ਚੰਡੀਗੜ੍ਹ, 2 ਸਤੰਬਰ – ਕੈਪਟਨ ਅਮਰਿੰਦਰ ਸਿੰਘ ਵਿਰੁੱਧ ਮੋਰਚਾ ਖੋਲ੍ਹਣ ਵਾਲੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਇਸ ਵਾਰ ਝਟਕਾ ਲੱਗਾ ਹੈ। ਨਵਜੋਤ ਸਿੱਧੂ ਪਿਛਲੇ ਦਿਨੀਂ ਦਿੱਲੀ ਵਿੱਚ ਸੀ ਤੇ ਕਾਂਗਰਸ ਹਾਈਕਮਾਨ ਨੂੰ ਮਿਲਣਾ ਚਾਹੁੰਦੇ ਸੀ ਪਰ ਉਹਨਾਂ ਨੂੰ ਮੁਲਾਕਾਤ ਨਈ ਸਮਾਂ ਨਾ ਮਿਲਣ ਕਾਰਨ ਇਹ ਸੰਭਵ ਨਹੀਂ ਹੋ ਸਕਿਆ ਅਤੇ ਉਨ੍ਹਾਂ ਨੂੰ ਬੇਰੰਗ ਹੀ ਪਰਤਣਾ ਪਿਆ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਨੂੰ ਪਾਰਟੀ ਹਾਈਕਮਾਂਡ ਵੱਲੋਂ ਮਿਲਣ ਦਾ ਸਮਾਂ ਨਹੀਂ ਦਿੱਤਾ ਗਿਆ। ਨਵਜੋਤ ਸਿੱਧੂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਵੀ ਨਹੀਂ ਮਿਲ ਸਕੇ ਅਤੇ ਨਿਰਾਸ਼ ਸਿੱਧੂ ਪੰਜਾਬ ਪਰਤ ਆਏ ਹਨ।
ਜਿਕਰਯੋਗ ਹੈ ਕਿ ਪੰਜਾਬ ਕਾਂਗਰਸ ਵਿੱਚ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਲੰਮੇ ਸਮੇਂ ਤੋਂ ਤਕਰਾਰ ਚਲ ਰਹੀ ਹੈ ਅਤੇ ਕੁੱਝ ਸਮਾਂ ਪਹਿਲਾਂ ਨਵਜੋਤ ਸਿੱਧੂ ਦੇ ਧੜੇ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ ਵੀ ਕੀਤੀ ਗਈ ਸੀ। ਇਸਤੋਂ ਬਾਅਦ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜਾਬ ਦਾ ਦੌਰਾ ਕੀਤਾ ਤੇ ਨਵਜੋਤ ਸਿੱਧੂ ਤੇ ਉਨ੍ਹਾਂ ਦੀ ਟੀਮ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਵਿੱਚ ਹਰੀਸ਼ ਰਾਵਤ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣਗੇ ਤੇ ਸੂਬਾ ਸਰਕਾਰ ਦੇ ਮੰਤਰੀ ਮੰਡਲ ਵਿੱਚ ਕੋਈ ਫੇਰਬਦਲ ਨਹੀਂ ਕੀਤਾ ਜਾਵੇਗਾ।
ਇਸ ਦੌਰਾਨ ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਸੀ। ਜਾਣਕਾਰੀ ਮੁਤਾਬਕ ਕੈਪਟਨ ਨੇ ਮੰਤਰੀ ਮੰਡਲ ਵਿੱਚ ਫੇਰਬਦਲ ਦਾ ਰੋਡਮੈਪ ਰਾਵਤ ਸਾਹਮਣੇ ਰੱਖਿਆ ਸੀ ਪਰ ਹਰੀਸ਼ ਰਾਵਤ ਨੇ ਦੱਸਿਆ ਕਿ ਕੇਂਦਰੀ ਹਾਈ ਕਮਾਂਡ ਨਹੀਂ ਚਾਹੁੰਦੀ ਕਿ ਪੰਜਾਬ ਮੰਤਰੀ ਮੰਡਲ ਵਿੱਚ ਕੋਈ ਬਦਲਾਅ ਹੋਵੇ।