ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਸੰਗਤਾਂ ਨੂੰ ਭਗਤ ਕਬੀਰ ਜੀ ਦੇ ਜੀਵਨ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਭਗਤ ਕਬੀਰ ਜੀ ਨੇ ਆਪਣੀ ਬਾਣੀ ਰਾਹੀਂ ਵਹਿਮਾਂ-ਭਰਮਾਂ ਦਾ ਖੰਡਨ ਕੀਤਾ ਅਤੇ ਲੋਕਾਈ ਨੂੰ ਅਕਾਲ ਪੁਰਖ ਦੀ ਭਗਤੀ ਵੱਲ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸੁਸ਼ੋਭਿਤ ਭਗਤ ਜੀ ਦੀ ਪਾਵਨ ਗੁਰਬਾਣੀ ਮਨੁੱਖ ਦੇ ਚੰਗੇ ਜੀਵਨ ਦੀ ਘਾੜਤ ਲਈ ਸੁਚੱਜਾ ਮਾਰਗ ਦਿਖਾਉਂਦੀ ਹੈ। ਉਨ੍ਹਾਂ ਸੰਗਤ ਨੂੰ ਭਗਤ ਕਬੀਰ ਜੀ ਦੇ ਉਪਦੇਸ਼ਾਂ ਤੋਂ ਸੇਧ ਪ੍ਰਾਪਤ ਕਰਕੇ ਸੁਚੱਜਾ ਜੀਵਨ ਜੀਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਜੈਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਕੱਤਰ ਸਿੰਘ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਬਘੇਲ ਸਿੰਘ, ਸ. ਹਰਪ੍ਰੀਤ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ, ਸ. ਜਸਪਾਲ ਸਿੰਘ ਢੱਡੇ ਆਦਿ ਹਾਜ਼ਰ ਸਨ।