ਨਵੀਂ ਦਿੱਲੀ – ਪੈਗਾਸਸ ਜਾਸੂਸੀ ਕਾਂਡ ਦੀ ਮੌਜੂਦਾ ਜੱਜ ਜਾਂ ਸੇਵਾਮੁਕਤ ਜੱਜ ਤੋਂ ਨਿਰਪੱਖ ਜਾਂਚ ਕਰਵਾਏ ਜਾਣ ਦੀ ਮੰਗ ਵਾਲੀਆਂ ਅਰਜ਼ੀਆਂ ’ਤੇ ਸੁਪਰੀਮ ਕੋਰਟ ਵੱਲੋਂ 5 ਅਗਸਤ ਨੂੰ ਸੁਣਵਾਈ ਕੀਤੀ ਜਾਵੇਗੀ। ਇਨ੍ਹਾਂ ’ਚ ਦੋ ਸੀਨੀਅਰ ਪੱਤਰਕਾਰਾਂ ਐੱਨ ਰਾਮ ਅਤੇ ਸ਼ਸ਼ੀ ਕੁਮਾਰ ਦੀਆਂ ਪਟੀਸ਼ਨਾਂ ਵੀ ਸ਼ਾਮਲ ਹਨ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਅਗਲੇ ਹਫ਼ਤੇ ਦੇ ਕੇਸਾਂ ਦੀ ਅਪਲੋਡ ਕੀਤੀ ਗਈ ਸੂਚੀ ਮੁਤਾਬਕ ਚੀਫ਼ ਜਸਟਿਸ ਐੱਨ ਵੀ ਰਾਮੰਨਾ ਅਤੇ ਜਸਟਿਸ ਸੂਰਿਆ ਕਾਂਤ ’ਤੇ ਆਧਾਰਿਤ ਬੈਂਚ ਵੱਲੋਂ ਤਿੰਨ ਵੱਖੋ ਵੱਖਰੀਆਂ ਪਟੀਸ਼ਨਾਂ ’ਤੇ 5 ਅਗਸਤ ਨੂੰ ਸੁਣਵਾਈ ਕੀਤੀ ਜਾਵੇਗੀ। ਪੱਤਰਕਾਰਾਂ ਐੱਨ ਰਾਮ ਅਤੇ ਸ਼ਸ਼ੀ ਕੁਮਾਰ ਵੱਲੋਂ ਦਾਖ਼ਲ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ 30 ਜੁਲਾਈ ਨੂੰ ਕਿਹਾ ਸੀ ਕਿ ਉਹ ਅਗਲੇ ਹਫ਼ਤੇ ਇਨ੍ਹਾਂ ’ਤੇ ਸੁਣਵਾਈ ਕਰੇਗੀ। ਪੱਤਰਕਾਰਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਜਾਸੂਸੀ ਕਾਂਡ ਦਾ ਗੰਭੀਰ ਅਸਰ ਹੋਣ ਕਰਕੇ ਅਰਜ਼ੀ ’ਤੇ ਫ਼ੌਰੀ ਸੁਣਵਾਈ ਦੀ ਲੋੜ ਹੈ। ਅਰਜ਼ੀ ਮੁਤਾਬਕ ਮੁਲਕ ’ਚ ਬੋਲਣ ਦੀ ਆਜ਼ਾਦੀ ਅਤੇ ਅਸਹਿਮਤੀ ਦੇ ਪ੍ਰਗਟਾਵੇ ਨੂੰ ਦਬਾਉਣ ਲਈ ਕਥਿਤ ਤੌਰ ’ਤੇ ਜਾਸੂਸੀ ਦਾ ਸਹਾਰਾ ਲਿਆ ਗਿਆ ਹੈ। ਸੁਪਰੀਮ ਕੋਰਟ ’ਚ ਵਕੀਲ ਐੱਮ ਐੱਲ ਸ਼ਰਮਾ ਅਤੇ ਰਾਜ ਸਭਾ ਮੈਂਬਰ ਜੌਹਨ ਬ੍ਰਿਟਾਸ ਨੇ ਵੀ ਪੈਗਾਸਸ ਜਾਸੂਸੀ ਕਾਂਡ ਦੀ ਜਾਂਚ ਕਰਾਉਣ ਲਈ ਅਰਜ਼ੀ ਦਾਖ਼ਲ ਕੀਤੀ ਹੋਈ ਹੈ।