ਲੁਧਿਆਣਾ, 10 ਸਤੰਬਰ – ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦਾ ਦਿਹਾਂਤ ਹੋ ਗਿਆ ਹੈ। ਉਹ ਬੀਤੇਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ।
ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਚੇਨੱਈ (ਮਦਰਾਸ) ਦੇ ਇਕ ਵੱਡੇ ਹਸਪਤਾਲ ਵਿੱਚ ਇਕ ਮਹੀਨੇ ਤੱਕ ਇਲਾਜ ਚੱਲਿਆ।
ਕੁਝ ਦਿਨ ਪਹਿਲਾਂ ਹੀ ਉਹ ਲੁਧਿਆਣਾ ਵਾਪਸ ਆਏ ਸਨ ਪਰ ਬੀਮਾਰੀ ਕਾਰਨ ਉਨ੍ਹਾਂ ਦੀ ਤਕਲੀਫ਼ ਵੱਧਦੀ ਗਈ। ਡਾਇਲਸਿਸ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਸੀ. ਐਮ. ਸੀ. ਹਸਪਤਾਲ ਦੇ ਆਈ. ਸੀ. ਯੂ. ਵਿੱਚ ਦਾਖ਼ਲ ਕੀਤਾ ਗਿਆ ਸੀ। ਅੱਜ ਦੁਪਹਿਰ 12 ਵਜੇ ਦੇ ਕਰੀਬ ਉਨ੍ਹਾਂ ਨੇ ਆਖ਼ਰੀ ਸਾਹ ਲਏ। ਉਹ ਆਪਣੇ ਪਿੱਛੇ ਪਤਨੀ, ਇਕ ਪੁੱਤਰੀ ਅਤੇ 2 ਪੁੱਤਰ ਛੱਡ ਗਏ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਨੂੰ ਇਕ ਅਧਿਆਤਮਿਕ ਸ਼ਖਸੀਅਤ ਦੱਸਿਆ ਜਿਨ੍ਹਾਂ ਨੇ ਹਮੇਸ਼ਾ ਹੀ ਲੋਕਾਂ ਦਰਮਿਆਨ ਪਿਆਰ, ਸ਼ਾਂਤੀ ਅਤੇ ਭਾਈਚਾਰੇ ਦੇ ਸੁਨੇਹੇ ਦਾ ਪ੍ਰਚਾਰ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਾਹੀ ਇਮਾਮ ਵੱਲੋਂ ਲੋਕਾਈ ਦਰਮਿਆਨ ਭਾਈਚਾਰੇ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਪਾਇਆ ਗਿਆ ਯੋਗਦਾਨ ਸੂਬੇ ਭਰ ਵਿੱਚ ਸਭਨਾਂ ਵੱਲੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਧਾਰਮਿਕ ਹਲਕਿਆਂ ਖ਼ਾਸ ਕਰਕੇ ਮੁਸਲਿਮ ਭਾਈਚਾਰੇ ਵਿੱਚ ਇਕ ਵੱਡਾ ਖਲਾਅ ਪੈਦਾ ਹੋ ਗਿਆ ਹੈ, ਜਿਸ ਨੂੰ ਭਰਨਾ ਮੁਸ਼ਕਿਲ ਹੈ।