ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਹਲਕੇ ਵਿਚ ਹੋਵੇਗਾ ਇੱਕ ਵੱਡਾ ਸਮਾਗਮ- ਬੀਬੀ ਜਗੀਰ ਕੌਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਚਾਰਕਾਂ ਨਾਲ ਅੱਜ ਇਕ ਵਿਸ਼ੇਸ਼ ਇਕੱਤਰਤਾ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸਿੱਖੀ ਪ੍ਰਚਾਰ ਲਈ ਗੁਰਮਤਿ ਸਮਾਗਮਾਂ ਦੀ ਲੜੀ ਆਰੰਭਣ ਲਈ ਆਦੇਸ਼ ਕੀਤੇ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੌਜੂਦ ਸਨ।ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਪ੍ਰਚਾਰਕ ਸ਼੍ਰੇਣੀ ਦਾ ਯੋਗਦਾਨ ਅਤਿ ਮਹੱਤਵਪੂਰਨ ਹੈ ਅਤੇ ਸੰਗਤ ਅੰਦਰ ਗੁਰਮਤਿ ਦੀ ਵਿਚਾਰਧਾਰਾ ਦਾ ਸੰਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਦੀ ਭੂਮਿਕਾ ਸ਼ਲਾਘਾਯੋਗ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਕਾਰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਵੱਡੇ ਪੱਧਰ ’ਤੇ ਸਮਾਗਮ ਨਹੀਂ ਕੀਤੇ ਜਾ ਸਕੇ ਸਨ। ਇਸ ਲਈ ਅੰਤ੍ਰਿੰਗ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਹੁਣ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਹਲਕੇ ਵਿਚ ਇੱਕ ਵੱਡਾ ਸਮਾਗਮ ਕੀਤਾ ਜਾਵੇਗਾ, ਜਿਸ ਤੋਂ ਪਹਿਲਾਂ ਉਸ ਹਲਕੇ ਦੇ ਸਾਰੇ ਪਿੰਡਾਂ ਵਿਚ ਪ੍ਰਚਾਰਕ ਸਿੰਘ ਸਮਾਗਮ ਕਰਨਗੇ। ਇਸ ਦੇ ਨਾਲ ਹੀ ਪੰਜਾਬ ਤੋਂ ਬਾਹਰ ਵੱਖ-ਵੱਖ ਸੂਬਿਆਂ ਵਿਚ ਵੀ ਵੱਡੇ ਸਮਾਗਮ ਕਰਕੇ ਸੰਗਤਾਂ ਨੂੰ ਗੁਰਮਤਿ ਨਾਲ ਜੋੜਣ ਦਾ ਉਪਰਾਲਾ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਇੱਕ ਫੈਸਲਾ ਕੀਤਾ ਗਿਆ ਹੈ ਕਿ ਪਿੰਡਾਂ ਵਿਚ ਜੋ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਤ ਮਰਯਾਦਾ ਨੂੰ ਸਮਰਪਿਤ ਹਨ ਅਤੇ ਘੱਟੋ-ਘੱਟ ਦਸ ਪ੍ਰਾਣੀਆਂ ਨੂੰ ਗੁਰਬਾਣੀ ਦੀ ਸੰਥਿਆਂ ਦਿੰਦੇ ਹੋਣ ਉਨ੍ਹਾਂ ਨੂੰ ਦੋ ਹਜ਼ਾਰ ਰੁਪਏ ਮਾਸਿਕ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪ੍ਰਚਾਰਕ ਸਾਹਿਬਾਨ ਪਿੰਡਾਂ ਵਿਚੋਂ ਉਨ੍ਹਾਂ ਗ੍ਰੰਥੀਆਂ ਦਾ ਪਤਾ ਲਗਾਉਣ ਜਿਨ੍ਹਾਂ ਨੇ ਆਪ ਸੰਥਿਆਂ ਲਈ ਹੋਵੇ ਅਤੇ ਬੱਚਿਆਂ ਨੂੰ ਸੰਥਿਆਂ ਕਰਵਾ ਸਕਦੇ ਹੋਣ।ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਪ੍ਰਚਾਰਕਾਂ ਨੂੰ ਗੁਰੂ ਸਾਹਿਬਾਨ ਦੇ ਫਲਸਫੇ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਸਿਮਰਜੀਤ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਓਐਸਡੀ ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਕਰਤਾਰ ਸਿੰਘ, ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸਹੂਰ, ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆ, ਪ੍ਰਚਾਰਕ ਭਾਈ ਜੱਜ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਗੁਰਬਚਨ ਸਿੰਘ ਕਲਸੀਆਂ, ਭਾਈ ਰਣਜੀਤ ਸਿੰਘ, ਭਾਈ ਅਮਰ ਸਿੰਘ, ਭਾਈ ਗੁਰਭੇਜ ਸਿੰਘ ਆਦਿ ਮੌਜੂਦ ਸਨ।