ਐਸ.ਏ.ਐਸ. ਨਗਰ, 18 ਅਗਸਤ – ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ. ਮੋਹਨ ਲਾਲ ਸੂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਵੱਲੋਂ ਸੁਤੰਤਰਤਾ ਦਿਵਸ ਮੌਕੇ ਕਾਰਪੋਰੇਸ਼ਨ ਤੋਂ 31 ਮਾਰਚ 2021 ਤੱਕ ਕਰਜ਼ਾ ਲੈਣ ਵਾਲੇ ਸਮੂਹ ਕਰਜ਼ਦਾਰਾਂ ਦਾ 50 ਹਜ਼ਾਰ ਰੁਪਏ ਤੱਕ ਕਰਜ਼ਾ ਮੁਆਫ਼ ਕਰਨ ਦੇ ਕੀਤੇ ਐਲਾਨ ਨਾਲ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਲਗਪਗ 10151 ਕਰਜ਼ਦਾਰਾਂ ਨੂੰ 41.48 ਕਰੋੜ ਰੁਪਏ ਦੀ ਵੱਡੀ ਰਾਹਤ ਮਿਲੀ ਹੈ।
ਉਹਨਾਂ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਵਲੋਂ ਬੀਤੀ 28 ਜੂਨ ਨੂੰ ਮੁੱਖ ਮੰਤਰੀ ਨੂੰ ਪੱਤਰ ਲਿਖ ਮੰਗ ਕੀਤੀ ਸੀ ਕਿ ਜਿਸ ਤਰੀਕੇ ਨਾਲ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਕੇ ਰਾਹਤ ਦਿੱਤੀ ਗਈ ਹੈ, ਉਸੇ ਤਰਜ਼ ਤੇ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਦਾ ਕਰਜ਼ਾ ਵੀ ਮੁਆਫ਼ ਕੀਤਾ ਜਾਵੇ ਕਿਉਂਕਿ ਕਰੋਨਾ ਦੀ ਮਹਾਂਮਾਰੀ ਦੌਰਾਨ ਛੋਟੇ ਕਾਰੋਬਾਰੀ ਜੋ ਕਰਜ਼ਾ ਚੁੱਕ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੇ ਸਨ, ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ ਕੇਵਲ ਕਰਜ਼ੇ ਮੁਆਫ਼ੀ ਨਾਲ ਰਾਹਤ ਹੀ ਨਹੀਂ ਦਿੱਤੀ ਗਈ ਬਲਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮੁਹਈਆ ਕਰਨ ਦੇ ਪ੍ਰਮੁੱਖ ਪ੍ਰੋਗਰਾਮ ਅਧੀਨ ਅਨੁਸੂਚਿਤ ਜਾਤੀਆਂ ਦੇ ਗਰੀਬ ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਮੰਤਵ ਨਾਲ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਸਾਲ 2019-20 ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਰਜ਼ਾ ਵੰਡ ਮੁਹਿੰਮ ਦੌਰਾਨ 1779 ਲਾਭਪਾਤਰੀਆਂ ਨੂੰ 15.35 ਕਰੋੜ ਰੁਪਏ ਦਾ ਕਰਜ਼ਾ (ਸਮੇਤ 1.35 ਕਰੋੜ ਰੁਪਏ ਦੀ ਸਬਸਿਡੀ) ਵੰਡਿਆ ਗਿਆ ਹੈ।