ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਵਾਇਰਸ ਖ਼ਿਲਾਫ਼ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਲਈ ਕੇਂਦਰ ਸਰਕਾਰ ਨਵੇਂ-ਨਵੇਂ ਕਦਮ ਚੁੱਕ ਰਹੀ ਹੈ। ਇਸ ਦੌਰਾਨ ਕੋਰੋਨਾ ਵੈਕਸੀਨ ਨੂੰ ਲੈ ਕੇ ਕਈ ਅਜਿਹੀਆਂ ਅਫਵਾਹਾਂ ਵੀ ਫੈਲ ਰਹੀਆਂ ਹਨ ਜਿਸ ਨਾਲ ਲੋਕਾਂ ਦੇ ਮਨ ਵਿੱਚ ਵੈਕਸੀਨ ਨੂੰ ਲੈ ਕੇ ਡਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਇਨ੍ਹਾਂ ਸਾਰੀਆਂ ਅਫਵਾਹਾਂ ਨੂੰ ਲੈ ਕੇ ਨਾਗਰਿਕਾਂ ਨੂੰ ਸਾਵਧਾਨ ਕੀਤਾ ਹੈ।ਸਿਹਤ ਮੰਤਰੀ ਨੇ 18 ਸਾਲ ਤੋਂ ਜ਼ਿਆਦਾ ਉਮਰ ਦੇ ਸਾਰੇ ਨਾਗਰਿਕਾਂ ਨੂੰ ਇਨ੍ਹਾਂ ਅਫਵਾਹਾਂ ਤੇ ਧਿਆਨ ਨਾ ਦੇ ਕੇ ਜਲਦ ਤੋਂ ਜਲਦ ਆਪਣਾ ਟੀਕਾਕਰਨ ਕਰਵਾਉਣ ਨੂੰ ਕਿਹਾ ਹੈ।ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕੋਰੋਨਾ ਵੈਕਸੀਨੇਸ਼ਨ ਖ਼ਿਲਾਫ਼ ਕਈ ਤਰ੍ਹਾਂ ਦੀਆਂ ਅਫਵਾਹਾਂ ਫੈਲ ਰਹੀਆਂ ਹਨ ਜਿਨ੍ਹਾਂ ਨਾਲ ਸਭ ਤੋਂ ਜ਼ਿਆਦਾ ਨੁਕਸਾਨ ਦੇਸ਼ ਦੇ ਉਨ੍ਹਾਂ ਲੋਕਾਂ ਨੂੰ ਹੋ ਰਿਹਾ ਹੈ ਜੋ ਆਰਥਿਕ ਰੂਪ ਨਾਲ ਕਮਜ਼ੋਰ ਹਨ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਉਨ੍ਹਾਂ ਲੋਕਾਂ ਤੋਂ ਬਚਣਾ ਚਾਹੀਦਾ ਹੈ ਜੋ ਟੀਕਾਕਰਨ ਨੂੰ ਲੈ ਕੇ ਅਫਵਾਹਾਂ ਤੇ ਗ਼ਲਤ ਜਾਣਕਾਰੀਆਂ ਫ਼ੈਲਾ ਰਹੇ ਹਨ। ਇਹ ਗਰੀਬ ਲੋਕਾਂ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਪਹੁੰਚਾ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਵਾਇਰਸ ਖ਼ਿਲਾਫ਼ ਨਵੀਂ ਟੀਕਾਕਰਨ ਨੀਤੀ ਅੱਜ ਤੋਂ ਪ੍ਰਭਾਵੀ ਹੋ ਗਈ ਹੈ।ਇਸ ਨਵੀਂ ਨੀਤੀ ਦੇ ਤਹਿਤ 18 ਸਾਲ ਤੋਂ ਜ਼ਿਆਦਾ ਉਮਰ ਦੇ ਸਾਰੇ ਨਾਗਰਿਕਾਂ ਨੂੰ ਕੋਰੋਨਾ ਵੈਕਸੀਨ ਦੀ ਮੁਫਤ ਡੋਜ਼ ਉਪਲਬਧ ਕਰਵਾਈ ਜਾਵੇਗੀ। ਨਾਗਰਿਕ ਸਰਕਾਰੀ ਸਿਹਤ ਕੇਂਦਰਾਂ ਤੋਂ ਮੁਫਤ ਡੋਜ਼ ਪ੍ਰਾਪਤ ਕਰ ਸਕਣਗੇ।