ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ ਕਰਜ਼ਾ ਸਕੀਮ ਤਹਿਤ 590 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਹੈ ਜਿਸ ਨਾਲ ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੇ ਇਕ ਹੋਰ ਪ੍ਰਮੁੱਖ ਵਾਅਦੇ ਨੂੰ ਪੂਰਾ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ।ਮੰਗਲਵਾਰ ਨੂੰ ਹੋਈ ਉਚ-ਪੱਧਰੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਚੈੱਕ ਜਾਰੀ ਕੀਤੇ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਹਿਕਾਰੀ ਸਭਾਵਾਂ ਦੇ 2,85,325 ਮੈਂਬਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ ਜਿਸ ਨਾਲ ਹਰੇਕ ਮੈਂਬਰ ਨੂੰ 20,000 ਦੀ ਰਾਹਤ ਮੁਹੱਈਆ ਹੋਵੇਗੀ। ਉਨਾਂ ਨੇ ਵਿੱਤ ਅਤੇ ਸਹਿਕਾਰਤਾ ਵਿਭਾਗਾਂ ਨੂੰ ਇਸ ਫੈਸਲੇ ਨੂੰ ਜ਼ਮੀਨੀ ਪੱਧਰ ਉਤੇ ਕਾਰਗਰ ਢੰਗ ਨਾਲ ਅਮਲ ਵਿਚ ਲਿਆਉਣ ਲਈ ਪ੍ਰਕਿਰਿਆ ਨੂੰ ਅਮਲੀਜਾਮਾ ਪਹਿਨਾਉਣ ਦੇ ਆਦੇਸ਼ ਦਿੱਤੇ ਹਨ।ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ-2019 ਦੇ ਤਹਿਤ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਮੈਬਰਾਂ ਲਈ ਕਰਜ਼ਾ ਰਾਹਤ ਸਕੀਮ ਉਲੀਕੀ ਸੀ ਜਿਸ ਦੇ ਘੇਰੇ ਹੇਠ ਸੂਬੇ ਵਿਚ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਜ਼ਿਲਾ ਕੇਂਦਰੀ ਸਹਿਕਾਰੀ ਬੈਂਕਾਂ ਵੱਲੋਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਦਿੱਤੇ ਗੈਰ-ਵਾਹੀਯੋਗ ਕਰਜ਼ੇ ਸ਼ਾਮਲ ਹੋਣਗੇ।ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਮੁੱਖ ਮੰਤਰੀ ਦੇ ਪ੍ਰਮੁੱਖ ਪ੍ਰੋਗਰਾਮ ‘ਕਰਜ਼ਾ ਰਾਹਤ ਸਕੀਮ’ ਦੇ ਹੇਠ ਕਿਸਾਨਾਂ ਦੇ ਕਰਜ਼ਿਆਂ ਉਤੇ ਲੀਕ ਫੇਰਨ ਤੋਂ ਬਾਅਦ ਕੀਤਾ ਗਿਆ ਹੈ। ਪੰਜਾਬ ਕਾਂਗਰਸ ਵੱਲੋਂ ਸਾਲ 2017 ਵਿਚ ਕਰਜ਼ਾ ਮੁਆਫੀ ਦਾ ਚੋਣ ਵਾਅਦਾ ਕੀਤਾ ਗਿਆ ਸੀ ਜਿਸ ਤਹਿਤ ਇਸ ਸਕੀਮ ਹੇਠ ਹੁਣ ਤੱਕ 5.64 ਲੱਖ ਕਿਸਾਨਾਂ ਦਾ 4624 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ।ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ 50-50 ਹਜ਼ਾਰ ਰੁਪਏ ਦੇ ਕਰਜ਼ੇ ਮੁਆਫ ਕੀਤੇ ਜਾ ਚੁੱਕੇ ਹਨ ਜਿਨਾਂ ਵਿਚ ਐਸ.ਸੀ. ਕਾਰਪੋਰੇਸ਼ਨ ਵੱਲੋਂ 6405 ਲਾਭਪਾਤਰੀਆਂ ਦੇ 58.39 ਕਰੋੜ ਰੁਪਏ ਜਦਕਿ ਬੀ.ਸੀ. ਕਾਰਪੋਰੇਸ਼ਨ ਵੱਲੋਂ 1225 ਲਾਭਪਾਤਰੀਆਂ ਨੂੰ 20.71 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਿੱਤੀ ਗਈ।ਇਸ ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ ਹਾਜਰ ਸਨ।