ਹੁਸ਼ਿਆਰਪੁਰ, 24 ਸਤੰਬਰ 2021 – ਵਧੀਕ ਡਿਪਟੀ ਕਮਿਸ਼ਨਰ (ਜ) ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਦੀ ਰੋਕਥਾਮ ਸਬੰਧੀ ਬੂੰਦਾਂ ਪਿਲਾਉਣ ਲਈ 26 ਸਤੰਬਰ ਨੂੰ ਤਿੰਨ ਦਿਨਾਂ ਮਾਈਗ੍ਰੇਟਰੀ ਪਲਸ ਪੋਲੀਓ ਰਾਊਂਡ-2021 ਦੇ ਅਭਿਆਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਹ ਅੱਜ ਪਲਸ ਪੋਲੀਓ ਅਭਿਆਨ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਐਸ.ਪੀ. (ਐਚ) ਰਮਿੰਦਰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ 22740 ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਬਣਾਈਆਂ ਗਈਆਂ 178 ਟੀਮਾਂ ਦੇ 356 ਮੈਂਬਰਾਂ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਜਾ ਕੇ 0 ਤੋਂ 5 ਸਾਲ ਤੱਕ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 117 ਭੱਠਿਆਂ ਅਤੇ 16998 ਝੁੱਗੀਆਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਟੀਚਾ ਪ੍ਰਵਾਸੀ ਜਨਸੰਖਿਆ ਹੈ, ਜੋ ਕਿ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਦੇ ਸਲੱਮ ਇਲਾਕਿਆਂ ਵਿਚ ਰਹਿੰਦੀ ਹੈ।
ਉਨ੍ਹਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੂੰ ਪਲਸ ਪੋਲੀਓ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹੋਰ ਵਿਭਾਗਾਂ ਨੂੰ ਵੀ ਇਸ ਮੁਹਿੰਮ ਵਿਚ ਪੂਰਾ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਮੌਕੇ ’ਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਡਾ. ਹਰੀਸ਼ ਬਸੀ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।