ਅੰਮ੍ਰਿਤਸਰ, 5 ਅਕਤੂਬਰ 2021 – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਕੱਲ੍ਹ ਸਟੇਟ ਬੈਂਕ ਆਫ ਇੰਡੀਆ ਵੱਲੋਂ ਪਾਲਕੀ ਸਾਹਿਬ ਵਾਲੀ ਬੱਸ ਭੇਟ ਕੀਤੀ ਗਈ, ਜਿਸ ਦੀਆਂ ਚਾਬੀਆਂ ਬੈਂਕ ਅਧਿਕਾਰੀਆਂ ਪਾਸੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਪ੍ਰਾਪਤ ਕੀਤੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਾਨਵਤਾ ਲਈ ਅਥਾਹ ਸ਼ਰਧਾ ਦਾ ਪ੍ਰਤੀਕ ਹੈ ਅਤੇ ਗੁਰੂ ਘਰ ਦੇ ਸ਼ਰਧਾਲੂ ਇਥੇ ਭੇਟਾਵਾਂ ਲੈ ਕੇ ਪੁੱਜਦੇ ਹਨ।
ਉਨ੍ਹਾਂ ਕਿਹਾ ਕਿ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਵੀ ਇਸੇ ਤਹਿਤ ਹੀ ਸ਼ਰਧਾ ਪ੍ਰਗਟ ਕਰਦਿਆਂ ਪਾਲਕੀ ਸਾਹਿਬ ਵਾਲੀ ਬੱਸ ਭੇਟ ਕੀਤੀ ਗਈ ਹੈ। ਇਸੇ ਦੌਰਾਨ ਚੇਅਰਮੈਨ ਸ੍ਰੀ ਦਿਨੇਸ਼ ਕੁਮਾਰ ਨੇ ਕਿਹਾ ਕਿ ਸਾਡਾ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਸ਼ਵਾਸ ਭਰਿਆ ਤਾਲਮੇਲ ਹੈ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਅਸ਼ੀਰਵਾਦ ਨਾਲ ਸਟੇਟ ਬੈਂਕ ਆਫ ਇੰਡੀਆ ਲਗਾਤਾਰ ਤਰੱਕੀ ਕਰ ਰਿਹਾ ਹੈ।
ਇਸ ਮੌਕੇ ਪੁੱਜੇ ਬੈਂਕ ਦੇ ਚੇਅਰਮੈਨ ਸ੍ਰੀ ਦਿਨੇਸ਼ ਕੁਮਾਰ ਖਾਰਾ, ਐਮਡੀ ਸ੍ਰੀ ਅਸ਼ਵਨੀ ਭਾਟੀਆ, ਸੀਜੀਐਮ ਸ੍ਰੀ ਅਨੁਕੂਲ ਭਟਨਾਗਰ, ਮੈਨੇਜਰ ਸ. ਨਰਿੰਦਰ ਸਿੰਘ ਅਤੇ ਨਾਲ ਆਏ ਅਧਿਕਾਰੀਆਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਇੰਚਾਰਜ ਸ. ਨਿਰਮਲ ਸਿੰਘ ਆਦਿ ਮੌਜੂਦ ਸਨ।