ਚੰਡੀਗੜ – ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿੱਚ ਜਨ-ਔਸ਼ਧੀ ਕੇਂਦਰ ਸਥਾਪਤ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਡਾਕਟਰੀ ਸਿੱਖਿਆ ਅਤੇ ਖੋਜ ਅਧੀਨ ਆਉਂਦੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮਿ੍ਰਤਸਰ ਦੇ ਕਾਰਜ ਤੇ ਪ੍ਰਗਤੀ ਦਾ ਜਾਇਜ਼ਾ ਲੈਣ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਅੰਮਿ੍ਰਤਸਰ ਨਿਵਾਸੀਆਂ ਨੂੰ ਸਸਤੀਆਂ ਜੈਨਰਿਕ ਦਵਾਈਆਂ ਉਪਲਬਧ ਕਰਵਾਉਣ ਲਈ ਜਨ-ਔਸ਼ਧੀ ਕੇਂਦਰ ਜਲਦ ਸਥਾਪਤ ਕਰਕੇ ਸ਼ੁਰੂ ਕੀਤਾ ਜਾਵੇ।ਮੀਟਿੰਗ ਦੌਰਾਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਨੇ ਦੱਸਿਆ ਕਿ ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਰਤਸਰ ਦਾ ਕੰਮ ਬਹੁਤ ਤੇਜੀ ਨਾਲ ਚੱਲ ਰਿਹਾ ਹੈ ਅਤੇ ਇਸਨੂੰ ਜਲਦ ਹੀ ਮੁਕੰਮਲ ਕਰ ਕੇ ਪੰਜਾਬ ਰਾਜ ਦੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਵੀ ਕੈਂਸਰ ਸਬੰਧੀ ਸੁਪਰ ਸਪੈਸ਼ਲਿਸਟ ਸੇਵਾਵਾਂ ਵੀ ਜਲਦ ਸ਼ੁਰੂ ਕੀਤੀਆਂ ਜਾ ਰਹੀਆਂ ਹਨ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਦੇ ਡਾਇਰੈਕਟਰ ਡਾ.ਸੁਜਾਤਾ ਸ਼ਰਮਾਂ, ਜੁਆਇੰਟ ਡਾਇਰੈਕਟਰ ਡਾ.ਅਕਾਸ਼ਦੀਪ ਅਗਰਵਾਲ,ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਪਿ੍ਰੰਸੀਪਲ ਡਾ.ਰਾਜਨ ਸਿੰਗਲਾ , ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਮੈਡੀਕਲ ਸੁਪਰਡੰਟ ਡਾ.ਐਚ.ਐਸ ਰੇਖੀ ਅਤੇ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਦੇ ਪ੍ਰਿੰਸੀਪਲ ਡਾ.ਰਾਜੀਵ ਦੇਵਗਨ ਹਾਜ਼ਰ ਸਨ।