ਫਤਹਿਗੜ੍ਹ ਸਾਹਿਬ, 17 ਸਤੰਬਰ 2021 – ਕੋਰੋਨਾ ਦੀ ਤੀਜੀ ਸੰਭਾਵੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਮਿੱਥੇ ਟੀਚੇ ਅਨੁਸਾਰ ਰੋਜਾਨਾ ਕਰੀਬ 15000 ਵਿਅਕਤੀਆਂ ਨੂੰ ਟੀਕੇ ਲਗਾਉਣਾ ਯਕੀਨੀ ਬਣਾਇਆ ਜਾਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਬੱਚਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਜਿਲ੍ਹੇ ਅੰਦਰ ਚੱਲ ਰਹੇ ਕੋਵਿਡ ਟੀਕਾਕਰਨ ਕੈਪਾਂ ਦੀ ਸਮੀਖਿਆ ਕਰਨ ਸਬੰਧੀ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤੀਆਂ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਪਿੰਡਾਂ ਵਿੱਚ ਪੰਚਾਇਤਾਂ ਅਤੇ ਸ਼ਹਿਰਾਂ ਵਿੱਚ ਮਿਊਸੀਪਲ ਕੌਂਸਲਰਾਂ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਟੀਕਾਕਰਨ ਕੈਂਪਾਂ ਵਿੱਚ ਲਿਆਂਦਾ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ 100 ਫੀਸਦੀ ਟੀਕਾਕਰਨ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਹੁਣ ਤੱਕ ਸਿਰਫ 62 ਫੀਸਦੀ ਲੋਕਾਂ ਨੇ ਹੀ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ ਹੀ ਲਗਵਾਈ ਹੈ। ਉਨ੍ਹਾਂ ਇਹ ਵੀ ਕਿਹਾ ਕੈਂਪਾਂ ਦਾ ਸਮਾਂ ਵਧਾ ਕੇ ਸਵੇਰੇ 08 ਵਜੇ ਤੋਂ ਸਾਮ 06 ਵਜੇ ਤੱਕ ਕੀਤਾ ਜਾਵੇ ਤਾਂ ਜੋ ਮੁਹਿੰਮ ਨੂੰ ਹੋਰ ਹੁਲਾਰਾ ਮਿਲ ਸਕੇ। ਜ਼ਿਲ੍ਹੇ ਵਿੱਚ 50 ਤੋਂ ਵੱਧ ਮੌਬਾਇਲ ਟੀਮਾਂ ਵੀ ਵੈਕਸੀਨੇਸ਼ਨ ਦਾ ਕੰਮ ਕਰਨਗੀਆਂ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬੀਡੀਪੀਓਜ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਉਨ੍ਹਾਂ ਪਿੰਡਾਂ ਦੀ ਪਹਿਚਾਣ ਕਰਨ ਜਿੰਨ੍ਹਾਂ ਵਿਚ ਵੱਧ ਟੀਕਾਕਰਨ ਕੀਤਾ ਜਾਣਾ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਕਟਾਈ ਦਾ ਸੀਜਨ ਸੁਰੂ ਹੋਣ ਦੇ ਨਾਲ ਨਾਲ ਤਿਉਹਾਰਾਂ ਦਾ ਸੀਜਨ ਵੀ ਸੁਰੂ ਹੋ ਜਾਣਾ ਹੈ ਜਿਸ ਮੌਕੇ ਕੋਰੋਨੇ ਦਾ ਖਤਰਾ ਹੋਰ ਵੀ ਜਿਆਦਾ ਵਧਣ ਦੀ ਸੰਭਾਵਨਾ ਹੋ ਜਾਂਦੀ ਹੈ। ਇਸ ਲਈ ਜਿੰਨੀ ਜਲਦੀ ਹੋ ਸਕੇ ਜਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਨੂੰ 100 ਫੀਸਦੀ ਟੀਕਾਕਰਨ ਦਾ ਕੰਮ ਮੁਕੰਮਲ ਕਰ ਲਿਆ ਜਾਵੇ।
ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਚਾਇਤਾਂ ਨਾਲ ਤਾਲਮੇਲ ਕਰਕੇ ਪਿੰਡਾਂ ਵਿੱਚ ਟੀਕਾਕਰਨ ਤੋ ਰਹਿੰਦੇ ਵਿਅਕਤੀਆਂ ਦੀ ਜਾਣਕਾਰੀ ਪ੍ਰਾਪਤ ਕਰਨ ਅਤੇ ਉਨ੍ਹਾਂ ਨੂੰ ਕੈਂਪਾਂ ਵਿੱਚ ਲਿਜਾ ਕੇ ਟੀਕੇ ਲਗਵਾਉਣੇ ਯਕੀਨੀ ਬਣਾਉਣ। ਉਨ੍ਹਾਂ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਉਹ ਹਰੇਕ ਵਾਰਡ ਦੇ ਮਿਉਂਸੀਪਲ ਕੌਸਲ ਨੂੰ ਮਿਲ ਕੇ ਉਨ੍ਹਾਂ ਨੂੰ ਟੀਕਾਕਰਨ ਮੁਹਿੰਮ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕਰਨ। ਇਸਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਾਂਝੀਆਂ ਥਾਵਾਂ ਤੇ ਟੀਕਾਕਰਨ ਸਬੰਧੀ ਫਲੈਕਸ ਲਗਵਾਉਣ ਦੇ ਨਾਲ ਨਾਲ ਧਾਰਮਿਕ ਸਥਾਨਾਂ ਤੋਂ ਅਨਾਉਂਸਮੈਟ ਕਰਵਾ ਕੇ ਕੈਂਪਾਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਜਿਲ੍ਹੇ ਦਾ ਕੋਈ ਵੀ ਵਿਅਕਤੀ ਵੈਕਸੀਨੇਸ਼ਨ ਤੋਂ ਵਾਝਾਂ ਨਾ ਰਹੇ। ਨਾਲ ਹੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਜਾਂ ਸੰਸਥਾ ਕੋਈ ਇਕੱਠ ਜਾਂ ਸਮਾਗਮ ਕਰਨਾ ਚਾਹੂੰਦੀ ਹੈ ਤਾਂ ਉਸ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਉਹ ਵਿਅਕਤੀ ਅਤੇ ਸੰਸਥਾਂ ਦੇ ਮੈਂਬਰ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਵੈਕਸੀਨੇਸ਼ਨ ਹੋ ਚੁੱਕੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਨੁਪ੍ਰਿਤਾ ਜੌਹਲ, ਐਸ ਪੀ ਜਾਂਚ ਸ੍ਰੀ ਜਗਦੀਸ ਸਿੰਘ ਜੱਲਾ, ਐਸ ਡੀ ਐਮ ਫਤਹਿਗੜ੍ਹ ਸਾਹਿਬ ਡਾ ਸੰਜੀਵ ਕੁਮਾਰ, ਐਸ ਡੀ ਐਮ ਬਸੀ ਪਠਾਣਾ ਸ੍ਰੀ ਯਸਪਾਲ ਸ਼ਰਮਾ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਸ਼ੋਕ ਕੁਮਾਰ, ਸਿਵਲ ਸਰਜਨ ਡਾ ਐਸ ਪੀ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।