ਅੰਮ੍ਰਿਤਸਰ 26 ਅਗਸਤ 2021 – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਵਿਸ਼ੇਸ਼ ਸੇਵਾ ਸੰਭਾਲ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤਿੰਨ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਪੰਥਕ ਮਰਯਾਦਾ ਅਨੁਸਾਰ ਸੇਵਾ ਸੌਂਪੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਗਿਆਨੀ ਰਾਜਦੀਪ ਸਿੰਘ, ਗਿਆਨੀ ਸੁਲਤਾਨ ਸਿੰਘ ਅਤੇ ਗਿਆਨੀ ਬਲਜੀਤ ਸਿੰਘ ਦੇ ਨਾਮ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ‘ਗ੍ਰੰਥੀ ਸਿੰਘ’ ਵਜੋਂ ਐਲਾਨ ਕੀਤੇ, ਜਿਨ੍ਹਾਂ ਨੂੰ ਹਾਜ਼ਰ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ।
ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ-ਏ-ਮਸਕੀਨ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ, ਸ਼੍ਰੋਮਣੀ ਅਕਾਲੀ ਦਲ ਤੇ ਧਾਰਮਿਕ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਪ੍ਰਮੁੱਖ ਧਾਰਮਿਕ ਸਖ਼ਸ਼ੀਅਤਾਂ ਨੇ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ। ਸੇਵਾ ਸੰਭਾਲ ਸਮਾਗਮ ਮਗਰੋਂ ਨਵੇਂ ਨਿਯੁਕਤ ਹੋਏ ਤਿੰਨੇ ਗ੍ਰੰਥੀ ਸਿੰਘ ਸਾਹਿਬਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਸਿੱਖ ਰਵਾਇਤ ਅਨੁਸਾਰ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਲੈ ਕੇ ਸੇਵਾ ਸ਼ੁਰੂ ਕੀਤੀ। ਇਸੇ ਦੌਰਾਨ ਉਨ੍ਹਾਂ ਨੇ ਬਾਬਾ ਅਟੱਲ ਰਾਏ ਸਾਹਿਬ ਵੀ ਚੱਲਦੀ ਆ ਰਹੀ ਪੰਥਕ ਰਵਾਇਤ ਤਹਿਤ ਦੇਗ ਕਰਵਾਈ ਅਤੇ ਪਾਵਨ ਹੁਕਮਨਾਮਾ ਲਿਆ।
ਇਸ ਤੋਂ ਪਹਿਲਾਂ ਸੇਵਾ ਸੰਭਾਲ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਾਵਨ ਅਸਥਾਨ ਦੀ ਸੇਵਾ ਸੰਭਾਲ ਦੇ ਇਤਿਹਾਸ ਅਤੇ ਰਵਾਇਤ ਤੋਂ ਜਾਣੂ ਕਰਵਾਉਂਦਿਆਂ ਇਸ ਸੇਵਾ ਨੂੰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਸ੍ਰੀ ਅੰਮ੍ਰਿਤਸਰ ਸ਼ਹਿਰ ਵਸਾਉਣ ਮਗਰੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸਥਾਪਨਾ ਕਰਕੇ ਪੂਰੇ ਵਿਸ਼ਵ ਨੂੰ ਅਧਿਆਤਮਿਕ ਕੇਂਦਰ ਪ੍ਰਦਾਨ ਕੀਤਾ, ਜਿਥੇ ਹਰ ਵਰਗ ਦੇ ਲੋਕ ਨਤਮਸਤਕ ਹੋ ਕੇ ਆਪਣੀਆਂ ਅਰਦਾਸਾਂ ਕਰਦੇ ਹਨ।
ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਵਿਖੇ ਗ੍ਰੰਥੀ ਦੀ ਸੇਵਾ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਵਰੋਸਾਈ ਹੋਈ ਹੈ, ਕਿਉਂਕਿ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਸਮੇਂ ਆਪ ਬਾਬਾ ਬੁੱਢਾ ਸਾਹਿਬ ਨੂੰ ਪਹਿਲੇ ਗ੍ਰੰਥੀ ਸਿੰਘ ਵਜੋਂ ਮਾਣ ਬਖ਼ਸ਼ਿਆ ਸੀ। ਇਸ ਚੱਲਦੀ ਆ ਰਹੀ ਰਵਾਇਤ ਅਨੁਸਾਰ ਹੀ ਪੰਥ ਵੱਲੋਂ ਮਰਯਾਦਾ ਅਨੁਸਾਰ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਕੀਤੀ ਜਾਂਦੀ ਹੈ। ਉਨ੍ਹਾਂ ਨਵੇਂ ਨਿਯੁਕਤ ਹੋਏ ਗ੍ਰੰਥੀ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਪਾਵਨ ਅਸਥਾਨ ਦੀ ਮਰਯਾਦਾ ਅਨੁਸਾਰ ਸੇਵਾ ਨਿਭਾਉਣ ਦੀ ਪ੍ਰੇਰਣਾ ਕੀਤੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਜਗਤ ਦਾ ਕੇਂਦਰੀ ਅਸਥਾਨ ਹੈ ਅਤੇ ਇਥੋਂ ਦੇ ਗ੍ਰੰਥੀ ਸਿੰਘ ਸਾਹਿਬਾਨ ਸਿੱਖ ਜਗਤ ਲਈ ਸਤਿਕਾਰਤ ਹਨ। ਉਨ੍ਹਾਂ ਕਿਹਾ ਕਿ ਪਹਿਲੇ ਗ੍ਰੰਥੀ ਬਾਬਾ ਬੁੱਢਾ ਜੀ ਤੋਂ ਲੈ ਕੇ ਅੱਜ ਤੱਕ ਇਸ ਪਾਵਨ ਅਸਥਾਨ ’ਤੇ ਵੱਖ-ਵੱਖ ਸਖਸ਼ੀਅਤਾਂ ਸੇਵਾ ਨਿਭਾਉਂਦੀਆਂ ਰਹੀਆਂ ਹਨ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸੇਵਾ ਗੁਰੂ ਦੀ ਬਖਸ਼ਿਸ ਨਾਲ ਪ੍ਰਾਪਤ ਹੁੰਦੀ ਹੈ। ਉਨ੍ਹਾਂ ਨਵੇਂ ਨਿਯੁਕਤ ਹੋਏ ਗ੍ਰੰਥੀ ਸਿੰਘ ਸਾਹਿਬਾਨ ਨੂੰ ਮੁਬਾਰਕ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਤਿੰਨੇ ਸ਼ਖ਼ਸੀਅਤਾਂ ਪੰਥ ਦੀ ਇਸ ਸਤਿਕਾਰਤ ਪਦਵੀ ਦੀ ਮਾਣ-ਮਰਯਾਦਾ ਦੀ ਪਾਲਣਾ ਕਰਦਿਆਂ ਸਿੱਖ ਪੰਥ ਦੀ ਸੇਵਾ ਕਰਨਗੀਆਂ।
ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਟੇਜ ਦੀ ਸੇਵਾ ਨਿਭਾਈ ਅਤੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬਾਨ ਦੇ ਇਤਿਹਾਸਕ ਪਿਛੋਕੜ, ਰਵਾਇਤ ਅਤੇ ਸੇਵਾ ਸੰਭਾਲ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਗਿਆਨੀ ਗੁਰਿਮੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਬਾਬਾ ਜੱਸਾ ਸਿੰਘ ਤੇ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਸੁੱਚਾ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਸਤਨਾਮ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵੱਲੋਂ ਬਾਬਾ ਮਨਮੋਹਣ ਸਿੰਘ, ਬਾਬਾ ਅਮਰੀਕ ਸਿੰਘ ਪਟਿਆਲੇ ਵਾਲੇ, ਦਮਦਮੀ ਟਕਸਾਲ ਵੱਲੋਂ ਬਾਬਾ ਬੋਹੜ ਸਿੰਘ, ਬਾਬਾ ਅਵਤਾਰ ਸਿੰਘ ਧੱਤਲ, ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਭਾਈ ਤੇਜਪਾਲ ਸਿੰਘ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸ. ਬਲਜੀਤ ਸਿੰਘ, ਸ. ਗੁਰਚਰਨ ਸਿੰਘ, ਮਹੰਤ ਭੁਪਿੰਦਰ ਸਿੰਘ, ਪ੍ਰਿੰਸੀਪਲ ਇੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਹਰਪਾਲ ਸਿੰਘ ਜੱਲ੍ਹਾ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਅਮਰਜੀਤ ਸਿੰਘ ਬੰਡਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਮਰੀਕ ਸਿੰਘ ਕੋਟਸ਼ਮੀਰ, ਸ. ਰਤਨ ਸਿੰਘ ਜੱਫਰਵਾਲ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਸ. ਕੰਵਰਚੜ੍ਹਤ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਗੁਰਮੀਤ ਸਿੰਘ ਆਨਰੇਰੀ ਸਕੱਤਰ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮ ਐਸੋਸੀਏਸ਼ਨ ਵੱਲੋਂ ਸ. ਜੋਗਿੰਦਰ ਸਿੰਘ ਅਦਲੀਵਾਲ ਤੇ ਸ. ਸਤਬੀਰ ਸਿੰਘ ਧਾਮੀ, ਭਾਈ ਕੁਲਵਿੰਦਰ ਸਿੰਘ ਅਰਦਾਸੀਆ, ਗਿਆਨੀ ਗੁਰਮੁੱਖ ਸਿੰਘ ਤੇ ਭਾਈ ਮਲਕੀਤ ਸਿੰਘ ਹੈੱਡ ਗ੍ਰੰਥੀ, ਬਾਬਾ ਲਖਬੀਰ ਸਿੰਘ ਟਾਂਡਾ, ਭਾਈ ਕੇਵਲ ਸਿੰਘ ਖੁਰਾਲਗੜ੍ਹ, ਹੈੱਡ ਪ੍ਰਚਾਰਕ ਗਿਆਨੀ ਜਸਵਿੰਦਰ ਸਿੰਘ ਸ਼ਹੂਰ, ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਜਗਦੇਵ ਸਿੰਘ, ਸ਼੍ਰੋਮਣੀ ਰਾਗੀ ਸਭਾ ਵੱਲੋਂ ਭਾਈ ਸ਼ੌਕੀਨ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਜਰਨੈਲ ਸਿੰਘ, ਭਾਈ ਕਰਨੈਲ ਸਿੰਘ ਸਮੇਤ ਤਖ਼ਤਾਂ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੁੱਖ ਗ੍ਰੰਥੀ ਅਤੇ ਮੈਨੇਜਰਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।