ਨਵੀਂ ਦਿੱਲੀ, 24 ਨਵੰਬਰ – ਸਾਬਕਾ ਕ੍ਰਿਕਟਰ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ। ਇਸ ਸਬੰਧੀ ਗੋਤਮ ਗੰਭੀਰ ਵੱਲੋਂ ਦਿੱਲੀ ਪੁਲੀਸ ਨਾਲ ਸੰਪਰਕ ਕਰਕੇ ਸ਼ਿਕਾਇਤ ਦਰਜ ਕਰਵਾਈ ਹੈ ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਆਈ. ਐਸ. ਆਈ. ਐਸ. ਕਸ਼ਮੀਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।
ਗੰਭੀਰ ਦੇ ਪੀ. ਐਸ. ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਸਾਨੂੰ 23 ਨਵੰਬਰ ਰਾਤ 9 ਵੱਜ ਕੇ 32 ਮਿੰਟ ਤੇ ਸੰਸਦ ਮੈਂਬਰ ਗੌਤਮ ਗੰਭੀਰ ਦੀ ਅਧਿਕਾਰਤ ਆਈ. ਡੀ. ਤੇ ਆਈ. ਐੱਸ. ਆਈ. ਐਸ.-ਕਸ਼ਮੀਰ ਤੋਂ ਇੱਕ ਈ-ਮੇਲ ਪ੍ਰਾਪਤ ਹੋਈ ਹੈ, ਜਿਸ ਵਿੱਚ ਲਿਖਿਆ ਹੈ, ਅਸੀਂ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਮਾਰਨ ਜਾ ਰਹੇ ਹਾਂ।
ਡਿਪਟੀ ਕਮਿਸ਼ਨਰ ਆਫ ਪੁਲੀਸ (ਸੈਂਟਰਲ) ਸ਼ਵੇਤਾ ਚੌਹਾਨ ਨੇ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਗੌਤਮ ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਜਿਕਰਯੌਗ ਹੈ ਕਿ ਇਸ ਤੋਂ ਪਹਿਲਾਂ ਦਸੰਬਰ 2019 ਵਿੱਚ ਵੀ ਗੰਭੀਰ ਨੇ ਦਿੱਲੀ ਪੁਲੀਸ ਨਾਲ ਸੰਪਰਕ ਕੀਤਾ ਸੀ ਅਤੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਇੱਕ ਅੰਤਰਰਾਸ਼ਟਰੀ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੇ ਉਦੋਂ ਪੁਲੀਸ ਨੂੰ ਮਾਮਲਾ ਦਰਜ ਕਰਨ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਯਕੀਨੀ ਕਰਨ ਦੀ ਵੀ ਅਪੀਲ ਕੀਤੀ ਸੀ।