ਨਵੀਂ ਦਿੱਲੀ, 28 ਅਕਤੂਬਰ -ਦਿੱਲੀ ਦੇ ਟਿਕਰੀ ਬਾਰਡਰ ਤੇ ਪਕੌੜਾ ਚੌਕ ਵਿੱਚ ਸਵੇਰੇ ਕਿਸਾਨ ਅੰਦੋਲਨ ਤੋਂ ਘਰ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਔਰਤਾਂ ਨੂੰ ਤੇਜ਼ ਰਫ਼ਤਾਰ ਟਿੱਪਰ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ, ਜਿਨ੍ਹਾਂ ਵਿੱਚ 3 ਔਰਤਾਂ ਦੀ ਮੌਤ ਹੋ ਗਈ ਹੈ ਅਤੇ 2 ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ ਹਨ। ਇਹ ਸਾਰੀਆਂ ਔਰਤਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲੇ ਦੀਆਂ ਹਨ। ਇਹ ਕਈ ਦਿਨਾਂ ਤੋਂ ਦਿੱਲੀ ਦੇ ਕਿਸਾਨ ਅੰਦੋਲਨ ਵਿੱਚ ਭਾਗ ਲੈਣ ਲਈ ਗਈਆ ਹੋਈਆਂ ਸਨ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮ੍ਰਿਤਕ ਔਰਤਾਂ ਵਿੱਚ ਅਮਰਜੀਤ ਕੌਰ (58), ਗੁਰਮੇਲ ਕੌਰ ( 60), ਛਿੰਦਰ ਕੌਰ (61) ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿੱਚ ਗੁਰਮੇਲ ਕੌਰ, ਹਰਜੀਤ ਕੌਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਔਰਤਾਂ ਦਿੱਲੀ ਤੋਂ ਬਹਾਦਰਗੜ੍ਹ ਹੋਕੇ ਪੰਜਾਬ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ ਸਨ ਕਿ ਅਚਾਨਕ ਟਰੱਕ ਨੇ ਬੇਕਾਬੂ ਹੋਕੇ ਇਨ੍ਹਾਂ ਨੂੰ ਦਰੜ ਦਿੱਤਾ। ਟਰੱਕ ਚਾਲਕ ਮੌਕੇ ਤੇ ਦੌੜ ਗਿਆ ਅਤੇ ਪੁਲੀਸ ਨੇ ਆਕੇ ਟਰੱਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਇਸ ਘਟਨਾ ਨੂੰ ਉੱਤਰ ਪ੍ਰਦੇਸ਼ ਦੀ ਲਖੀਮਪੁਰ ਖੀਰੀ ਵਰਗੀ ਵਰਦਾਤ ਨਾਲ ਜੋੜਿਆ ਜਾ ਰਿਹਾ ਹੈ ਅਤੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਦੀ ਜਾਂਚ ਮੁਕੰਮਲ ਹੋਣ ਤੇ ਹੀ ਪੂਰੀ ਅਸਲੀਅਤ ਸਾਹਮਣੇ ਆਵੇਗੀ ਕਿ ਇਹ ਘਟਨਾ ਅਚਾਨਕ ਵਾਪਰੀ ਹੈ ਜਾਂ ਕੋਈ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਸਾਰੇ ਜ਼ਿਲ੍ਹਿਆਂ ਦੇ ਜਥੇਬੰਦਕ ਆਗੂਆਂ ਨੂੰ ਅਪੀਲ ਹੈ ਕਿ ਪੰਜਾਬ ਅੰਦਰ ਚੱਲ ਰਹੇ ਸਾਰੇ ਮੋਰਚਿਆਂ ਵਿੱਚ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇ ਅਤੇ ਮੰਗ ਕੀਤੀ ਜਾਵੇ ਕਿ ਸ਼ਹੀਦਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ, ਹਰ ਪਰਿਵਾਰ ਦਾ ਸਾਰਾ ਕਰਜ਼ਾ ਖ਼ਤਮ ਕੀਤਾ ਜਾਵੇ 1-1 ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਜ਼ਖ਼ਮੀਆਂ ਦੇ ਸਹੀ ਤੇ ਮੁਫ਼ਤ ਇਲਾਜ ਦਾ ਪ੍ਰਬੰਧ ਤੁਰੰਤ ਕੀਤਾ ਜਾਵੇ।