ਪੰਚਕੂਲਾ, 18 ਅਗਸਤ-ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਕੋਰਟ ਨੇ ਰਣਜੀਤ ਸਿੰਘ ਹੱਤਿਆ ਮਾਮਲੇ ਵਿੱਚ ਫੈਸਲੇ ਲਈ ਤਰੀਕ ਸੁਰੱਖਿਅਤ ਰੱਖੀ। ਪਿਛਲੀ ਸੁਣਵਾਈ ਵਿੱਚ ਫਾਈਨਲ ਬਹਿਸ ਪੂਰੀ ਹੋਣ ਤੋਂ ਬਾਅਦ ਅੱਜ ਸੁਣਵਾਈ ਦੌਰਾਨ 24 ਅਗਸਤ ਦੀ ਤਰੀਕ ਯਕੀਨੀ ਬਣਾਈ ਗਈ ਹੈ। 24 ਅਗਸਤ ਨੂੰ ਸੀਬੀਆਈ ਕੋਰਟ ਵੱਲੋਂ ਫ਼ੈਸਲਾ ਸੁਣਾਇਆ ਜਾ ਸਕਦਾ ਹੈ। ਅੱਜ ਦੀ ਸੁਣਵਾਈ ਦੌਰਾਨ ਬਚਾਅ ਧਿਰ ਨੇ ਸੀਬੀਆਈ ਕੋਰਟ ਵਿੱਚ ਫਾਈਨਲ ਬਹਿਸ ਦੇ ਸਾਰੇ ਦਸਤਾਵੇਜ਼ ਜਮ੍ਹਾਂ ਕੀਤੇ।
ਡੇਰਾ ਪ੍ਰਬੰਧਕ ਰਣਜੀਤ ਸਿੰਘ ਹੱਤਿਆਕਾਂਡ ਵਿੱਚ ਸੀਬੀਆਈ ਵੱਲੋਂ ਬਚਾਅ ਧਿਰ ਵੱਲੋਂ ਦਿੱਤੀਆਂ ਗਈਆਂ ਦਲੀਲਾਂ ਤੇ ਆਪਣਾ ਪੱਖ ਰੱਖਣ ਲਈ ਸਮਾਂ ਮੰਗਿਆ ਗਿਆ। ਸੀਬੀਆਈ ਦੇ ਵਕੀਲ ਐਚਪੀਐਸ ਵਰਮਾ ਨੇ ਅਦਾਲਤ ਨੂੰ ਕਿਹਾ ਕਿ ਉਹ ਜਵਾਬ ਦੇਣ ਲਈ ਕੁਝ ਸਮਾਂ ਚਾਹੁੰਦੇ ਹਨ ਪਰ ਅਦਾਲਤ ਵੱਲੋਂ ਸਮਾਂ ਦੇਣ ਤੋਂ ਇਨਕਾਰ ਕਰਦੇ ਹੋਏ ਰਣਜੀਤ ਹੱਤਿਆਕਾਂਡ ਵਿੱਚ ਫ਼ੈਸਲਾ ਸੁਣਾਉਣ ਲਈ 24 ਅਗਸਤ ਸੁਰੱਖਿਅਤ ਕਰ ਲਈ। ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ 2 ਸਾਧਵੀਆਂ ਦੇ ਜਿਨਸੀ ਸ਼ੋਸ਼ਣ ਵਿੱਚ 20 ਸਾਲ ਦੀ ਸਜ਼ਾ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਹਤਿਆਕਾਂਡ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।
10 ਜੁਲਾਈ 2002 ਨੂੰ ਡੇਰੇ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ ਕੁਰੂਕਸ਼ੇਤਰ ਦੇ ਰਣਜੀਤ ਦਾ ਮਰਡਰ ਹੋਇਆ ਸੀ। ਡੇਰਾ ਪ੍ਰਬੰਧਨ ਨੂੰ ਸ਼ੱਕ ਸੀ ਕਿ ਰਣਜੀਤ ਨੇ ਸਾਧਵੀ ਜਿਨਸੀ ਸ਼ੋਸ਼ਣ ਦੀ ਗੁੰਮਨਾਮ ਚਿੱਠੀ ਆਪਣੀ ਭੈਣ ਤੋਂ ਹੀ ਲਿਖਵਾਈ ਸੀ। ਪੁਲੀਸ ਜਾਂਚ ਤੋਂ ਅਸੰਤੁਸ਼ਟ ਰਣਜੀਤ ਦੇ ਪਿਤਾ ਨੇ ਜਨਵਰੀ 2003 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਦੋਸ਼ ਹੈ ਕਿ ਰਣਜੀਤ ਸਿੰਘ ਹੱਤਿਆ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਪੰਜ ਮੈਂਬਰ ਅਵਤਾਰ, ਇੰਦਰ ਸੈਣੀ, ਕ੍ਰਿਸ਼ਨ ਲਾਲ, ਜਸਬੀਰ ਸਿੰਘ ਤੇ ਸਬਦਿਲ ਸਿੰਘ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਕਹਿਣ ਤੇ ਰਣਜੀਤ ਸਿੰਘ ਦੀ ਹੱਤਿਆ ਦੀ ਸਾਜ਼ਿਸ਼ ਘੜੀ ਸੀ। ਤਿੰਨ ਗਵਾਹ ਅਹਿਮ ਸਨ। ਇਨ੍ਹਾਂ ਵਿਚੋਂ ਦੋ ਚਸ਼ਮਦੀਦ ਸੁਖਦੇਵ ਸਿੰਘ ਤੇ ਜੋਗਿੰਦਰ ਸਿੰਘ ਹਨ ਜਿਨ੍ਹਾਂ ਨੇ ਇਸਤਗਾਸਾ ਨੂੰ ਰਣਜੀਤ ਸਿੰਘ ਤੇ ਗੋਲ਼ੀ ਚਲਾਉਂਦੇ ਹੋਏ ਦੇਖਿਆ ਸੀ। ਤੀਸਰਾ ਗਵਾਹ ਗੁਰਮੀਤ ਦਾ ਡਰਾਈਵਰ ਖੱਟਾ ਸਿੰਘ ਸੀ, ਜਿਸ ਦੇ ਸਾਹਮਣੇ ਰਣਜੀਤ ਨੂੰ ਮਾਰਨ ਲਈ ਕਿਹਾ ਗਿਆ ਸੀ।