ਅੰਮ੍ਰਿਤਸਰ, 7 ਅਕਤੂਬਰ 2021 – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ, ਨਗਰ ਨਿਗਮ ਦੇ ਮੇਅਰ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ ਵਿਚ ਗੁਰੂ ਨਗਰੀ ਵਿਚ ਸਾਫ਼ ਸਫਾਈ, ਟ੍ਰੈਫਿਕ ਸਮੇਤ ਹੋਰ ਪ੍ਰਬੰਧਾਂ ਨੂੰ ਵਿਚਾਰਿਆ ਗਿਆ।
ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਅੰਮ੍ਰਿਤਸਰ ਸ਼ਹਿਰ ਵਸਾਇਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ ਕੀਤੇ ਜਾਂਦੇ ਹਨ ਅਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਮੌਕੇ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤੀ ਗੇਟ, ਲੜੀਆਂ ਅਤੇ ਡੈਕੋਰੇਸ਼ਨ ਦਾ ਪ੍ਰਬੰਧ ਕੀਤਾ ਜਾਵੇਗਾ, ਉਥੇ ਹੀ ਨਗਰ ਨਿਗਮ ਨੂੰ ਵੀ ਨਗਰ ਕੀਰਤਨ ਦੇ ਰਸਤੇ ਦੀ ਲੋੜ ਅਨੁਸਾਰ ਮੁਰੰਮਤ ਅਤੇ ਸਾਫ ਸਫਾਈ ਵੱਲ ਉਚੇਚਾ ਧਿਆਨ ਦੇਣ ਲਈ ਕਿਹਾ ਗਿਆ ਹੈ।
ਇਸ ਮੌਕੇ ਬੀਬੀ ਜਗੀਰ ਕੌਰ ਨੇ ਅਧਿਕਾਰੀਆਂ ਨੂੰ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਵਿੱਚੋਂ ਦੁਕਾਨਾਂ ਦੇ ਬਾਹਰ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕਿਹਾ, ਤਾਂ ਜੋ ਸੰਗਤਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਦੂਰ ਕੀਤਾ ਜਾ ਸਕੇ। ਬੈਠਕ ’ਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਮੇਅਰ ਸ. ਕਰਮਜੀਤ ਸਿੰਘ ਰਿੰਟੂ ਨੇ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਗੱਲ ਕਰਦਿਆਂ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਨੂੰ ਆਉਣ ਵਾਲੇ ਰਸਤਿਆਂ ਦੀ ਸਾਫ਼ ਸਫ਼ਾਈ ਅਤੇ ਟ੍ਰੈਫਿਕ ਵਿਵਸਥਾ ਦਾ ਖ਼ਾਸ ਧਿਆਨ ਰੱਖਿਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਦੇ ਮੇਅਰ, ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦਾ ਸੱਦਾ ਪੱਤਰ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਗੁਰੂ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ।
ਇਕੱੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਾਮ ਸਿੰਘ, ਨਗਰ ਨਿਗਮ ਦੇ ਕਮਿਸ਼ਨਰ ਸ. ਮਾਲਵਿੰਦਰ ਸਿੰਘ ਜੱਗੀ, ਡੀਸੀਪੀ ਸ. ਪ੍ਰਮਿੰਦਰ ਸਿੰਘ ਭੰਡਾਲ, ਏਡੀਸੀਪੀ ਬੀਬੀ ਜਸਵੰਤ ਕੌਰ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਕੁਲਦੀਪ ਸਿੰਘ ਪੰਡੋਰੀ ਜੇਈ, ਸ. ਸੰਦੀਪ ਸਿੰਘ, ਸ੍ਰੀ ਸੁਜਾਨ ਭਾਟੀਆ, ਸ੍ਰੀ ਸੋਰਵ ਜੀ, ਸ੍ਰੀ ਅਸ਼ਵਨੀ ਕੁਮਾਰ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਮੌਜੂਦ ਸਨ।