ਅੰਮ੍ਰਿਤਸਰ,04 ਅਕਤੂਬਰ-2021- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਵ ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਗੱਡੀਆਂ ਚਾੜਨ ਕਰਨ ਹੋਈਆਂ ਮੌਤਾਂ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਅਫਸੋਸ ਜਾਹਿਰ ਕਰਦਿਆਂ ਇਸ ਨਿੰਦਕ ਘਟਨਾ ਸਬੰਧੀ ਮੰਗ ਕੀਤੀ ਕਿ ਇਸ ਦੀ ਨਿਆਂਇਕ ਜਾਂਚ ਹੋਣੀ ਜਾਣੀ ਚਾਹੀਦੀ ਹੈ।
ਅੱਜ ਇਥੇ ਨਿਹੰਗ ਸਿੰਘਾਂ ਦੀ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਤੋਂ ਬੁੱਢਾ ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ ਵੱਲੋ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਆਪਣੇ ਹੱਕਾਂ ਲਈ ਹਰ ਕੋਈ ਪ੍ਰਦਰਸ਼ਨ , ਰੋਸ ਮੁਜਾਹਰਾ ਕਰ ਸਕਦਾ ਹੈ।ਪਰ ਇਸ ਤਰੀਕੇ ਨਾਲ ਸਿੱਧੀਆਂ ਗੱਡੀਆਂ ਹੀ ਰੋਸ ਕਰ ਰਹੇ ਕਿਸਾਨਾਂ ਤੇ ਚੜ੍ਹਾ ਦੇਣੀਆਂ ਤੇ ਅੱਠ ਵਿਅਕਤੀਆਂ ਦੀ ਮੌਤ ਹੋ ਜਾਣੀ ਦੇਸ਼ ਅੰਦਰ ਜੰਗਲ ਰਾਜ ਦੀ ਤਸਵੀਰ ਪੇਸ਼ ਹੁੰਦੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਹੁਣ ਕਿਸਾਨਾਂ ਨੂੰ ਡੰਡੇ ਨਾਲ ਡਰਾ ਧਮਕਾ ਕੇ ਅਸਲ ਮਾਰਗ ਤੋਂ ਲਾਂਭੇ ਕਰਨਾ ਚਾਹੁੰਦੀ ਹੈ।ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਨਿਆਂਇਕ ਜਾਂਚ ਹੋਵੇ ਤੇ ਉਨ੍ਹਾਂ ਵਿਰੁੱਧ ਬਣਦੀ ਸਖਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
ਉਨਾਂ ਕਿਹਾ ਕਿ ਕੇਂਦਰ ਵਿਚਲੀ ਸਰਕਾਰ ਜਿਸ ਦੇ ਆਗੂ ਪ੍ਰਧਾਨ ਮੰਤਰੀ ਹਨ, ਬਾਰ-ਬਾਰ ਖੇਤੀ ਵਿਰੋਧੀ ਕਾਨੂੰਨਾਂ ਨੂੰ ਜਾਇਜ ਠਹਿਰਾਅ ਰਹੇ ਹਨ, ਜਿਸ ਕਾਰਨ ਸਪੱਸ਼ਟ ਹੈ ਕਿ ਉਹ ਕਿਸਾਨਾਂ ਨੂੰ ਇਨਸਾਫ ਦੇਣ ਦੀ ਬਜਾਏ ਉਨ੍ਹਾਂ ਵਿਰੁੱਧ ਦਮਨਵਿਊ ਚਲਾਉਣਾ ਚਾਹੁੰਦੀ ਹੈ।ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਹੋਈਆਂ ਚੋਣਾਂ ਤੋਂ ਹੀ ਸਰਕਾਰ ਨੂੰ ਸਬਕ ਸਿੱਖ ਲੈਣਾ ਚਾਹੀਦਾ ਹੈ।ਬਾਬਾ ਬਲਬੀਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਹਾਜੂਰੀ ਰਾਗੀ ਭਾਈ ਸੁਰਿੰਦਰ ਸਿੰਘ ਦੇ ਅਕਾਲ ਚਲਾਣੇ ਤੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।