ਨਵੀਂ ਦਿੱਲੀ, 12 ਨਵੰਬਰ -ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਮਾਮਲੇ ਦੀ ਅੱਜ ਹੋਣ ਵਾਲੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਅੱਜ ਸੁਪਰੀਮ ਕੋਰਟ ਵਿੱਚ ਹੋਣੀ ਸੀ ਪਰ ਇਸ ਨੂੰ 15 ਨਵੰਬਰ ਤੱਕ ਟਾਲ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਦੀ ਬੇਨਤੀ ਤੇ ਸੁਣਵਾਈ ਟਾਲ ਦਿੱਤੀ ਗਈ ਹੈ। ਯੂਪੀ ਵੱਲੋਂ ਪੇਸ਼ ਹੋਏ ਵਕੀਲ ਨੇ 15 ਨਵੰਬਰ ਤੱਕ ਦਾ ਸਮਾਂ ਮੰਗਿਆ ਸੀ। ਪਿਛਲੀ ਸੁਣਵਾਈ ਵਿੱਚ ਐਸ ਆਈ ਟੀ ਦੀ ਜਾਂਚ ਤੇ ਅਸੰਤੁਸ਼ਟੀ ਜ਼ਾਹਰ ਕਰਦੇ ਹੋਏ ਉੱਚ ਅਦਾਲਤ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਕਿਹਾ ਸੀ ਕਿ ਕਿਉਂ ਨਾ ਇਸ ਦੀ ਜਾਂਚ ਸੂਬੇ ਤੋਂ ਬਾਹਰੋਂ ਆਏ ਹਾਈ ਕੋਰਟ ਦੇ ਸੇਵਾਮੁਕਤ ਜੱਜ ਤੋਂ ਕਰਵਾਈ ਜਾਵੇ। ਅੱਜ ਯੂਪੀ ਸਰਕਾਰ ਦੇ ਵਕੀਲ ਹਰੀਸ਼ ਸਾਲਵੇ ਨੇ ਸਮਾਂ ਮੰਗਿਆ ਹੈ। ਅਦਾਲਤ ਨੇ ਇਸ ਨੂੰ ਸਵੀਕਾਰ ਕਰ ਲਿਆ। ਉੱਤਰ ਪ੍ਰਦੇਸ਼ ਸਰਕਾਰ ਨੇ ਜਾਂਚ ਪ੍ਰਕਿਰਿਆ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਨਾ ਸੀ।
ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਅਦਾਲਤ ਨੂੰ 15 ਨਵੰਬਰ ਤੱਕ ਦਾ ਸਮਾਂ ਦੇਣ ਦੀ ਬੇਨਤੀ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਜਿਕਰਯੋਗ ਹੈ ਕਿ ਇਹ ਮਾਮਲਾ ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ ਨਾਲ ਸਬੰਧਤ ਹੈ, ਜਿਸ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਚਾਰ ਕਿਸਾਨਾਂ ਸਮੇਤ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਉਰਫ਼ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫੋਰੈਂਸਿਕ ਲੈਬ (ਐਫ. ਐਸ. ਐਲ.) ਦੀ ਰਿਪੋਰਟ ਵਿੱਚ ਵੀ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਮੰਤਰੀ ਦੇ ਪੁੱਤਰ ਵੱਲੋਂ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਗਈ ਸੀ।