ਨਵੀਂ ਦਿੱਲੀ – ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸੰਯੁਕਤ ਰਾਸ਼ਟਰ ਨੂੰ ਦੱਸਿਆ ਕਿ ਸਾਲ 2030 ਤੱਕ ਸਥਾਈ ਵਿਕਾਸ ਟੀਚੇ ਹਾਸਲ ਕਰਨ ਲਈ ਖੇਤੀ ਸੈਕਟਰ ਮੁੱਖ ਜ਼ਰੀਆ ਹਨ। ਉਨ੍ਹਾਂ ਕਿਹਾ ਕਿ 17 ਵਿੱਚੋਂ 12 ਸਥਾਈ ਵਿਕਾਸ ਟੀਚੇ ਸਿੱਧੇ ਤੌਰ ’ਤੇ ਖੇਤੀ ’ਤੇ ਨਿਰਭਰ ਕਰਦੇ ਹਨ। ਇੱਕ ਵਰਚੁਅਲ ਯੂਐੱਨ ਫੂਡ ਸਿਸਟਮਜ਼ ਸੰਮੇਲਨ ਮੌਕੇ ਸੰਬੋਧਨ ਕਰਦਿਆਂ ਸ੍ਰੀ ਤੋਮਰ ਨੇ ਦੱਸਿਆ ਕਿ ਖੇਤੀ ਵਿਕਾਸਸ਼ੀਲ ਮੁਲਕਾਂ ਵਿੱਚ ਸਮਾਜਿਕ-ਆਰਥਿਕ ਤਬਦੀਲੀਆਂ ਲਿਆਉਣ ’ਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਭਾਰਤ 2030 ਦੇ ਸਥਾਈ ਵਿਕਾਸ ਟੀਚੇ ਹਾਸਲ ਕਰਨ ਲਈ ਵਚਨਬੱਧ ਹੈ ਤੇ ਆਪਣੇ ਖੇਤੀਬਾੜੀ ਆਧਰਤ ਭੋਜਨ ਪ੍ਰਣਾਲੀਆਂ ਨੂੰ ਸਥਾਈ ਬਣਾਉਣ ਦਾ ਯਤਨ ਕਰ ਰਿਹਾ ਹੈ। ਭਾਰਤ ਵਿੱਚ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਚੁੱਕੇ ਜਾਣ ਵਾਲੇ ਵੱਖ-ਵੱਖ ਕਦਮਾਂ ਦਾ ਜ਼ਿਕਰ ਕਰਦਿਆਂ ਸ੍ਰੀ ਤੋਮਰ ਨੇ ਕਿਹਾ ਕਿ ਸਰਕਾਰ ਨੇ 1 ਲੱਖ ਕਰੋੜ ਰੁਪਏ ਨਾਲ‘ਐਗਰੀਕਲਚਰ ਇਨਫਰਾਸਟਰਕਚਰ ਫੰਡ’ ਸਥਾਪਤ ਕਰਨ ਤੋਂ ਇਲਾਵਾ ਹੋਰ ਕਈ ਕਦਮ ਵੀ ਚੁੱਕੇ ਹਨ।