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫ਼ੈਸਰ ਅਤੇ ਸਿੱਖ ਵਿਸ਼ਵਕੋਸ਼ ਦੇ ਮੁੱਖ ਸੰਪਾਦਕ ਡਾ. ਜੋਧ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਡਾ. ਜੋਧ ਸਿੰਘ ਨੇ ਸਿੱਖ ਦਰਸ਼ਨ ਅਤੇ ਗੁਰਬਾਣੀ ’ਤੇ ਵਿਸਥਾਰਪੂਰਵਕ ਕੰਮ ਕੀਤਾ ਹੈ। ਉਨ੍ਹਾਂ ਭਾਈ ਗੁਰਦਾਸ ਜੀ ਦੀਆਂ ਵਾਰਾਂ ਦਾ ਅੰਗਰੇਜ਼ੀ ਵਿਚ ਅਨੁਵਾਦ ਕਰਨ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹਿੰਦੀ ਵਿਚ ਅਨੁਵਾਦ ਵੀ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੇ ਵਿਦਵਾਨ ਦਾ ਸੰਸਾਰ ਤੋਂ ਤੁਰ ਜਾਣਾ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਡਾ. ਜੋਧ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਦੇ ਚਰਣਾਂ ਵਿਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਡਾ. ਜੋਧ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਅਫ਼ਸੋਸ ਪ੍ਰਗਟ ਕੀਤਾ।