ਮੋਹਾਲੀ, 27 ਸਤੰਬਰ 2021 – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਡਾਇਰੈਕਟਰ ਡਾ. ਮਨਜੀਤ ਸਿੰਘ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਇਥੇ ਜਾਰੀ ਬਿਆਨ ਵਿਚ ਉਨ੍ਹਾਂ ਆਖਿਆ ਕਿ ਉਨ੍ਹਾਂ ਨਿੱਜੀ ਕਾਰਨਾਂ ਕਰਕੇ ਅਪਣਾ ਤਿਆਗ ਪੱਤਰ ਅੱਜ ਸਿਹਤ ਅਤੇ ਪਰਵਾਰ ਭਲਾਈ ਵਿਭਾਗ ਦੇ ਪਿ੍ਰੰਸੀਪਲ ਸਕੱਤਰ ਨੂੰ ਭੇਜ ਦਿਤਾ ਹੈ।
ਡਾ. ਮਨਜੀਤ ਸਿੰਘ ਨੇ 11 ਜਨਵਰੀ 2021 ਨੂੰ ਕਾਰਪੋਰੇਸ਼ਨ ਦੇ ਡਾਇਰੈਕਟਰ ਦਾ ਕਾਰਜਭਾਰ ਸੰਭਾਲਿਆ ਸੀ। ਜ਼ਿਕਰਯੋਗ ਹੈ ਕਿ ਉਹ 12 ਫ਼ਰਵਰੀ 1985 ਨੂੰ ਸਿਹਤ ਤੇ ਪਰਵਾਰ ਭਲਾਈ ਵਿਭਾਗ ਵਿਚ ਬਤੌਰ ਮੈਡੀਕਲ ਅਫ਼ਸਰ ਭਰਤੀ ਹੋਏ ਸਨ। ਅੱਖ ਰੋਗਾਂ ਦੇ ਮਾਹਰ ਡਾ. ਮਨਜੀਤ ਸਿੰਘ ਨੇ ਸਾਢੇ 36 ਸਾਲ ਦੇ ਕਾਰਜਕਾਲ ਦੌਰਾਨ ਵਿਭਾਗ ਨੂੰ ਅਪਣੀਆਂ ਈਮਾਨਦਾਰਾਨਾ ਅਤੇ ਬੇਦਾਗ਼ ਸੇਵਾਵਾਂ ਦਿਤੀਆਂ ਹਨ। ਉਨ੍ਹਾਂ 21 ਜੂਨ 2019 ਤੋਂ 8 ਅਕਤੂਬਰ 2020 ਤਕ ਮੋਹਾਲੀ ਦੇ ਸਿਵਲ ਸਰਜਨ ਵਜੋਂ ਵੀ ਬੇਮਿਸਾਲ ਸੇਵਾਵਾਂ ਨਿਭਾਈਆਂ।
ਇਸ ਤੋਂ ਬਾਅਦ ਉਹ 8 ਅਕਤੂਬਰ 2020 ਤੋਂ 31 ਦਸੰਬਰ 2020 ਤਕ ਸਿਹਤ ਅਤੇ ਪਰਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਰਹੇ। ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਮਹਾਂਮਾਰੀ ਦੌਰਾਨ ਬੇਮਿਸਾਲ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ’ਚ ਅਹਿਮ ਭੂਮਿਕਾ ਨਿਭਾਉਣ ਲਈ ਉਨ੍ਹਾਂ ਨੂੰ ਆਜ਼ਾਦੀ ਦਿਵਸ ਸਮਾਗਮ ਦੌਰਾਨ ਸਟੇਟ ਐਵਾਰਡ ਨਾਲ ਨਿਵਾਜਿਆ ਸੀ। ਡਾ. ਮਨਜੀਤ ਸਿੰਘ ਨੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਾ ਧਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਵਲੋਂ ਦਿਤੇ ਗਏ ਸਹਿਯੋਗ ਅਤੇ ਪਿਆਰ ਨੂੰ ਹਮੇਸ਼ਾ ਯਾਦ ਰੱਖਣਗੇ।
ਸਿਹਤ ਵਿਭਾਗ ਦੇ ਡਾਇਰੈਕਟਰ ਵਜੋਂ ਸੇਵਾਮੁਕਤ ਹੋਣ ਮਗਰੋਂ ਉਨ੍ਹਾਂ ਨੂੰ ਕਾਰਪੋਰੇਸ਼ਨ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ। ਕਾਰਪੋਰੇਸ਼ਨ ਡਾਇਰੈਕਟਰ ਵਜੋਂ ਹੋਰਨਾਂ ਪ੍ਰਾਪਤੀਆਂ ਤੋਂ ਇਲਾਵਾ ਉਨ੍ਹਾਂ ਨੇ ਇਕ ਤਾਜ਼ਾ ਮਾਮਲੇ ਵਿਚ ਪਾਰਦਰਸ਼ਤਾ ਢੰਗ ਨਾਲ ਜਾਂਚ ਕਰਕੇ ਅਪਣੀ ਰੀਪੋਰਟ ਵਿਚ ਦੋ ਅਧਿਕਾਰੀਆਂ ਨੂੰ 75 ਲੱਖ ਰੁਪਏ ਦੇ ਗਬਨ ਦਾ ਦੋਸ਼ੀ ਕਰਾਰ ਦਿਤਾ। ਨੈਸ਼ਨਲ ਹੈਲਥ ਮਿਸ਼ਨ ਤਹਿਤ ਕੰਮ ਕਰ ਰਹੇ ਇਨ੍ਹਾਂ ਅਧਿਕਾਰੀਆਂ ਨੇ ਕੋਵਿਡ ਮਹਾਂਮਾਰੀ ਦੌਰਾਨ ਉਕਤ ਰਕਮ ਅਪਣੇ ਖਾਤਿਆਂ ਵਿਚ ਤਬਦੀਲ ਕਰ ਲਈ ਸੀ।