ਐਸ ਏ ਐਸ ਨਗਰ, 31 ਅਗਸਤ- ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਪਿੰਡ ਸੋਹਾਣਾ ਵਿਖੇ ਪੰਜਾਬ ਸਰਕਾਰ ਵੱਲੋਂ ਆਏ ਪੈਨਸ਼ਨ ਦੇ ਚੈਕ 658 ਲਾਭਪਾਤਰੀਆਂ ਨੂੰ ਵੰਡੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੈਨਸ਼ਨ ਦੀ ਰਕਮ 750 ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ ਅਤੇ ਅੱਜ ਪੈਨਸ਼ਨ ਵੰਡਣ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਨਗਰ ਕੌਂਸਲ ਮੁਹਾਲੀ ਦੇ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਰਾਣਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਸਿਹਤ ਮੰਤਰੀ ਸ੍ਰੰ ਬਲਬੀਰ ਸਿੰਘ ਸਿੱਧੁ ਵੱਲੋਂ ਵਿਧਾਨ ਸਭਾ ਹਲਕਾ ਮੁਹਾਲੀ ਵਿੱਚ ਚਲਾਈ ਲੋਕ ਭਲਾਈ ਸੇਵਾ ਬੱਸ ਰਾਹੀਂ ਲੋੜਵੰਦ ਲਾਭਪਾਤਰਾ ਦੇ ਪੈਨਸ਼ਨ ਦੇ ਫਾਰਮ ਭਰੇ ਗਏ ਸਨ, ਜਿਸਦੇ ਤਹਿਤ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਅੰਗਹੀਣ ਪੈਨਸ਼ਨ, ਆਸ਼ਰਿਤਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਹੋਰ ਲਾਭਪਾਤਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਪੈਨਸ਼ਨ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਮੁਹਾਲੀ ਸ਼ਹਿਰ ਦੇ ਨਾਲ ਨਾਲ ਮੁਹਾਲੀ ਦੇ ਸਮੁੱਚੇ ਪਿੰਡਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ ਅਤੇ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਦੇਣ ਲਈ ਹਰ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਕੌਂਸਲਰ ਸੁੱਚਾ ਸਿੰਘ ਕਲੌੜ, ਕੌਂਸਲਰ ਹਰਜੀਤ ਸਿੰਘ ਭੋਲੂ, ਵਿਕਟਰ ਨਿਹੋਲਕਾ, ਬੂਟਾ ਸਿੰਘ ਸੋਹਾਣਾ, ਮਾਸਟਰ ਸੁਖਦੇਵ ਸਿੰਘ, ਹਰਦਿਆਲ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।