ਨਵੀਂ ਦਿੱਲੀ, 25 ਨਵੰਬ-ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਦੀ ਅਗਵਾਈ ਵਾਲੀ ਦਿੱਲੀ ਵਿਧਾਨ ਸਭਾ ਦੀ ਪੀਸ ਐਂਡ ਹਾਰਮਨੀ ਕਮੇਟੀ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਤਲਬ ਕੀਤਾ ਹੈ। ਪੈਨਲ ਦੇ ਚੇਅਰਪਰਸਨ ਰਾਘਵ ਚੱਢਾ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਨੇ ਕੰਗਨਾ ਨੂੰ ਇੰਟਰਨੈੱਟ ਮੀਡੀਆ ਤੇ ਕਥਿਤ ਨਫ਼ਰਤ ਭਰੀ ਪੋਸਟ ਲਈ ਤਲਬ ਕੀਤਾ ਹੈ।
ਪੈਨਲ ਦੁਆਰਾ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਕਮੇਟੀ ਨੇ ਕੰਗਨਾ ਰਣੌਤ ਨੂੰ ਉਸ ਦੁਆਰਾ ਪੋਸਟ ਕੀਤੀ ਕਥਿਤ ਇਤਰਾਜ਼ਯੋਗ ਅਤੇ ਅਪਮਾਨਜਨਕ ਇੰਸਟਾਗ੍ਰਾਮ ਸਟੋਰੀ ਦਾ ਹਵਾਲਾ ਦਿੰਦੇ ਹੋਏ ਸ਼ਿਕਾਇਤਾਂ ਦੇ ਆਧਾਰ ਤੇ 6 ਦਸੰਬਰ ਨੂੰ ਉਸ ਨੂੰ ਤਲਬ ਕਰਨ ਲਈ ਇਕ ਨੋਟਿਸ ਜਾਰੀ ਕੀਤਾ ਹੈ। ਸ਼ਿਕਾਇਤਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕੰਗਨਾ ਰਣੌਤ ਨੇ ਆਪਣੀ ਸਟੋਰੀ ਵਿੱਚ ਸਿੱਖ ਭਾਈਚਾਰੇ ਨੂੰ ਖਾਲਿਸਤਾਨੀ ਅੱਤਵਾਦੀ ਕਰਾਰ ਦਿੱਤਾ ਹੈ। ਇਸ ਨੂੰ ਲੈ ਕੇ ਮੁੰਬਈ ਵਿੱਚ ਕੰਗਨਾ ਰਣੌਤ ਖ਼ਿਲਾਫ਼ ਐੱਫ. ਆਈ. ਆਰ. ਵੀ ਦਰਜ ਹੋ ਚੁੱਕੀ ਹੈ।
ਸੰਮਨ ਮੁਤਾਬਕ ਅਦਾਕਾਰਾ ਕੰਗਨਾ ਰਣੌਤ ਨੂੰ ਅਗਲੇ ਮਹੀਨੇ 6 ਦਸੰਬਰ ਨੂੰ ਦੁਪਹਿਰ 12 ਵਜੇ ਤੱਕ ਦਿੱਲੀ ਵਿਧਾਨ ਸਭਾ ਦੀ ਪੀਸ ਐਂਡ ਹਾਰਮਨੀ ਕਮੇਟੀ ਦੇ ਸਾਹਮਣੇ ਪੇਸ਼ ਹੋਣਾ ਹੋਵੇਗਾ। ਇਸ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਰਾਘਵ ਚੱਢਾ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਦਾ ਸਿੱਖਾਂ ਪ੍ਰਤੀ ਬਿਆਨ ਇਤਰਾਜ਼ਯੋਗ ਹੈ, ਇਸ ਲਈ ਸੰਮਨ ਜਾਰੀ ਕੀਤਾ ਗਿਆ ਹੈ।
ਜਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਦਰ ਮਾਰਗ ਪੁਲੀਸ ਸਟੇਸ਼ਨ ਦੇ ਸਾਈਬਰ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ਅਨੁਸਾਰ, ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਅਜਿਹੀਆਂ ਪੋਸਟਾਂ ਜਾਣਬੁੱਝ ਕੇ ਪਾਈਆਂ ਗਈਆਂ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਵੀ ਸਾਂਝਾ ਕੀਤਾ ਗਿਆ।
ਦਿੱਲੀ ਅਸੈਂਬਲੀ ਦੀ ਪੀਸ ਐਂਡ ਹਾਰਮਨੀ ਕਮੇਟੀ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਤੇ ਕੀਤੀ ਇਕ ਪੋਸਟ ਵਿੱਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਦਿੱਲੀ ਬਾਰਡਰ ਤੇ ਬੈਠੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਖਾਲਿਸਤਾਨੀ ਅੰਦੋਲਨ ਦੱਸਿਆ ਸੀ। ਇਸ ਦੇ ਨਾਲ ਹੀ ਕੰਗਨਾ ਨੇ ਸਿੱਖ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਅਤੇ ਭੱਦੀ ਭਾਸ਼ਾ ਦੀ ਵਰਤੋਂ ਕੀਤੀ ਸੀ।