ਨਵੀਂ ਦਿੱਲੀ, 1 ਨਵੰਬਰ- ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਹੁਣ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦੇ ਮੂਡ ਵਿੱਚ ਹਨ। ਅੱਜ ਉਨ੍ਹਾਂ ਟਵੀਟ ਕਰਦਿਆਂ ਸਰਕਾਰ ਨੂੰ ਅਲਟੀਮੇਟਮ ਦੇ ਦਿੱਤਾ ਹੈ। ਆਪਣੇ ਟਵੀਟ ਵਿੱਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲ 26 ਨਵੰਬਰ ਤੱਕ ਦਾ ਸਮਾਂ ਹੈ, ਉਸ ਤੋਂ ਬਾਅਦ 27 ਨਵੰਬਰ ਤੋਂ ਕਿਸਾਨ ਪਿੰਡਾਂ ਤੋਂ ਟਰੈਕਟਰਾਂ ਰਾਹੀਂ ਦਿੱਲੀ ਨੂੰ ਚਾਰੋਂ ਪਾਸਿਓਂ ਅੰਦੋਲਨ ਵਾਲੀ ਥਾਂ ਤੇ ਬਾਰਡਰ ਤੇ ਪਹੁੰਚਣਗੇ ਅਤੇ ਪੱਕੀ ਕਿਲ੍ਹੇਬੰਦੀ ਨਾਲ ਅੰਦੋਲਨ ਅਤੇ ਅੰਦਲੋਨ ਸਥਾਨ ਤੇ ਤੰਬੂਆਂ ਨੂੰ ਮਜ਼ਬੂਤ ਕਰਨਗੇ।
ਜਿਕਰਯੋਗ ਹੈ ਕਿ ਰਾਕੇਸ਼ ਟਿਕੈਤ ਨੇ ਇਸ ਤੋਂ ਪਹਿਲਾਂ ਚਿਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਕਿਸਾਨਾਂ ਨੂੰ ਜੇਕਰ ਬਾਰਡਰਾਂ ਤੋਂ ਜ਼ਬਰਨ ਹਟਾਉਣ ਦੀ ਕੋਸ਼ਿਸ਼ ਹੋਈ ਤਾਂ ਉਹ ਦੇਸ਼ ਭਰ ਵਿੱਚ ਸਰਕਾਰੀ ਦਫ਼ਤਰਾਂ ਨੂੰ ਗੱਲਾ ਮੰਡੀ ਬਣਾ ਦੇਣਗੇ। ਦਿੱਲੀ ਦੇ ਗਾਜ਼ੀਪੁਰ ਅਤੇ ਟਿਕਰੀ ਬਾਰਡਰ ਤੋਂ ਬੈਰੀਕੇਡਜ਼ ਹਟਾਏ ਜਾਣ ਅਤੇ ਰਾਹ ਪੂਰੀ ਤਰ੍ਹਾਂ ਖੋਲ੍ਹੋ ਜਾਣ ਨੂੰ ਲੈ ਕੇ ਕਿਸਾਨ ਆਗੂਆਂ ਅਤੇ ਪੁਲੀਸ ਪ੍ਰਸ਼ਾਸਨ ਵਿਚਾਲੇ ਵਿਵਾਦ ਵਿਚਾਲੇ ਰਾਕੇਸ਼ ਨੇ ਇਹ ਚਿਤਾਵਨੀ ਦਿੱਤੀ ਹੈ। ਇਸ ਤੋਂ ਪਹਿਲਾਂ ਰਾਕੇਸ਼ ਨੇ ਕਿਹਾ ਸੀ ਕਿ ਸਰਕਾਰ ਜਿੱਦ ਛੱਡ ਦੇਵੇ, ਨਹੀਂ ਤਾਂ ਸੰਘਰਸ਼ ਹੋਰ ਤੇਜ਼ ਹੋਵੇਗਾ।
ਜਿਕਰਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਸਾਲ 26 ਨਵੰਬਰ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ ਤੇ ਡਟੇ ਹੋਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਉਸ ਦਾ ਕੋਈ ਨਤੀਜਾ ਨਹੀਂ ਨਿਕਲ ਸਕਿਆ। ਮਾਮਲਾ ਸੁਪਰੀਮ ਕੋਰਟ ਵੀ ਪਹੁੰਚਿਆ ਪਰ ਹੱਲ ਅਜੇ ਤੱਕ ਨਹੀਂ ਨਿਕਲ ਸਕਿਆ ਹੈ।