ਸ਼੍ਰੋਮਣੀ ਕਮੇਟੀ ਦਾ ਵਫ਼ਦ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਐਸਐਸਪੀ ਨੂੰ ਮਿਲੇਗਾ-ਬੀਬੀ ਜਗੀਰ ਕੌਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਸੰਗਰੂਰ ਦੇ ਪਿੰਡ ਜੌਲੀਆਂ ਵਿਖੇ ਗੁਰਦੁਆਰਾ ਸਾਹਿਬ ਵਿਚ ਅੱਗ ਲਗਾਉਣ ਵਾਲੀ ਔਰਤ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਕੇਸ ਲੜੇਗੀ, ਤਾਂ ਜੋ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਈਆਂ ਜਾ ਸਕਣ। ਬੀਬੀ ਜਗੀਰ ਕੌਰ ਨੇ ਆਖਿਆ ਕਿ ਭਾਵੇਂ ਦੋਸ਼ੀ ਔਰਤ ਗ੍ਰਿਫ਼ਤਾਰ ਹੋ ਚੁੱਕੀ ਹੈ, ਪਰੰਤੂ ਇਸ ਘਟਨਾ ਪਿੱਛੇ ਕੰਮ ਕਰਨ ਵਾਲੇ ਲੋਕਾਂ ਦਾ ਪਰਦਾਫਾਸ਼ ਹੋਣਾ ਜ਼ਰੂਰੀ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਵੱਲੋਂ ਭਲਕੇ 29 ਜੂਨ ਨੂੰ ਸੰਗਰੂਰ ਦੇ ਐਸਐਸਪੀ ਨੂੰ ਢੁੱਕਵੀਂ ਕਾਰਵਾਈ ਕਰਨ ਲਈ ਮੰਗ ਪੱਤਰ ਦਿੱਤਾ ਜਾਵੇਗਾ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਭੁਪਿੰਦਰ ਸਿੰਘ ਭਲਵਾਨ, ਸ. ਬਲਦੇਵ ਸਿੰਘ ਚੂੰਘਾਂ ਤੇ ਬੀਬੀ ਮਲਕੀਤ ਕੌਰ ਸਮੇਤ ਜ਼ਿਲ੍ਹੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਥਾਨਕ ਸੰਗਤਾਂ ਵੀ ਸ਼ਾਮਲ ਹੋਣਗੀਆਂ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਕੇਸ ਦੀ ਪੈਰਵਾਈ ਵੀ ਕੀਤੀ ਜਾਵੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਬਾਰ-ਬਾਰ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਦੋਸ਼ੀ ਮੌਕੇ ’ਤੇ ਫੜ੍ਹੇ ਜਾਣ ਮਗਰੋਂ ਵੀ ਢੁੱਕਵੀਂ ਕਾਰਵਾਈ ਨਹੀਂ ਹੁੰਦੀ। ਸੰਗਰੂਰ ’ਚ ਨਗਰ ਜੌਲੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਅੱਗ ਲਗਾਉਣ ਦੀ ਘਟਨਾ ਮਗਰੋਂ ਵੀ ਪੁਲਿਸ ਪ੍ਰਸਾਸ਼ਨ ਦੀ ਕਾਰਵਾਈ ਢਿੱਲੀ ਰਹੀ ਹੈ। ਸ਼੍ਰੋਮਣੀ ਕਮੇਟੀ ਇਸ ਘਟਨਾ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਹਰ ਯਤਨ ਕਰੇਗੀ। ਇਸੇ ਤਹਿਤ ਹੀ ਸ਼੍ਰੋਮਣੀ ਕਮੇਟੀ ਵੱਲੋਂ ਕੇਸ ਦੀ ਪੈਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਘਟਨਾ ਆਮ ਨਹੀਂ ਹੈ ਅਤੇ ਪੁਲਿਸ ਪ੍ਰਸਾਸ਼ਨ ਨੂੰ ਇਸ ਦੀ ਤਹਿ ਤੱਕ ਜਾਣਾ ਚਾਹੀਦਾ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰੂ ਘਰਾਂ ਦੀ ਸਾਂਭ-ਸੰਭਾਲ ਅਤੇ ਨਿਗਰਾਨੀ ਲਈ ਸੁਹਿਰਦ ਹੋਣ, ਤਾਂ ਜੋ ਅਜਿਹੇ ਸ਼ਰਾਰਤੀ ਅਨਸਰਾਂ ਦੀਆਂ ਚਾਲਾਂ ਸਫਲ ਨਾ ਹੋ ਸਕਣ।