1955 ਦੇ ਸਾਕੇ ਸਬੰਧੀ ਮੁਕੰਮਲ ਖੋਜ ਕਰਵਾ ਕੇ ਸੰਗ੍ਰਹਿ ਤਿਆਰ ਕਰਾਂਗੇ-ਬੀਬੀ ਜਗੀਰ ਕੌਰ
ਅੰਮ੍ਰਿਤਸਰ – 4 ਜੁਲਾਈ 1955 ਨੂੰ ਤਤਕਾਲੀ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਇਸ ਸਾਕੇ ਦੇ ਸਬੰਧ ਵਿਚ ਪਹਿਲੀ ਵਾਰ ਇਹ ਵਿਸ਼ੇਸ਼ ਸਮਾਗਮ ਹੋਇਆ। ਸਿੱਖਾਂ ਵੱਲੋਂ ਭਾਸ਼ਾ ਦੇ ਅਧਾਰ ’ਤੇ ਪੰਜਾਬੀ ਸੂਬੇ ਦੀ ਮੰਗ ਨੂੰ ਦਬਾਉਣ ਲਈ ਸਮੇਂ ਦੀ ਸਰਕਾਰ ਵੱਲੋਂ 1955 ਵਿਚ ਇਹ ਹਮਲਾ ਕੀਤਾ ਗਿਆ ਸੀ। ਦੇਸ਼ ਦੀ ਅਜ਼ਾਦੀ ਮਗਰੋਂ ਆਪਣੇ ਹੀ ਦੇਸ਼ ਦੀ ਸਰਕਾਰ ਵੱਲੋਂ ਸਿੱਖਾਂ ਨਾਲ ਕੀਤੇ ਸਭ ਵਾਅਦੇ ਭੁੱਲ ਕੇ ਸ੍ਰੀ ਦਰਬਾਰ ਸਾਹਿਬ ’ਤੇ ਕੀਤਾ ਗਿਆ ਇਹ ਪਹਿਲਾ ਹਮਲਾ ਸੀ, ਜਿਸ ਨੇ ਸਿੱਖਾਂ ਦੀ ਮਾਨਸਿਕਤਾ ਨੂੰ ਗਹਿਰੇ ਜ਼ਖ਼ਮ ਦਿੱਤੇ। ਸਾਕੇ ਦੀ ਯਾਦ ਵਿਚ ਅੱਜ ਕਰਵਾਏ ਗਏ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਮਾਗਮ ਕਰਨ ਦਾ ਮੰਤਵ ਸਿੱਖ ਨੌਜੁਆਨੀ ਨੂੰ ਕੌਮ ’ਤੇ ਹੋਏ ਜ਼ੁਲਮਾਂ ਦੀ ਦਾਸਤਾਨ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿਚ ਸਿੱਖਾਂ ਨੇ 80 ਫੀਸਦੀ ਕੁਰਬਾਨੀਆਂ ਕੀਤੀਆਂ, ਪਰ ਅਜ਼ਾਦੀ ਦੇ ਮਹਿਜ਼ 8 ਸਾਲ ਮਗਰੋਂ ਹੀ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ’ਤੇ ਪੁਲਿਸ ਬਲ ਚੜ੍ਹਾ ਦੇਣੇ ਦੇਸ਼ ਦੀ ਤਤਕਾਲੀ ਕਾਂਗਰਸ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਸੀ। ਉਸ ਸਮੇਂ ਦੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਅਤੇ ਪੰਜਾਬ ਦੇ ਮੁੱਖ ਮੰਤਰੀ ਭੀਮ ਸੈਨ ਸੱਚਰ ਨੇ ਅਜਿਹਾ ਕਰਕੇ ਸਿੱਖਾਂ ਦੀਆਂ ਹੱਕੀ ਮੰਗਾਂ ਨੂੰ ਦਬਾਉਣ ਦਾ ਯਤਨ ਕੀਤਾ ਸੀ, ਪਰੰਤੂ ਸਿੱਖ ਕੌਮ ਹਮੇਸ਼ਾ ਹੀ ਚੁਣੌਤੀਆਂ ਵਿੱਚੋਂ ਜੇਤੂ ਹੋ ਉੱਭਰੀ ਹੈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਕਿ 4 ਜੁਲਾਈ 1955 ਦੇ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਸਬੰਧੀ ਮੁਕੰਮਲ ਖੋਜ ਕਰਵਾ ਕੇ ਸੰਗ੍ਰਹਿ ਤਿਆਰ ਕੀਤਾ ਜਾਵੇਗਾ ਅਤੇ ਸਾਕੇ ਨਾਲ ਸਬੰਧਤ ਤਸਵੀਰਾਂ ਵੀ ਇਸ ਦਾ ਹਿੱਸਾ ਹੋਣਗੀਆਂ। ਉਨ੍ਹਾਂ ਕਿਹਾ ਕਿ ਉਸ ਸਮੇਂ ਦੇ ਚਸ਼ਮਦੀਦਾਂ ਦੀ ਭਾਲ ਕਰਕੇ ਉਨ੍ਹਾਂ ਦੀਆਂ ਯਾਦਾਂ ਨੂੰ ਵੀ ਸੰਭਾਲਣ ਦਾ ਯਤਨ ਕਰਾਂਗੇ। ਬੀਬੀ ਜਗੀਰ ਕੌਰ ਨੇ ਸਿੱਖ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਣ ਦੀ ਜ਼ੁੰਮੇਵਾਰੀ ਨਿਭਾਉਣ।ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਕਤ ਦੀਆਂ ਹਕੂਮਤਾਂ ਨੇ ਸਿੱਖਾਂ ਨੂੰ ਹਮੇਸ਼ਾ ਹੀ ਦਬਾਉਣ ਦਾ ਯਤਨ ਕੀਤਾ ਹੈ ਅਤੇ ਇਸੇ ਸਿਲਸਿਲੇ ਵਿਚ ਹੀ 4 ਜੁਲਾਈ 1955 ਦੇ ਸਾਕੇ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਤਤਕਾਲੀ ਸਰਕਾਰ ਵੱਲੋਂ ਦੇਸ਼ ਦੀ ਅਜ਼ਾਦੀ ਮਗਰੋਂ ਸਿੱਖਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰਨਾ ਠੀਕ ਉਸੇ ਤਰ੍ਹਾਂ ਹੈ, ਜਿਸ ਤਰ੍ਹਾਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹਾੜੀ ਰਾਜਿਆਂ ਨੇ ਕਸਮਾਂ ਖਾਣ ਮਗਰੋਂ ਵਾਅਦੇ ਤੋੜ ਕੇ ਕੀਤਾ ਸੀ। ਪਰੰਤੂ ਜਦੋਂ ਭਾਰਤ ਅੰਦਰ ਭਾਸ਼ਾ ਦੇ ਅਧਾਰ ’ਤੇ ਸੂਬੇ ਬਣੇ, ਤਾਂ ਪੰਜਾਬ ਨਾਲ ਨਿਆਂ ਨਾ ਕੀਤਾ। ਇਸ ਦੇ ਵਿਰੁੱਧ ਸਿੱਖਾਂ ਵੱਲੋਂ ਹੱਕੀ ਮੰਗਾਂ ਦੀ ਅਵਾਜ਼ ਨੂੰ ਦਬਾਉਣ ਲਈ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰ ਦਿੱਤਾ ਗਿਆ। ਨਹਿਰੂ ਸਰਕਾਰ ਦੇ ਹੁਕਮ ’ਤੇ ਪੁਲਸ ਫ਼ੋਰਸ ਭੇਜੀ ਗਈ, ਜਿਸ ਨੇ ਪਾਵਨ ਅਸਥਾਨ ਮਾਨ-ਮਰਯਾਦਾ ਨੂੰ ਭਾਰੀ ਸੱਟ ਮਾਰੀ। ਗੋਲੀਆਂ ਚਲਾਈਆਂ ਗਈਆਂ ਅਤੇ ਸੈਂਕੜੇ ਸਿੱਖਾਂ ਦੀ ਗ੍ਰਿਫ਼ਤਾਰੀ ਕਰ ਦਿੱਤੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਹਮੇਸ਼ਾ ਹੀ ਦੇਸ਼ ਦੇ ਭਲੇ ਲਈ ਲੜਦੇ ਰਹੇ, ਸਰਕਾਰਾਂ ਨੇ ਇਨ੍ਹਾਂ ਨਾਲ ਬੇਗਾਨਿਆਂ ਵਾਲਾ ਸਲੂਕ ਕੀਤਾ। ਇਸ ਮੌਕੇ ਉਨ੍ਹਾਂ ਆਖਿਆ ਕਿ ਸਿੱਖ ਕੌਮ ਦੀ ਇਕਜੁਟਤਾ ਹੀ ਚੁਣੌਤੀਆਂ ਤੋਂ ਉਭਰਨ ਦਾ ਇਕਮਾਤਰ ਹੱਲ ਹੈ, ਜਿਸ ਦੀ ਮਿਸਾਲ ਇਤਿਹਾਸ ਵਿੱਚੋਂ ਵੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਹਕੂਮਤਾਂ ਤਾਂ ਇਹ ਚਾਹੁੰਦੀਆਂ ਹਨ ਕਿ ਸਿੱਖ ਕਦੇ ਇਕੱਠੇ ਨਾ ਹੋਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਸਿੱਖਾਂ ਦੇ ਰਾਜਸੀ ਏਜੰਡੇ ਦੀ ਕੋਈ ਗੱਲ ਨਾ ਹੋਵੇ।ਪਰ ਇਨ੍ਹਾਂ ਮਹਾਨ ਸੰਸਥਾਵਾਂ ਨੇ ਸਦਾ ਹੀ ਕੌਮ ਦੀ ਅਗਵਾਈ ਕੀਤੀ ਅਤੇ ਕਰਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਕਿਸੇ ਵੀ ਚੁਣੌਤੀ ਦਾ ਹੱਲ ਕੌਮੀ ਇਕਜੁਟਤਾ ਹੈ ਅਤੇ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁਟ ਹੋ ਕੇ ਕੌਮ ਦੀ ਚੜ੍ਹਦੀ ਕਲਾ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਅਜ਼ਾਦ ਭਾਰਤ ਵਿਚ ਕੀਤੇ ਗਏ ਪਹਿਲੇ ਹਮਲੇ ਦੀ ਯਾਦ ਵਿਸ਼ੇਸ਼ ਤੌਰ ’ਤੇ ਮਨਾਉਣ ਦੀ ਸ਼ਲਾਘਾ ਕੀਤੀ ਅਤੇ ਇਸ ਦੇ ਇਤਿਹਾਸ ਨੂੰ ਖੋਜਣ ਲਈ ਕੀਤੇ ਫੈਸਲੇ ਨੂੰ ਸਮੇਂ ਦੀ ਲੋੜ ਦੱਸਿਆ।
ਦੱਸਣਯੋਗ ਹੈ ਕਿ ਅੱਜ ਦੇ ਸਮਾਗਮ ਵਿਚ ਉਹ ਗੋਲੇ ਵੀ ਸੰਗਤ ਨੂੰ ਦਿਖਾਉਣ ਲਈ ਰੱਖੇ ਗਏ ਸਨ, ਜਿਹੜੇ ਹਮਲੇ ਸਮੇਂ ਪੁਲਿਸ ਬੱਲ ਨੇ ਸ੍ਰੀ ਦਰਬਾਰ ਸਾਹਿਬ ਅਤੇ ਸਿੱਖਾਂ ’ਤੇ ਸੁੱਟੇ ਸਨ। ਸਮਾਗਮ ਸਮੇਂ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਸ. ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਭਾਈ ਰਾਮ ਸਿੰਘ, ਸ. ਗੁਰਨਾਮ ਸਿੰਘ ਜੱਸਲ, ਸ. ਸੁਵਿੰਦਰ ਸਿੰਘ ਸਭਰਵਾਲ, ਸ. ਤਾਰਾ ਸਿੰਘ ਸੱਲ੍ਹਾ, ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਜੋਗਿੰਦਰ ਕੌਰ ਧਰਮਕੋਟ, ਸ. ਰਤਨ ਸਿੰਘ ਜੱਫਰਵਾਲ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸ. ਤੇਜਿੰਦਰ ਸਿੰਘ ਪੱਡਾ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।