ਅੰਮ੍ਰਿਤਸਰ – ਗੁਰਦੁਆਰਾ ਸੁਧਾਰ ਲਹਿਰ ਦੇ ਸਿਰਕੱਢ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ ਬਰਸੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਯਾਦ ਵਿਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕੀਤੇ ਗਏ ਇਸ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਅਤੇ ਭਾਈ ਕੁਲਦੀਪ ਸਿੰਘ ਦੇ ਜਥਿਆਂ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ।ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਬੀਬੀ ਕਿਰਨਜੋਤ ਕੌਰ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਸ. ਤੇਜਾ ਸਿੰਘ ਸਮੁੰਦਰੀ ਦੇ ਜੀਵਨ ਅਤੇ ਉਨ੍ਹਾਂ ਦੀ ਪੰਥਕ ਦੇਣ ਬਾਰੇ ਵਿਚਾਰ ਸਾਂਝੇ ਕੀਤੇ। ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਨੇ ਪੰਥਕ ਖੇਤਰ ਵਿਚ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ ਅਤੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਵਿਚ ਵੀ ਉਨ੍ਹਾਂ ਦਾ ਵੱਡਾ ਯੋਗਦਾਨ ਸੀ। ਉਨ੍ਹਾਂ ਕਿਹਾ ਕਿ ਸਿੱਖ ਪੰਥ ਲਈ ਸਮਰਪਿਤ ਰਹੇ ਇਸ ਮਹਾਨ ਆਗੂ ਦਾ ਪੰਥਕ ਅਤੇ ਸ਼ਖ਼ਸੀ ਜੀਵਨ ਸਿੱਖ ਕੌਮ ਲਈ ਰਾਹ ਦਸੇਰਾ ਹੈ।ਇਸ ਮੌਕੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਸਿੱਖ ਧਰਮ ਦਾ ਦੂਜਿਆਂ ਨਾਲੋਂ ਇਹ ਫਰਕ ਹੈ ਕਿ ਅਸੀਂ ਕੌਮ ਲਈ ਲੜਣ ਵਾਲੇ ਆਗੂਆਂ ਨੂੰ ਸ਼ਰਧਾ ਨਾਲ ਯਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵਡੇਰਿਆਂ ਨੇ ਕੁਰਬਾਨੀਆਂ ਕਰਕੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਕੀਤੀ ਸੀ, ਜਿਸ ਵਿਚ ਸ. ਤੇਜਾ ਸਿੰਘ ਸਮੁੰਦਰੀ ਦਾ ਅਹਿਮ ਯੋਗਦਾਨ ਸੀ। ਜਥੇਦਾਰ ਤੇਜਾ ਸਿੰਘ ਦੀ ਮਹਾਨ ਦੇਣ ਕਰਕੇ ਕੌਮ ਉਨ੍ਹਾਂ ਦਾ ਅਥਾਹ ਸਤਿਕਾਰ ਕਰਦੀ ਹੈ। ਸ. ਸਿਆਲਕਾ ਨੇ ਕੌਮ ਨੂੰ ਵਰਤਮਾਨ ਚੁਣੌਤੀਆਂ ਦੇ ਮੁਕਾਬਲੇ ਲਈ ਨੌਜਵਾਨ ਪੀੜੀ ਨੂੰ ਸ. ਤੇਜਾ ਸਿੰਘ ਸਮੁੰਦਰੀ ਵਰਗੇ ਸਿੱਖਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਕੁਝ ਲੋਕ ਸਿੱਖ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ, ਜਿਨ੍ਹਾਂ ਦੇ ਮਨਸੂਬਿਆਂ ਨੂੰ ਪਛਾਨਣ ਦੀ ਲੋੜ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਨੇ ਕੇਵਲ 44 ਕੁ ਸਾਲ ਦੀ ਉਮਰ ਵਿਚ ਪੰਥਕ ਖੇਤਰ ਵਿਚ ਵੱਡੇ ਕਾਰਜ਼ ਕੀਤੇ। ਸ. ਤੇਜਾ ਸਿੰਘ ਵੱਲੋਂ ਐਜ਼ੂਕੇਸ਼ਨ ਦੇ ਖੇਤਰ ਵਿਚ ਵੀ ਅਹਿਮ ਯੋਗਦਾਨ ਪਾਇਆ ਗਿਆ। ਉਨ੍ਹਾਂ ਕਿਹਾ ਕਿ ਸ. ਤੇਜਾ ਸਿੰਘ ਜਿਹੇ ਅਨੇਕਾਂ ਸੂਰਮਿਆਂ ਨੇ ਆਪਣਾ ਲਾਹੂ ਡੋਲ ਕੇ ਸਿੱਖ ਕੌਮ ਦੀ ਸੇਵਾ ਕੀਤੀ ਹੈ ਅਤੇ ਉਨ੍ਹਾਂ ਦੀ ਸੋਚ ’ਤੇ ਪਹਿਰਾ ਦੇਣਾ ਸਮੇਂ ਦੀ ਲੋੜ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਜਥੇਦਾਰ ਤੇਜਾ ਸਿੰਘ ਸਮੁੰਦਰੀ ਅਤੇ ਮਾਸਟਰ ਤਾਰਾ ਸਿੰਘ ਦੇ ਆਪਸੀ ਰਿਸ਼ਤਿਆਂ ਅਤੇ ਪੰਥਪ੍ਰਸਤੀ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਸਮੇਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਰਾਮ ਸਿੰਘ, ਸ. ਗੁਰਮੀਤ ਸਿੰਘ ਬੂਹ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਕਿਰਨਜੋਤ ਕੌਰ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਮੀਤ ਸਿੰਘ ਬੁੱਟਰ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਸ. ਸਤਬੀਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦਾ ਸਟਾਫ ਹਾਜ਼ਰ ਸੀ।