October 7, 2021-ਨਵੀਂ ਦਿੱਲੀ, 7 ਅਕਤੂਬਰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਦੀ ਹਿੰਸਕ ਘਟਨਾ ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਯੂ. ਪੀ. ਸਰਕਾਰ ਤੋਂ ਪੁੱਛਿਆ ਕਿ ਕੌਣ ਮੁਲਜ਼ਮ ਹੈ, ਹੁਣ ਤੱਕ ਕਿੰਨੀਆਂ ਗ੍ਰਿਫ਼ਤਾਰੀਆਂ ਹੋਈਆਂ। ਕਿਸ ਦੇ ਖ਼ਿਲਾਫ਼ ਐੱਫ. ਆਈ. ਆਰ. ਦਰਜ ਹੋਈ? ਅਦਾਲਤ ਨੇ ਇਸ ਮਾਮਲੇ ਵਿੱਚ ਯੂ. ਪੀ. ਸਰਕਾਰ ਤੋਂ ਰਿਪੋਰਟ ਮੰਗੀ ਹੈ। ਅਦਾਲਤ ਨੇ ਕੱਲ੍ਹ ਤੱਕ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਇਸ ਮਾਮਲੇ ਤੇ 8 ਅਕਤੂਬਰ ਨੂੰ ਫਿਰ ਸੁਣਵਾਈ ਹੋਵੇਗੀ।
ਯੂ. ਪੀ. ਸਰਕਾਰ ਵੱਲੋਂ ਪੇਸ਼ ਵਕੀਲ ਗਰਿਮਾ ਪ੍ਰਸਾਦ ਨੇ ਅੱਜ ਅਦਾਲਤ ਵਿੱਚ ਕਿਹਾ ਕਿ ਇਹ ਘਟਨਾ ਬਦਕਿਸਮਤੀ ਪੂਰਨ ਹੈ। ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਹਾਈ ਕੋਰਟ ਦੇ ਰਿਟਾਇਰਡ ਜੱਜ ਦੀ ਅਗਵਾਈ ਵਿੱਚ ਜਾਂਚ ਟੀਮ ਬਣਾ ਦਿੱਤੀ ਹੈ। ਇਸ ਤੇ ਚੀਫ਼ ਜਸਟਿਸ ਨੇ ਕਿਹਾ ਕਿ ਹਾਈ ਕੋਰਟ ਵਿੱਚ ਇਸ ਮਾਮਲੇ ਨੂੰ ਲੈ ਕੇ ਕਿੰਨੀਆਂ ਪਟੀਸ਼ਨਾਂ ਦਾਖ਼ਲ ਹੋਈਆਂ, ਉਨ੍ਹਾਂ ਦੀ ਤਫਸੀਲ ਅਤੇ ਰਿਪੋਰਟ ਦਾਖ਼ਲ ਕਰੋ। ਇਸ ਤੋਂ ਇਲਾਵਾ ਚੀਫ਼ ਜਸਟਿਸ ਨੇ ਕਿਹਾ ਕਿ ਕਿੰਨੀਆਂ ਐੱਫ. ਆਈ. ਆਰ. ਹੋਈਆਂ, ਕਿੰਨੇ ਗ੍ਰਿਫ਼ਤਾਰ ਹੋਏ ਅਤੇ ਕਿੰਨੇ ਮੁਲਜ਼ਮ ਹਨ ਸਭ ਕੁਝ ਦੱਸੋ।
ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ ਵਿੱਚ 4 ਕਿਸਾਨਾਂ ਸਮੇਤ 8 ਵਿਅਕਤੀਆਂ ਦੀ ਮੌਤ ਹੋ ਗਈ ਸੀ। ਵੱਡੀ ਗਿਣਤੀ ਵਿੱਚ ਕਿਸਾਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਇਲਾਕੇ ਵਿੱਚ ਕੇਂਦਰੀ ਮੰਤਰੀਆਂ ਦਾ ਵਿਰੋਧ ਕਰਨ ਲਈ ਇਕੱਠੇ ਹੋਏ ਸਨ। ਕਿਸਾਨਾਂ ਨੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਖ਼ਿਲਾਫ਼ ਲਖੀਮਪੁਰ ਦੇ ਤਿਕੁਨੀਆ ਵਿੱਚ ਹਿੰਸਾ ਨੂੰ ਲੈ ਕੇ ਕੇਸ ਦਰਜ ਕਰਵਾਇਆ ਹੈ।