ਸਮਾਰਟ ਪਲੇਅਗਰਾਊਂਡ ਪ੍ਰਾਜੈਕਟ ਤਹਿਤ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਲਈ 9.10 ਕਰੋੜ ਰੁਪਏ ਕੀਤੇ ਮਨਜ਼ੂਰ: ਸਕੂਲ ਸਿੱਖਿਆ ਮੰਤਰੀ
ਚੰਡਗੀੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਸਮਾਰਟ ਪਲੇਅਗਰਾਊਂਡ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਸਮਾਰਟ ਪਲੇਅਗਰਾਊਂਡ ਪ੍ਰਾਜੈਕਟ ਦੇ ਪਹਿਲੇ ਗੇੜ ਵਿੱਚ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਚ ਸਮਾਰਟ ਪਲੇਅਗਰਾਊਂਡ ਤਿਆਰ ਕਰਨ ਲਈ 9.10 ਕਰੋੜ ਰੁਪਏ ਮਨਜ਼ੂਰ ਕੀਤੇ ਹਨ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਜਿਵੇਂ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਰਟ ਸਕੂਲ ਨੀਤੀ ਪੇਸ਼ ਕਰਦਿਆਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡੇ ਪੱਧਰ
ਤੇ ਸੁਧਾਰ ਕੀਤਾ ਗਿਆ ਹੈ, ਉਸੇ ਤਰ੍ਹਾਂ ਹੁਣ ਸਮਾਰਟ ਪਲੇਅਗਰਾਊਂਡ ਵਿਕਸਿਤ ਕਰਨ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਪਾਠਕ੍ਰਮ ਦੀਆਂ ਗਤੀਵਿਧੀਆਂ ਦੇ ਨਾਲ ਨਾਲ ਖੇਡਾਂ ਅਤੇ ਗ਼ੈਰ ਵਿੱਦਿਅਕ ਗਤੀਵਿਧੀਆਂ ਵੀ ਓਨੀਆਂ ਹੀ ਮਹੱਤਵਪੂਰਨ ਹਨ। ਉਨ੍ਹਾਂ ਅੱਗੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਉਨ੍ਹਾਂ ਵਿੱਚ ਲੀਡਰਸ਼ਿਪ ਦੇ ਗੁਣ ਵੀ ਭਰਦੀਆਂ ਹਨ ਕਿਉਂਕਿ ਇਕ ਖਿਡਾਰੀ ਹਮੇਸ਼ਾ ਸਕਾਰਾਤਮਕ ਰਵੱਈਏ ਅਤੇ ਦ੍ਰਿੜ ਮਨੋਬਲ ਨੂੰ ਕਾਇਮ ਰੱਖਦਾ ਹੈ।ਸ੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਕੂਲ ਸਿੱਖਿਆ ਦੇ ਹਰ ਖੇਤਰ ਵਿੱਚ ਵਿਕਾਸ ਨੂੰ ਯਕੀਨੀ ਬਣਾਇਆ ਹੈ ਜੋ ਕਿ ਵਿਦਿਆਰਥੀਆਂ ਅਤੇ ਸਿੱਖਿਆ ਵਿਭਾਗ ਦੀ ਸਫਲਤਾ ਤੋਂ ਸਾਫ਼ ਝਲਕਦਾ ਹੈ। ਉਨ੍ਹਾਂ ਕਿਹਾ ਕਿ ਹੋਰ ਪ੍ਰਾਪਤੀਆਂ ਤੋਂ ਇਲਾਵਾ ਪੰਜਾਬ ਨੂੰ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ (ਪੀਜੀਆਈ) ਵਿੱਚ ਚੋਟੀ ਦਾ ਸਥਾਨ ਮਿਲਿਆ। ਇਹ ਰੈਕਿੰਗ ਕੇਂਦਰ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ 70 ਮਾਪਦੰਡਾਂ ਦੇ ਅਧਾਰ ‘ਤੇ ਜਾਰੀ ਕੀਤੀ ਗਈ ਸੀ।ਕੈਬਨਿਟ ਮੰਤਰੀ ਨੇ ਕਿਹਾ ਕਿ ਨਵੀਂਆਂ ਪਹਿਲਕਦਮੀਆਂ ਅਤੇ ਸੁਧਾਰਾਂ ਦੀ ਸ਼ੁਰੂਆਤ ਕਰਨ ਤੋਂ ਇਲਾਵਾ, ਉਨ੍ਹਾਂ ਦੀ ਸਰਕਾਰ ਨੇ ਸਿੱਖਿਆ ਖੇਤਰ ਦੇ ਹਰ ਪ੍ਰਬੰਧਕੀ ਪੜਾਅ ‘ਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਅਧਿਆਪਕ ਤਬਾਦਲਾ ਨੀਤੀ ਦੇ ਆਧਾਰ ‘ਤੇ 21,000 ਤੋਂ ਵੱਧ ਤਬਾਦਲੇ ਕੀਤੇ ਗਏ ਹਨ। ਇਹ ਨੀਤੀ ਅਧਿਆਪਕਾਂ ਨੂੰ ਸਿਰਫ ਉਨ੍ਹਾਂ ਦੀ ਕਾਰਗੁਜ਼ਾਰੀ ਦੇ ਆਧਾਰ ਤੇ ਆਪਣੀਆਂ ਪਸੰਦ ਦੀਆਂ ਥਾਵਾਂ
ਤੇ ਬਦਲੀ ਕਰਵਾਉਣ ਦੇ ਮੌਕੇ ਪ੍ਰਦਾਨ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਪਿਆਂ ਨੇ ਵੀ ਸਰਕਾਰੀ ਸਕੂਲਾਂ ਵਿੱਚ ਭਰੋਸਾ ਜਤਾਇਆ ਹੈ ਅਤੇ ਲਗਭਗ 5.5 ਲੱਖ ਬੱਚਿਆਂ ਨੇ ਨਿੱਜੀ ਸਕੂਲਾਂ `ਚੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ ਹੈ।