ਫਰੀਦਕੋਟ, 3 ਸਤੰਬਰ 2021- ਹੁਣ ਜਦੋਂ ਕਿ ਝੋਨੇ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ, ਇਸ ਲਈ ਖੇਤਬਾੜੀ ਵਿਭਾਗ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਹੁਣ ਤੋਂ ਹੀ ਜਾਗਰੂਕ ਕਰਨਾ ਸ਼ੁਰੂ ਕਰ ਦੇਣ। ਇਹ ਹਦਾਇਤ ਡਿਪਟੀ ਕਮਿਸ਼ਨਰ ਸ਼੍ਰੀ ਵਿਮਲ ਕੁਮਾਰ ਸੇਤੀਆ ਨੇ ਵਾਤਾਵਰਨ ਦੀ ਸੰਭਾਲ ਲਈ ਖੇਤੀਬਾੜੀ ਵਿਭਾਗ ਤੇ ਹੋਰ ਵਿਭਾਗਾਂ ਤੋ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਮੁੱਖੀਆਂ ਨਾਲ ਮੀਟਿੰਗ ਦੌਰਾਨ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ ਅਤੇ ਸਹਾਇਕ ਕਮਿਸ਼ਨਰ ਮੈਡਮ ਬਲਜੀਤ ਕੌਰ ਵੀ ਹਾਜ਼ਰ ਸਨ।
ਡਿਪਟੀ ਕਸ਼ਿਨਰ ਫਰੀਦਕੋਟ ਸ਼੍ਰੀ ਵਿਮਲ ਕੁਮਾਰ ਸੇਤੀਆ ਨੇ ਜਿਲੇ ਦੇ ਕਿਸਾਨਾਂ ਨੂੰ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਬੇਲਰ ਮਸ਼ੀਨ ਰਾਹੀਂ ਗੱਠਾਂ ਬਣਾ ਕੇ ਫਰੀਦਕੋਟ ਜਿਲ੍ਹੇ ਦੇ ਪਿੰਡ ਸੇਢਾ ਸਿੰਘ ਵਾਲਾ ਵਿਖੇ ਚੱਲ ਰਹੇ ਬਾਇਓ ਮਾਸ ਪਲਾਂਟ ਵਿਖੇ ਵੇਚ ਕੇ ਜਿੱਥੇ ਇਸ ਦਾ ਲਾਭ ਉਠਾ ਸਕਦੇ ਹਨ, ਉੱਥੇ ਹੀ ਇਸ ਨਾਲ ਪਰਾਲੀ ਦੀ ਸੰਭਾਲ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਿਆ ਜਾ ਸਕਦਾ ਹੈ ਜਾਂ ਕਿਸਾਨ ਖੇਤੀਬਾੜੀ ਵਿਭਾਗ ਦੁਆਰਾ ਕਸਟਮਰ ਹਾਇਰ ਸੈਂਟਰਾਂ ਤੋਂ ਕਿਰਾਏ ਤੇ ਮਸ਼ੀਨਰੀ ਲੈ ਕੇ ਪਰਾਲ਼ੀ ਨੂੰ ਆਪਣੇ ਖੇਤਾਂ ਵਿੱਚ ਖਪਾ ਦੇਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਕੇ ਜਮੀਨ ਅੰਦਰਲੇ ਖੁਰਾਕੀ ਤੱਤ ਅਤੇ ਮਿੱਤਰ ਕੀੜਿਆਂ ਨੂੰ ਬਚਾ ਸਕਦੇ ਹਨ। ਇਸ ਤੋਂ ਪੈਦਾ ਹੁੰਦੇ ਧੂੰਏ ਕਾਰਨ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਇਸ ਨੂੰ ਖੇਤ ਵਿੱਚ ਮਿਲਾਉਣ ਨਾਲ ਮਿੱਟੀ ਦਾ ਜੈਵਿਕ ਮਾਦਾ ਵਧਦਾ ਹੈ ਅਤੇ ਖਾਦਾਂ ਦੇ ਖਰਚੇ ਘਟਦੇ ਹਨ।
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਵਾਰ ਝੋਨੇ ਹੇਠ ਰਕਬੇ ਦੀ ਜਾਣਕਾਰੀ ਇਕੱਤਰ ਕਰੇ ਤਾਂ ਜੋ ਅਜਿਹੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਹੀ ਸਾਂਭ ਸੰਭਾਲ ਸਬੰਧੀ ਤਕਨੀਕੀ ਗਿਆਨ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਪਰਾਲੀ ਦੇ ਨਿਪਟਾਰੇ ਲਈ ਵਰਤੇ ਜਾਂਦੇ ਖੇਤੀਬਾੜੀ ਸੰਦਾਂ ਦੀ ਜ਼ਿਲ੍ਹੇ ਵਿੱਚ ਪਹਿਲਾਂ ਤੋਂ ਉਪਲਬੱਧਤਾ ਸਬੰਧੀ ਵੀ ਜਾਣਕਾਰੀ ਇਕੱਤਰ ਕਰਨ ਤਾਂ ਜੋ ਇਨ੍ਹਾਂ ਸੰਦਾਂ ਦੀ ਸਹੀ ਵਰਤੋਂ ਨਾਲ ਜ਼ਿਆਦਾ ਤੋਂ ਜ਼ਿਆਦਾ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਕੀਤੇ ਗਏ ਨਜਾਇਜ਼ ਕਬਜਿਆਂ ਨੂੰ ਹਟਾਇਆ ਜਾਵੇ ਤਾਂ ਕਿ ਆਵਾਜਾਈ ਵਿੱਚ ਕਿਸੇ ਤਰ੍ਹਾਂ ਦਾ ਵਿਘਨ ਨਾ ਪਵੇ। ਇਸ ਤੋਂ ਇਲਾਵਾ ਪਲਾਸਟਿਕ ਦੇ ਲਿਫਾਫਿਆਂ ਤੇ ਪਾਬੰਦੀ ਹੈ, ਇਸ ਲਈ ਇਸ ਦੀ ਵਰਤੋਂ ਨਾ ਕਰਨ ਸਬੰਧੀ ਵੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਨਾਲੀਆਂ ਸੀਵਰੇਜ ਸਿਸਟਮ ਆਦਿ ਬਲਾਕ ਜਾਮ ਨਾ ਹੋਵੇ।