ਸੁਲਤਾਨਪੁਰ ਲੋਧੀ , 13 ਅਕਤੂਬਰ 2021- ਪੰਜਾਬ ਮਿਲਕਫੈੱਡ ਦੇ ਸਾਬਕਾ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਨੂੰ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲ ਗਏ ਹਨ । ਇਨ੍ਹਾਂ ਬਦਲੇ ਹੋਏ ਸਮੀਕਰਨਾਂ ਦੇ ਤਹਿਤ ਕਈ ਸਾਲਾਂ ਤੋਂ ਅਕਾਲੀ ਦਲ ਦੀ ਟਿਕਟ ਦੀ ਉਮੀਦ ਲਗਾਈ ਬੈਠੇ ਟਕਸਾਲੀ ਆਗੂਆਂ ਨੂੰ ਮਾਯੂਸੀ ਹੱਥ ਲੱਗੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਦੇ ਇਸ ਫੈਸਲੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਦੇ ਦਾਅਵੇਦਾਰ ਭਾਰੀ ਨਿਰਾਸ਼ ਹਨ ਪ੍ਰੰਤੂ ਹੁਣ ਤੱਕ ਖੁੱਲ੍ਹ ਕੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ । ਇਸ ਵਿਚ ਵੀ ਕੋਈ ਸ਼ੱਕ ਨਹੀਂ ਕਿ ਕੈਪਟਨ ਹਰਮਿੰਦਰ ਸਿੰਘ ਦੇ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਆਉਣ ਨਾਲ ਹਲਕੇ ਦੀ ਰਾਜਨੀਤੀ ਹਰ ਹਾਲ ਪ੍ਰਭਾਵਿਤ ਹੋਵੇਗੀ ।
ਜੇ ਗੱਲ ਕਰੀਏ ਕੈਪਟਨ ਹਰਮਿੰਦਰ ਸਿੰਘ ਦੀ ਤਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਉਨ੍ਹਾਂ ਦੀ ਆਮਦ ਨਾਲ ਕਾਂਗਰਸ ਦੇ ਮੌਜੂਦਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਲਈ ਕਈ ਤਰ੍ਹਾਂ ਦੀਆਂ ਚੁਣੌਤੀਆਂ ਪੈਦਾ ਹੋ ਸਕਦੀਆਂ ਹੈ ? ਇਸ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਜੋ ਸਾਲ 2017 ਦੀ ਚੋਣ ਲੜ ਚੁੱਕੇ ਹਨ, ਕੈਪਟਨ ਹਰਮਿੰਦਰ ਸਿੰਘ ਦੇ ਅਕਾਲੀ ਦਲ ਵਿੱਚ ਆਉਣ ਨਾਲ ਉਨ੍ਹਾਂ ਦੀਆਂ ਚੁਣੌਤੀਆਂ ਵੀ ਕਾਫੀ ਵਧ ਗਈਆਂ ਹਨ। ਸਾਲ 2017 ਦੀਆਂ ਚੋਣਾਂ ਦੌਰਾਨ ਉਨ੍ਹਾਂ ਨੂੰ ਕਰੀਬ 28000 ਵੋਟਾਂ ਮਿਲੀਆਂ ਸਨ । ਸੱਜਣ ਸਿੰਘ ਚੀਮਾ ਵੀ ਆਮ ਆਦਮੀ ਪਾਰਟੀ ਛੱਡ ਕੇ ਪਹਿਲਾਂ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਪਰ ਹੁਣ ਫਿਰ ਆਮ ਆਦਮੀ ਪਾਰਟੀ ਵੱਲੋਂ ਟਿਕਟ ਦੇ ਦਾਅਵੇਦਾਰ ਹਨ ਅਤੇ ਉਹ ਸੁਲਤਾਨਪੁਰ ਲੋਧੀ ਤੋਂ ਹਲਕਾ ਇੰਚਾਰਜ ਵੀ ਹਨ ਅਤੇ ਇਸ ਵਾਰ ਵੀ ਸੰਭਾਵੀ ਉਮੀਦਵਾਰ ਹਨ ਜੇ ਸੱਜਣ ਸਿੰਘ ਚੀਮਾ ਨੂੰ ਆਮ ਆਦਮੀ ਪਾਰਟੀ ਵੱਲੋਂ ਟਿਕਟ ਮਿਲਦੀ ਹੈ ਤਾਂ ਚੀਮਾ ਨੂੰ ਕੋਈ ਲਾਭ ਮਿਲੇਗਾ ? ਇਹ ਤਾਂ ਆਉਣ ਵਾਲਾ ਸਮਾਂ ਹੀ ਤੈਅ ਕਰੇਗਾ ।
ਪਰੰਤੂ ਕੈਪਟਨ ਹਰਮਿੰਦਰ ਸਿੰਘ ਦੇ ਸ਼੍ਰੋਮਣੀ ਅਕਾਲ ਦਲ ਵਿੱਚ ਆਉਣ ਨਾਲ ਹਲਕੇ ਦੀ ਰਾਜਨੀਤੀ ਪੂਰੀ ਤਰ੍ਹਾਂ ਗਰਮਾ ਗਈ ਹੈ।
ਕੈਪਟਨ ਹਰਮਿੰਦਰ ਸਿੰਘ ਦੇ ਆਉਣ ਨਾਲ ਪਿਛਲੇ ਕਰੀਬ ਚਾਰ ਦਹਾਕਿਆਂ ਤੋਂ ਅਕਾਲੀ ਦਲ ਦੇ ਵੱਡੇ ਕਾਫ਼ਲੇ ਦੀ ਅਗਵਾਈ ਕਰਨ ਵਾਲੀ ਸਾਬਕਾ ਖਜ਼ਾਨਾ ਮੰਤਰੀ ਅਤੇ ਟਕਸਾਲੀ ਆਗੂ ਡਾ ਉਪਿੰਦਰਜੀਤ ਕੌਰ ਅਤੇ ਉਨ੍ਹਾਂ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਸਾਬਕਾ ਖਜ਼ਾਨਾ ਮੰਤਰੀ ਅਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਸੱਜੀ ਬਾਂਹ ਸਮਝੇ ਜਾਂਦੇ ਸਨ ਸਵ. ਬਾਊ ਆਤਮਾ ਸਿੰਘ ਦੇ ਪਰਿਵਾਰ ਨੂੰ ਨਜ਼ਰਅੰਦਾਜ਼ ਕਰਕੇ ਅਕਾਲੀ ਦਲ ਦੇ ਉਮੀਦਵਾਰ ਦੇ ਤੌਰ ‘ਤੇ ਇਕ ਨਵੇਂ ਚਿਹਰੇ ਨੂੰ ਮੈਦਾਨ ਵਿੱਚ ਉਤਾਰਨ ਨਾਲ ਇਹ ਸਾਫ ਹੋ ਗਿਆ ਹੈ, ਕਿ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਸ. ਪ੍ਰਕਾਸ਼ ਸਿੰਘ ਬਾਦਲ ਤੋਂ ਬਿਲਕੁਲ ਵੱਖਰੇ ਫ਼ੈਸਲੇ ਲੈ ਰਹੇ ਹਨ। ਸ਼ਾਇਦ ਇਸੇ ਲਈ ਹੀ ਉਨ੍ਹਾਂ ਨੇ ਪਿਛਲੀਆਂ ਦੋ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨ ਵਾਲੀ ਸਾਬਕਾ ਵਿੱਤ ਮੰਤਰੀ ਡਾ ਉਪਿੰਦਰਜੀਤ ਕੌਰ ਦੀ ਬਜਾਏ ਇਕ ਨਵੇਂ ਉਮੀਦਵਾਰ ਨੂੰ ਅਕਾਲੀ ਦਲ ਦੇ ਚਿਹਰੇ ਦੇ ਤੌਰ ਤੇ ਪੇਸ਼ ਕੀਤਾ ਹੈ। ਹਾਲਾਂਕਿ ਕੁਝ ਮਹੀਨਾ ਪਹਿਲਾਂ ਸਾਬਕਾ ਵਿੱਤ ਮੰਤਰੀ ਡਾ ਉਪਿੰਦਰਜੀਤ ਕੌਰ 2022 ਦੀਆਂ ਚੋਣਾਂ ਨਾ ਲੜਨ ਦਾ ਫੈਸਲਾ ਲੈ ਕੇ ਆਪਣੀ ਭੈਣ ਦੇ ਜਵਾਈ ਇੰਜੀਨੀਅਰ ਸਵਰਨ ਸਿੰਘ ਨੂੰ ਆਪਣਾ ਸਿਆਸੀ ਵਾਰਸ ਐਲਾਨਿਆ ਸੀ ਪ੍ਰੰਤੂ ਇਸ ਸਭ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਦਰ ਕਿਨਾਰ ਕਰ ਕੇ ਕਾਂਗਰਸ ਪਾਰਟੀ ਵਿਚੋਂ ਲਿਆ ਕੇ ਕੈਪਟਨ ਹਰਮਿੰਦਰ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਘੋਸ਼ਿਤ ਕਰਨ ਨਾਲ ਇਹ ਸੀਟ ਕਿਸ ਦੇ ਖਾਤੇ ਜਾਏਗੀ? ਇਸ ਦਾ ਜਵਾਬ ਤਾਂ ਅਜੇ ਭਵਿੱਖ ਦੇ ਗਰਭ ਵਿੱਚ ਹੀ ਹੈ।
ਇਸ ਸਮੁੱਚੇ ਘਟਨਾਕ੍ਰਮ ਸਬੰਧੀ ਕੈਪਟਨ ਹਰਮਿੰਦਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਜ਼ਨ ਬਹੁਤ ਸਾਫ਼ ਹੈ। ਜਿਸ ਤੋਂ ਪ੍ਰਭਾਵਿਤ ਹੋ ਕੇ ਉਹ ਅਕਾਲੀ ਦਲ ਵਿੱਚ ਆਏ ਹਨ। ਉਹ ਹਲਕੇ ਦੇ ਅਕਾਲੀ ਨੇਤਾਵਾਂ ਨੂੰ ਆਪਣਾ ਪਰਿਵਾਰ ਮੰਨਦੇ ਹਨ ਅਤੇ ਉਹ ਉਨ੍ਹਾਂ ਨੂੰ ਨਾਲ ਲੈ ਕੇ ਇਹ ਲੜਾਈ ਲੜਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਪੰਥਕ ਹਲਕੇ ਵਿੱਚ ਹਰ ਅਕਾਲੀ ਪਰਿਵਾਰ ਦਾ ਉਨ੍ਹਾਂ ਨੂੰ 100 ਫ਼ੀਸਦੀ ਸਾਥ ਤੇ ਸਹਿਯੋਗ ਮਿਲੇਗਾ ।
ਉੱਥੇ ਹੀ ਦੂਜੇ ਪਾਸੇ ਕਾਂਗਰਸ ਦੇ ਵਿਧਾਇਕ ਤੇ ਸੰਭਾਵੀ ਉਮੀਦਵਾਰ ਨਵਤੇਜ ਸਿੰਘ ਚੀਮਾ ਦਾ ਕਹਿਣਾ ਹੈ ਕਿ ਉਹ ਸੁਖਬੀਰ ਸਿੰਘ ਬਾਦਲ ਦੇ ਧੰਨਵਾਦੀ ਹਨ। ਜਿਨ੍ਹਾਂ ਨੇ ਉਨ੍ਹਾਂ ਦੇ ਲਈ 2022 ਦੀਆਂ ਚੋਣਾਂ ਜਿੱਤਣੀਆਂ ਆਸਾਨ ਕਰ ਦਿੱਤੀਆਂ ਹਨ । ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦਾ ਇਹ ਇਤਿਹਾਸ ਰਿਹਾ ਹੈ ਕਿ ਜਦੋਂ ਵੀ ਅਕਾਲੀ ਦਲ ਨੇ ਕੋਈ ਬਾਹਰੋਂ ਉਮੀਦਵਾਰ ਪੈਰਾਸ਼ੂਟ ਐਂਟਰੀ ਰਾਹੀਂ ਚੋਣ ਮੈਦਾਨ ਵਿੱਚ ਉਤਾਰਿਆ ਹੈ ਤਾਂ ਉਸ ਉਮੀਦਵਾਰ ਦਾ ਸਿਆਸੀ ਕੈਰੀਅਰ ਪੂਰੀ ਤਰ੍ਹਾਂ ਤਬਾਹ ਹੋ ਜਾਂਦਾ ਹੈ। ਜਿਸ ਦੀ ਉਦਾਹਰਣ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਬਲਵੰਤ ਸਿੰਘ ਦੇ ਬੇਟੇ ਰਾਜਨਬੀਰ ਸਿੰਘ ਵੱਲੋਂ ਅਕਾਲੀ ਦਲ ਵਿੱਚ ਆਉਣ ਤੋਂ ਮਿਲਦੀ ਹੈ। ਜਿਸ ਦਾ ਨਾਂ ਅੱਜ ਸਿਆਸੀ ਨਕਸ਼ੇ ਵਿਚੋਂ ਪੂਰੀ ਤਰ੍ਹਾਂ ਖ਼ਤਮ ਹੋ ਗਿਆ ਹੈ। ਇਸੇ ਲਈ ਸ਼ਾਇਦ ਹੁਣ ਉਹ ਸਿਆਸਤ ਤੋਂ ਤੋਬਾ ਕਰ ਗਏ ਹਨ ।
ਉਧਰ ਆਮ ਆਦਮੀ ਪਾਰਟੀ ਦੇ ਸੰਭਾਵਿਤ ਉਮੀਦਵਾਰ ਅਰਜੁਨਾ ਐਵਾਰਡੀ ਸੱਜਣ ਸਿੰਘ ਦਾ ਕਹਿਣਾ ਹੈ ਕਿ ਕੈਪਟਨ ਹਰਮਿੰਦਰ ਸਿੰਘ ਦਾ ਸਰਗਰਮ ਰਾਜਨੀਤੀ ਵਿੱਚ ਸਵਾਗਤ ਹੈ। ਪ੍ਰੰਤੂ ਉਹ ਇਕ ਐਸੇ ਦਲ ਨਾਲ ਜੁੜੇ ਹਨ । ਜਿਨ੍ਹਾਂ ਦੇ ਕਾਰਨਾਮਿਆਂ ਬਾਰੇ ਉਨ੍ਹਾਂ ਨੂੰ ਹਲਕੇ ਦੀ ਜਨਤਾ ਨੂੰ ਜਵਾਬ ਜ਼ਰੂਰ ਦੇਣਾ ਪਵੇਗਾ। ਹਲਕੇ ਵਿੱਚ ਟਿਕਟ ਦੀ ਦਾਅਵੇਦਾਰੀ ਕਰਨ ਵਾਲੀ ਟਕਸਾਲੀ ਅਕਾਲੀ ਆਗੂਆਂ ਦੇ ਕਾਫਲੇ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਾਈਕਮਾਨ ਵੱਲੋਂ ਧੋਖਾ ਕਰਨ ਦਾ ਖਮਿਆਜ਼ਾ ਕੈਪਟਨ ਹਰਮਿੰਦਰ ਸਿੰਘ ਨੂੰ ਅਗਾਮੀ ਚੋਣਾਂ ਵਿੱਚ ਭੁਗਤਣਾ ਪਵੇਗਾ।
ਗੌਰਤਲਬ ਇਹ ਵੀ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਦੇ ਬੇਟੇ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਚੋਣ ਲੜਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਸਨ। ਇਸ ਨਾਲ ਹਲਕੇ ਦੀ ਸਥਿਤੀ ਹੋਰ ਗੁੰਝਲਦਾਰ ਬਣਦੀ ਜਾ ਰਹੀ ਹੈ। ਹੁਣ ਊਠ ਕਿਸ ਕਰਵਟ ਬੈਠਦਾ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਹਲਕੇ ਦੇ ਪਿੰਡਾਂ ਦੇ ਵਿੱਚ ਭਾਂਤ-ਭਾਂਤ ਦੀ ਖੁੰਢ ਚਰਚਾ ਜ਼ਰੂਰ ਸ਼ੁਰੂ ਹੋ ਗਈ ਹੈ।