ਪਠਾਨਕੋਟ, 8 ਸਤੰਬਰ 2021- ਪੰਜਾਬ ਸਰਕਾਰ ਆਈ.ਈ.ਆਰ.ਟੀ ਵਿਸ਼ੇਸ਼ ਅਧਿਆਪਕਾਂ ਨਾਲ ਲਗਾਤਾਰ ਧੱਕੇਸ਼ਾਹੀ ਕਰ ਰਹੀ ਹੈ। ਆਈ.ਈ.ਆਰ.ਟੀ ਅਧਿਆਪਕਾਂ ਨੂੰ ਵਿਸ਼ੇਸ਼ ਬੱਚਿਆਂ ਨੂੰ ਪੜ੍ਹਾਉਣ ਦੀ ਬਜਾਏ ਹੋਰ ਹੀ ਕੰਮਾਂ ਵਿੱਚ ਉਲਝਾ ਕੇ ਰੱਖਿਆ ਗਿਆ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਆਈ.ਈ.ਆਰ.ਟੀ ਵਿਸ਼ੇਸ਼ ਅਧਿਆਪਕ ਯੂਨੀਅਨ ਦੇ ਵਫ਼ਦ ਦੇ ਮੈਂਬਰਾਂ ਰੁਮਾਨੀ, ਰੀਤੂ ਸ਼ਰਮਾ, ਰੇਣੂ, ਮਨਦੀਪ ਅਤੇ ਸਵਿਤਾ ਆਦਿ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੰਦੇ ਹੋਏ ਕੀਤਾ।
ਉਨ੍ਹਾਂ ਕਿਹਾ ਕਿ ਉਹ ਵਿਭਾਗ ਵਿੱਚ ਪਿਛਲੇ 16 ਸਾਲਾਂ ਤੋਂ ਕੱਚੇ ਅਧਿਆਪਕਾਂ ਦੇ ਤੌਰ ਤੇ ਕੰਮ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਤੋਂ ਲਗਾਤਾਰ ਪੱਕੇ ਕਰਨ ਦੀ ਮੰਗ ਕਰ ਰਹੇ ਹਨ ਪ੍ਰੰਤੂ ਸਰਕਾਰ ਵੱਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕਰਦੇ ਹੋਏ ਪੱਕਾ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਨੂੰ ਸਪੈਸ਼ਲ ਬੱਚਿਆਂ ਨੂੰ ਪੜ੍ਹਾਉਣ ਲਈ ਨਿਯੁਕਤ ਕੀਤਾ ਗਿਆ ਹੈ, ਪ੍ਰੰਤੂ ਵਿਭਾਗ ਵੱਲੋਂ ਉਨ੍ਹਾਂ ਨੂੰ ਪੜ੍ਹਾਉਣ ਦੀ ਬਜਾਏ ਬੇਲੋੜੀ ਡਾਕਾਂ ਅਤੇ ਹੋਰ ਰਿਪੋਰਟਾਂ ਬਣਾਉਣ ਵਿੱਚ ਹੀ ਉਲਝਾ ਕੇ ਰੱਖਿਆ ਜਾਂਦਾ ਹੈ। ਜਿਸ ਕਾਰਨ ਵਿਸ਼ੇਸ਼ ਬੱਚਿਆਂ ਦੀ ਪੜ੍ਹਾਈ ਦਾ ਵੀ ਨੁਕਸਾਨ ਹੋ ਰਿਹਾ ਹੈ। ਬੱਚਿਆਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਯੂਨੀਅਨ ਨੇ ਫੈਂਸਲਾ ਕੀਤਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਹ ਰਿਸੋਰਸ ਰੂਮਾਂ ਵਿੱਚ ਬੱਚਿਆਂ ਨੂੰ ਪੜ੍ਹਾਉਣ ਤੋਂ ਇਲਾਵਾ ਬਾਕੀ ਸਾਰੇ ਕੰਮਾਂ ਦਾ ਬਾਈਕਾਟ ਕਰਣਗੇ ਅਤੇ ਜੇਕਰ ਕਿਸੇ ਵੱਲੋਂ ਵੀ ਉਨ੍ਹਾਂ ਤੇ ਦਬਾਅ ਪਾ ਕੇ ਗੈਰਜ਼ਰੂਰੀ ਕੰਮ ਕਰਨ ਲਈ ਕਿਹਾ ਜਾਂਦਾ ਹੈ ਤਾਂ ਯੂਨੀਅਨ ਵੱਲੋਂ ਵੱਡੇ ਪੱਧਰ ਤੇ ਐਕਸ਼ਨ ਕੀਤਾ ਜਾਵੇਗਾ।