ਅੰਮ੍ਰਿਤਸਰ – ਅੰਗਰੇਜ਼ੀ ਟ੍ਰਿਬਿਊਨ ’ਚ ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨ ਕੋਸ਼ ਦੇ ਸਬੰਧ ਵਿਚ ਛਪੀ ਖ਼ਬਰ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨੂੰ ਕਿਹਾ ਕਿ ਮਹਾਨਕੋਸ਼ ਛਾਪਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਹਾਨਕੋਸ਼ ਦੀ ਦੁਬਾਰਾ ਛਪਾਈ ਸਮੇਂ ਬਹੁਤ ਸਾਰੀਆਂ ਗਲਤੀਆਂ ਉਜਾਗਰ ਹੋਈਆਂ ਸਨ, ਜਿਸ ’ਤੇ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਇਤਰਾਜ਼ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇਸ ਦੀ ਵਿਕਰੀ ’ਤੇ ਰੋਕ ਲਗਾ ਦਿੱਤੀ ਗਈ ਸੀ। ਬਾਅਦ ਵਿਚ ਯੂਨੀਵਰਸਿਟੀ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਫੈਸਲਾ ਹੋਇਆ ਸੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਕਾਨ੍ਹ ਸਿੰਘ ਨਾਭਾ ਜੀ ਦਾ ਮਹਾਨਕੋਸ਼ ਸਿੱਖ ਜਗਤ ਨਾਲ ਸਬੰਧਤ ਅਹਿਮ ਦਸਤਾਵੇਜ਼ ਹੈ, ਜਿਸ ਵਿਚ ਗੁਰਮਤਿ ਦੇ ਸਿਧਾਂਤ ਅਨੁਸਾਰ ਵੱਖ-ਵੱਖ ਵਿਸ਼ਿਆਂ ਬਾਰੇ ਜ਼ਿਕਰ ਹੈ। ਇਹ ਸਿੱਖ ਕੌਮ ਦੀ ਵਿਰਾਸਤ ਹੈ ਅਤੇ ਇਸ ਦਾ ਮੂਲ ਰੂਪ ਵਿਚ ਸੁਰੱਖਿਅਤ ਰਹਿਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਮਹਾਨਕੋਸ਼ ਦਾ ਕੰਮ ਕਰਨ ਅਤੇ ਇਸ ਨੂੰ ਮੁੜ ਛਾਪਣ ਲਈ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ, ਤਾਂ ਜੋ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੇ ਵਿਵਾਦ ਤੋਂ ਬਚਿਆ ਜਾ ਸਕੇ।