ਲੁਧਿਆਣਾ, 3 ਸਤੰਬਰ 2021 – ਲੁਧਿਆਣਾ ਦੇ ਹਲਵਾਰਾ ‘ਚ ਬਣਨ ਜਾ ਰਹੇ ਨਵੇਂ ਏਅਰਪੋਰਟ ਦੇ ਨਾਮ ਬਦਲਣ ਦੀ ਮੰਗ ਨੂੰ ਲੈ ਕੇ ਅੱਜ ਇਲਾਕਾ ਨਿਵਾਸੀਆਂ ਵੱਲੋਂ ਲੁਧਿਆਣਾ ਦੇ ਡੀਸੀ ਦਫ਼ਤਰ ਬਾਹਰ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਤੇ ਰੱਖਣ ਦੀ ਮੰਗ ਕਰ ਰਹੇ ਹਨ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਇਸ ਏਅਰਪੋਰਟ ਦਾ ਨਾਮ ਬਦਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਤੇ ਰੱਖਣ ਦੀ ਮੰਗ ਕਰ ਰਹੇ ਹਨ। ਪਰ ਪ੍ਰਸ਼ਾਸਨ ਅਤੇ ਸਰਕਾਰ ਇਹ ਕਹਿ ਕੇ ਆਪਣੀ ਜ਼ਿੰਮੇਵਾਰੀਆਂ ਤੋਂ ਭੱਜ ਰਹੇ ਹਨ ਕਿ ਇਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹਾ ਪੱਧਰ, ਮੁੱਖ ਮੰਤਰੀ ਅਤੇ ਕੇਂਦਰ ਸਰਕਾਰ ਨਾਲ ਸਬੰਧਤ ਸਾਰੇ ਅਧਿਕਾਰੀਆਂ ਨੂੰ ਇਸ ਏਅਰਪੋਰਟ ਦੇ ਨਾਮ ਬਦਲਣ ਸਬੰਧੀ ਅਰਜ਼ੀ ਦੇ ਚੁੱਕੇ ਹਨ। ਪਰ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾ ਰਹੀ। ਉਨ੍ਹਾਂ ਨੇ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦੀਆਂ ਇਹ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕਰਨਗੇ।