ਮੁੰਬਈ, 21 ਸਤੰਬਰ – ਅਸ਼ਲੀਲ ਫ਼ਿਲਮਾਂ ਦੇ ਮਾਮਲੇ ਵਿੱਚ ਲਗਭਗ ਦੋ ਮਹੀਨੇ ਮੁੰਬਈ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਬਿਜ਼ਨੈੱਸਮੈਨ ਰਾਜ ਕੁੰਦਰਾ ਅੱਜ ਜੇਲ੍ਹ ਤੋਂ ਬਾਹਰ ਆ ਗਏ ਹਨ। ਮੈਜਿਸਟ੍ਰੇਟ ਅਦਾਲਤ ਨੇ ਰਾਜ ਕੁੰਦਰਾ ਨੂੰ ਅਸ਼ਲੀਲ ਫ਼ਿਲਮਾਂ ਦੇ ਮਾਮਲੇ ਵਿੱਚ ਬੀਤੇ ਦਿਨ 50 ਹਜ਼ਾਰ ਰੁਪਏ ਦੇ ਮੁਚਲਕੇ ਤੇ ਜ਼ਮਾਨਤ ਦਿੱਤੀ ਸੀ।
46 ਸਾਲਾ ਰਾਜ ਕੁੰਦਰਾ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿੱਚ ਨਿਆਇਕ ਹਿਰਾਸਤ ਵਿੱਚ ਰੱਖਿਆ ਗਿਆ ਸੀ। ਹੁਣ ਉਹ ਜੇਲ੍ਹ ਤੋਂ ਬਾਹਰ ਆ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕੁੰਦਰਾ ਨੂੰ ਆਰਥਰ ਰੋਡ ਜੇਲ੍ਹ ਤੋਂ ਸਵੇਰੇ ਸਾਢੇ 11 ਵਜੇ ਤੋਂ ਬਾਅਦ ਰਿਹਾਅ ਕੀਤਾ ਗਿਆ। ਮੁੱਖ ਮੈਟ੍ਰੋਪਾਲਿਟਨ ਮੈਜਿਸਟ੍ਰੇਟ ਐੱਸ. ਬੀ. ਭਾਜੀਪਾਲੇ ਨੇ ਬੀਤੇ ਦਿਨ ਉਸ ਦੀ ਜ਼ਮਾਨਤ ਮਨਜ਼ੂਰ ਕੀਤੀ ਸੀ।
ਕੁੰਦਰਾ ਨੂੰ ਅਸ਼ਲੀਲ ਫ਼ਿਲਮਾਂ ਦੇ ਮਾਮਲੇ ਵਿੱਚ ਲਗਭਗ ਦੋ ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਕੁੰਦਰਾ ਨੇ ਕੋਰਟ ਦੇ ਸਾਹਮਣੇ ਜ਼ਮਾਨਤ ਅਰਜ਼ੀ ਦਾਖ਼ਲ ਕਰਦਿਆਂ ਦਾਅਵਾ ਕੀਤਾ ਸੀ ਕਿ ਮੁੰਬਈ ਪੁਲੀਸ ਦੀ ਕ੍ਰਾਈਮ ਬ੍ਰਾਂਚ ਵਲੋਂ ਦਾਇਰ ਦੋਸ਼ ਪੱਤਰ ਵਿੱਚ ਉਸ ਦੇ ਖ਼ਿਲਾਫ਼ ਕੋਈ ਵੀ ਸਬੂਤ ਨਹੀਂ ਹੈ।
ਪੁਲੀਸ ਕੋਲ ਉਸ ਦੇ ਅਸ਼ਲੀਲ ਸਮੱਗਰੀ ਨਿਰਮਾਣ ਵਿੱਚ ਸਰਗਰਮ ਰੂਪ ਨਾਲ ਸ਼ਾਮਲ ਹੋਣ ਦਾ ਕੋਈ ਸਬੂਤ ਨਹੀਂ ਹੈ। ਉਸ ਵਲੋਂ ਦਾਖ਼ਲ ਜ਼ਮਾਨਤ ਅਰਜ਼ੀ ਵਿੱਚ ਕਿਹਾ ਗਿਆ ਸੀ ਕਿ ਉਸ ਨੂੰ ਇਸ ਮਾਮਲੇ ਵਿੱਚ ਬਲੀ ਦਾ ਬਕਰਾ ਬਣਾਇਆ ਗਿਆ ਹੈ।